ਸਰਬ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪ੍ਰਦਰਸ਼ਨ
ਸਤਵਿੰਦਰ ਬਸਰਾ
ਸਰਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਅੱਜ ਆਪਣੀਆਂ ਮੰਗਾਂ ਮਨਵਾਉਣ ਲਈ ਲੁਧਿਆਣਾ ਵਿੱਚ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਇੱਕ ਪੱਤਰ ਵੀ ਭੇਜਿਆ। ਆਂਗਣਵਾੜੀ ਮੁਲਾਜ਼ਮਾਂ/ਵਰਕਰਾਂ ਦਾ ਕਹਿਣਾ ਸੀ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਮਨਵਾੳਣ ਲਈ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀ ਹਾਲਾਂ ਤੱਕ ਸੁਣਵਾਈ ਨਹੀਂ ਹੋਈ ਜਿਸ ਕਰਕੇ ਮਜ਼ਬੂਰ ਹੋ ਕੇ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਕਰਨਾ ਪਿਆ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਆਂਗਣਵਾਨ ਆਗੂਆਂ ਨੇ ਸੂਬਾ ਸਰਕਾਰ ਨੂੰ ਯਾਦ ਦਿਵਾਇਆ ਕਿ ਮਾਨ ਸਰਕਾਰ ਨੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕਰਨਾ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਹਾਲਾਂ ਤੱਕ ਅਧੂਰਾ ਪਿਆ ਹੈ। ਨਵੀਂ ਸਿੱਖਿਆ ਨੀਤੀ-2020 ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜ਼ਾ ਦਿੱਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਸਕੂਲਾਂ ਤੋਂ ਲੈ ਕੇ ਆਂਗਣਵਾੜੀ ਸੈਂਟਰਾਂ ਵਿੱਚ ਵਾਪਸ ਭੇਜਿਆ ਜਾਵੇ।
ਆਂਗਣਵਾੜੀ ਸੈਂਟਰਾਂ ਵਿੱਚ ਲਾਭਪਾਤਰੀਆਂ ਨੂੰ ਮਿਲਣ ਵਾਲੀ ਐਸਐਨਪੀ ਵਿੱਚ ਸਮੇਂ ਸਮੇਂ ’ਤੇ ਬਦਲਾਅ ਕੀਤਾ ਜਾਵੇ ਅਤੇ ਇਸ ਦੀ ਗੁਣਵੱਤਾ ਵਿੱਚ ਵੀ ਵਾਧਾ ਕੀਤਾ ਜਾਵੇ। ਅੰਮ੍ਰਿਤਸਰ ਜ਼ਿਲ੍ਹੇ ਦੇ ਬਲਾਕ ਚੋਗਾਵਾਂ ਵਿੱਚ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾਵੇ। ਵਰਕਰਾਂ ਅਤੇ ਹੈਲਪਰਾਂ ਨੂੰ ਸੇਵਾ ਮੁਕਤੀ ਦੌਰਾਨ ਮਿਲਣ ਵਾਲੀ ਗਰੈਚੁਟੀ ਨੂੰ ਵਧਾ ਕੇ ਵਰਕਰਾਂ ਅਤੇ ਹੈਲਪਰਾਂ ਨੂੰ 2.5 ਲੱਖ ਕੀਤਾ ਜਾਵੇ। ਆਂਗਣਵਾੜੀ ਸੈਂਟਰਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਪੋਸ਼ਣ ਟਰੈਕਰ ਦਾ ਕੰਮ ਕਰਾਉਣ ਲਈ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ। ਆਗੂਆਂ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਪੋਸਟਾਂ ਨੂੰ ਜਲਦੀ ਤੋਂ ਜਲਦੀ ਭਰਨ, ਆਸ਼ਰਿਤ ਕੋਟੇ ਬਦਲੀਆਂ ਤੇ ਤਰੱਕੀਆਂ ਤੇ ਲੱਗੀ ਰੋਕ ਹਟਾਉਣ, ਬਾਲ ਵਿਕਾਸ ਦਫਤਰਾਂ ਵਿੱਚ ਖਾਲੀ ਪੋਸਟਾਂ ਨੂੰ ਤੁਰੰਤ ਭਰਨ, ਸੁਪਰਵਾਈਜ਼ਰ ਦੀ ਭਰਤੀ ਦੌਰਾਨ ਵਿਦਿਅਕ ਯੋਗਤਾ ਨੂੰ ਵਿਚਾਰਣ, ਬਿਨਾਂ ਤਨਖਾਹ ਛੁੱਟੀ ਦੀ ਮੰਗ ਨੂੰ ਬਹਾਲ ਕੀਤੇ ਜਾਣ, ਆਂਗਣਵਾੜੀ ਸੈਂਟਰਾਂ ਵਿੱਚ ਬਿਜਲੀ ਦੇ ਮੀਟਰ ਲਾਏ ਜਾਣ, ਆਂਗਣਵਾੜੀ ਵਰਕਰਾਂ ਨੂੰ ਐਡੀਸ਼ਨਲ ਚਾਰਜ ਲਈ ਮਿਲ ਰਹੀ ਰਕਮ 50 ਰੁਪਏ ਤੋਂ ਵਧਾ ਕੇ 5000 ਰੁਪਏ ਕੀਤਾ ਜਾਵੇ। ਰੋਸ ਪ੍ਰਦਰਸ਼ਨ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਮੁੱਖ ਮੰਤਰੀ ਨੂੰ ਮੀਟਿੰਗ ਲਈ ਸਮਾਂ ਦੇਣ ਦੀ ਵੀ ਮੰਗ ਵੀ ਕੀਤੀ। ਇਸ ਮੌਕੇ ਇੰਨਾਂ ਵੱਲੋਂ ਫਿਰੋਜ਼ਪੁਰ ਰੋਡ ’ਤੇ ਕੁੱਝ ਸਮੇਂ ਲਈ ਟ੍ਰੈਫਿਕ ਵੀ ਰੋਕਿਆ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਹਰਿੰਦਰਜੀਤ ਕੌਰ, ਹਰਪ੍ਰੀਤ ਕੌਰ, ਜਨਰਲ ਸਕੱਤਰ, ਹਰਪ੍ਰੀਤ ਕੌਰ, ਮਧੂ, ਜ਼ਿਲ੍ਹਾ ਪ੍ਰਧਾਨ ਸਤਵਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ ’ਚ ਯੂਨੀਅਨ ਕਾਰਕੁਨ ਹਾਜ਼ਰ ਸਨ।