ਦੇਵਿੰਦਰ ਸਿੰਘ ਜੱਗੀ
ਪਾਇਲ, 9 ਜੂਨ
ਇੱਥੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਸਿਵਲ ਹਸਪਤਾਲ ਵਿੱਚ ਪ੍ਰਧਾਨ ਹਰਪ੍ਰੀਤ ਕੌਰ ਭੱਠਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਕਰੋਨਾ ਭੱਤਾ ਖਤਮ ਕਰਨ ਅਤੇ ਆਨਰੇਰੀਅਮ ਫਿਕਸ ਦੇਣ ਸਬੰਧੀ ਸ਼ਰਤਾਂ ਵਾਪਸ ਕਰਾਉਣ ਲਈ ਸੰਘਰਸ਼ ਕਰਦਿਆਂ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਚਾਪੜਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਖਾਧੀਆਂ ਕਸਮਾਂ ਨੂੰ ਤਿਲਾਂਜਲੀ ਦਿੰਦਿਆਂ ਮੁਲਾਜ਼ਮ ਵਿਰੋਧੀ ਫ਼ੈਸਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੋ ਮੁਲਾਜ਼ਮ ਵਿਰੋਧੀ ਫ਼ੈਸਲੇ ਕੀਤੇ ਹਨ ਜਿਨ੍ਹਾਂ ’ਚੋਂ ਪਿਛਲੇ ਲੰਮੇ ਸਮੇਂ ਤੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮਿਲ ਰਿਹਾ 2500 ਰੁਪਏ ਕੋਵਿਡ ਅਤੇ 10000 ਰੁਪਏ ਸਪੈਸ਼ਲ ਭੱਤਾ ਬੰਦ ਕਰ ਦਿੱਤਾ ਗਿਆ ਹੈ ਜਦਕਿ ਕਰੋਨਾ ਦਾ ਕੰਮ ਉਸੇ ਤਰ੍ਹਾਂ ਜਾਰੀ ਹੈ। ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਉਜਰਤ ਵਿੱਚ ਵਾਧਾ ਕਰਨਾ ਬਣਦਾ ਸੀ ਪਰ ਭਗਵੰਤ ਮਾਨ ਸਰਕਾਰ ਵੱਲੋਂ ਪਹਿਲਾਂ ਤੋਂ ਮਿਲ ਰਿਹਾ ਭੱਤਾ ਵੀ ਕੱਟ ਦਿੱਤਾ ਗਿਆ ਹੈ। ਯੂਨੀਅਨ ਨੇ ਮੰਗ ਕੀਤੀ ਕਿ ਇਸ ਬੰਦ ਕੀਤੇ ਗਏ ਕਰੋਨਾ ਭੱਤੇ ਨੂੰ ਮੁੜ ਤੋਂ ਲਾਗੂ ਕੀਤਾ ਜਾਵੇ ਤੇ 7-1-22 ਤੋਂ ਨੋਟੀਫਿਕੇਸ਼ਨ ਇੰਨ-ਬਿੰਨ ਲਾਗੂ ਕੀਤਾ ਜਾਵੇ। ਇਸ ਦੌਰਾਨ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਭੱਤਾ ਲਾਗੂ ਨਾ ਕੀਤਾ ਗਿਆ ਅਤੇ ਆਨਰੇਰੀਅਮ ਫਿਕਸ ਨੋਟੀਫਿਕੇਸ਼ਨ ’ਤੇ ਲਾਈਆਂ ਪਾਬੰਦੀਆਂ ਨੂੰ ਨਾ ਹਟਾਇਆ ਗਿਆ ਤਾਂ 10 ਜੂਨ ਤੱਕ ਪੰਜਾਬ ਭਰ ਵਿੱਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਜੇਕਰ ਫਿਰ ਵੀ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 17 ਜੂਨ ਨੂੰ ਸੰਗਰੂਰ ਵਿੱਚ ਮਹਾਂ ਰੈਲੀ ਕੀਤੀ ਜਾਵੇਗੀ।