ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਅਕਤੂਬਰ
ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੀ ਟੀਚਰਜ਼ ਅਤੇ ਨਾਨ-ਟੀਚਿੰਗ ਐਸ਼ੋਸੀਏਸ਼ਨਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨੇ ਦੌਰਾਨ ਅਧਿਆਪਕ ਅਤੇ ਮੁਲਾਜ਼ਮ ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਨਵੇਂ ਪੱਕੇ ਕੀਤੇ ਮੁਲਾਜ਼ਮਾਂ ਪੂਰੀਆਂ ਸਹੂਲਤਾਂ ਦੇਣ ਦੀ ਮੰਗ ਕਰ ਰਹੇ ਸਨ।
ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦੀਪਇੰਦਰ ਸਿੰਘ ਅਤੇ ਨਾਨ ਟੀਚਿੰਗ ਸਟਾਫ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ, ਸੈਕਟਰੀ ਧਰੁਵ ਪੰਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪਰ ਮਜ਼ਬਰੂ ਹੋ ਕਿ ਉਨ੍ਹਾਂ ਨੂੰ ਇਹ ਸ਼ਾਂਤਮਈ ਧਰਨਾ ਦੇਣਾ ਪਿਆ ਹੈ। ਮੁਲਾਜ਼ਮਾਂ ਵੱਲੋਂ ਨਵੀਂ ਪੇ ਸਕੇਲ ਅਨੁਸਾਰ ਤਨਖਾਹ ਦੇਣ, ਡੀਏ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮੁਲਾਜ਼ਮਾਂ ਨੂੰ ਤਰੱਕੀ ਦੇਣ, ਨਵੇਂ ਪੱਕੇ ਕੀਤੇ ਮੁਲਾਜ਼ਮਾਂ ਨੂੰ ਸਾਰੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇੱਥੇ ਦੱਸਣਯੋਗ ਹੈ ਕਿ ਸਬੰਧਤ ਕਾਲਜ ਟਰੱਸਟ ਵੱਲੋਂ ਚਲਾਇਆ ਜਾ ਰਿਹਾ ਹੈ ਜਿਸ ਕਰਕੇ ਸਰਕਾਰ ਵੱਲੋਂ ਕੋਈ ਗਰਾਂਟ ਵਗੈਰ ਨਹੀਂ ਮਿਲਦੀ। ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਹੋਰ ਭੱਤੇ ਟਰੱਸਟ ਵੱਲੋਂ ਹੀ ਦਿੱਤੇ ਜਾਂਦੇ ਹਨ।
ਕਰੋਨਾ ਕਾਲ ਦੌਰਾਨ ਸਰਕਾਰ ਨੇ ਰੋਕਿਆ ਡੀਏ: ਪ੍ਰਿੰਸੀਪਲ
ਕਾਲਜ ਪ੍ਰਿੰਸੀਪਲ ਸਹਿਜਪਾਲ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਕਰੋਨਾ ਕਾਲ ਦੌਰਾਨ ਸਰਕਾਰ ਨੇ ਡੀਏ ਵਗੈਰਾ ਰੋਕ ਦਿੱਤੇ ਸਨ, ਜੋ ਬਾਅਦ ਵਿੱਚ ਜਾਰੀ ਵੀ ਕਰ ਦਿੱਤੇ ਗਏ। ਕਾਲਜ ਦੇ ਪੱਕੇ ਮੁਲਾਜ਼ਮਾਂ ਨੂੰ 142 ਫੀਸਦੀ ਡੀਏ ਦਿੱਤਾ ਜਾ ਰਿਹਾ ਹੈ, ਜਦਕਿ 6 ਫੀਸਦੀ ਡੀਏ ਹੀ ਬਾਕੀ ਹੈ। ਕਾਲਜ ਵਿੱਚ ਮੁਲਾਜ਼ਮਾਂ ਦੀ ਕੁੱਲ ਗਿਣਤੀ 400 ਦੇ ਲਗਭਗ ਹੈ, ਜਦਕਿ ਅਜਿਹੇ ਪੱਕੇ ਮੁਲਾਜ਼ਮ ਸਿਰਫ 100 ਤੋਂ 125 ਦੇ ਕਰੀਬ ਹੀ ਹਨ।