ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 4 ਮਾਰਚ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫੈਸਲਾ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ (ਆਪ) ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਰਾਜਪਾਲ ਦੇ ਨਾਂ ਪੱਤਰ ਭੇਜਿਆ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੀ ਨੁਮਾਇੰਦਗੀ ਦੇ ਫੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਡੀਸੀ ਦਫ਼ਤਰ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਤੇ ਜ਼ਿਲ੍ਹਾ ਕਾਰਜ਼ਾਕਰਨੀ ਦੇ ਮੈਂਬਰ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ‘ਆਪ’ ਦੇ ਉਮੀਦਵਾਰ ਡਾ. ਕੇਐਨਐਸ ਕੰਗ, ਗੁਰਪ੍ਰੀਤ ਗੋਗੀ, ਜ਼ਿਲ੍ਹਾ ਸਕੱਤਰ ਸ਼ਰਨਪਾਲ ਸਿੰਘ ਨੇ ਕਿਹਾ ਕਿ1966 ਵਿੱਚ ਪੰਜਾਬ ਪੁਨਰਗਠਨ ਐਕਟ ਦੌਰਾਨ ਹੀ ਬੀਬੀਐੱਮਬੀ ਦੀ ਸਥਾਪਨਾ ਹੋਈ ਸੀ, ਜਿਸ ਵਿੱਚ ਚੇਅਰਮੈਨ ਤੇ ਦੋ ਮੈਂਬਰ ਲਏ ਜਾਣ ਦੀ ਵਿਵਸਥਾ ਕੀਤੀ ਗਈ ਸੀ। 1967 ਤੋਂ ਹੀ ਇਸ ਵੱਡੇ ਸੂਬੇ ਤੇ ਹਿੱਸੇਦਾਰ ਹੋਣ ਦੇ ਨਾਤੇ ਪੰਜਾਬ ਅਤੇ ਹਰਿਆਣਾ ਤੋਂ ਹੀ ਲਏ ਜਾਂਦੇ ਰਹੇ ਹਨ। ਇਨ੍ਹਾਂ ਵਿੱਚੋਂ ਵੱਡੇ ਤੇ ਵੱਧ ਹਿੱਸੇ ਪੰਜਾਬ ਨੂੰ ਪਹਿਲੇ ਨੰਬਰ ’ਤੇ ਰੱਖਿਆ ਜਾਂਦਾ ਹੈ ਤੇ ਖ਼ਰਚਾ ਵੀ ਪੰਜਾਬ ਹੀ ਕਰਦਾ ਰਿਹਾ ਹੈ ਪਰ ਹੁਣ ਬੀਬੀਐੱਮਬੀ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਬੀਬੀਐੱਮਬੀ ਵਿੱਚੋਂ ਪੰਜਾਬ ਦੀ ਧਰਤੀ ’ਤੇ ਖੜ੍ਹਾ ਹੋਇਆ ਉਹ ਪ੍ਰਬੰਧਨ ਹੈ, ਜਿਸ ਵਿੱਚੋਂ ਪੰਜਾਬ ਨੂੰ ਹੀ ਬਾਹਰ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਾਣ ਬੁੱਝ ਕੇ ਪੰਜਾਬ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਲਈ ਵੱਡੇ-ਵੱਡੇ ਵਾਅਦੇ ਕਰ ਰਹੀ ਸੀ, ਪਰ ਅਸਲ ਵਿੱਚ ਚੋਣਾਂ ਲੰਘਦੇ ਹੀ ਕੇਂਦਰ ਸਰਕਾਰ ਨੇ ਆਪਣਾ ਅਸਲੀ ਚਿਹਰੇ ਜਨਤਾ ਦੇ ਸਾਹਮਣੇ ਲਿਆ ਦਿੱਤਾ ਹੈ। ਬੀਬੀਐੱਮਬੀ ਵਿੱਚੋਂ ਪੰਜਾਬ ਨੂੰ ਕੱਢਣਾ ਸਿੱਧੇ ਤੌਰ ’ਤੇ ਪੰਜਾਬ ਦੇ ਜਨਤਾ ਦੇ ਹੱਕਾਂ ’ਤੇ ਡਾਕਾ ਮਾਰਨ ਦੇ ਬਰਾਬਰ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ‘ਆਪ’ ਦੇ ਵਰਕਰ ਮੌਜੂਦ ਸਨ।