ਡੀਪੀਐੱਸ ਬੱਤਰਾ
ਸਮਰਾਲਾ, 9 ਨਵੰਬਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਦੇ ਨਰਸਿੰਗ ਸਟਾਫ਼ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਸਮੂਹ ਨਰਸਿੰਗ ਸਟਾਫ਼ ਨੇ ਹੜਤਾਲ ’ਤੇ ਜਾਣ ਦਾ ਐਲਾਨ ਕਰਦੇ ਹੋਏ ਐਮਰਜੈਂਸੀ ਸੇਵਾਵਾਂ ਵੀ ਨਾ ਨਿਭਾਉਣ ਦਾ ਫ਼ੈਸਲਾ ਲਿਆ ਹੈ। ਅੱਜ ਇਥੇ ਸਿਵਲ ਹਸਪਤਾਲ ਵਿੱਚ ਸਮੂਹ ਨਰਸਿੰਗ ਸਟਾਫ਼ ਨੇ ਹੜਤਾਲ ਕਰਦੇ ਹੋਏ ਸਰਕਾਰ ਖ਼ਿਲਾਫ਼ ਧਰਨਾ ਦਿੰਦੇ ਹੋਏ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਉਨ੍ਹਾਂ ਦੀਆਂ ਹੋਰ ਸਾਰੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ। ਇਸ ਦੌਰਾਨ ਸਰਕਾਰ ਨੂੰ ਚਿਤਵਾਨੀ ਦਿੰਦੇ ਹੋਏ ਮੰਗਾਂ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਦੀ ਇਹ ਹੜਤਾਲ ਜਾਰੀ ਰੱਖਣ ਅਤੇ ਐਮਰਜੈਂਸੀ ਸੇਵਾਵਾਂ ਵੀ ਨਾ ਨਿਭਾਉਣ ਦਾ ਐਲਾਨ ਕੀਤਾ ਗਿਆ। ਹੜਤਾਲ ’ਤੇ ਬੈਠੀਆਂ ਨਰਸਾਂ ਨੇ ਇਹ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰੇਗੀ, ਉਦੋਂ ਤੱਕ ਨਰਸਿੰਗ ਸਟਾਫ ਆਪਣਾ ਕੰਮ ਇਸੇ ਤਰ੍ਹਾਂ ਠੱਪ ਰੱਖੇਗਾ, ਜਿਸ ਵਿੱਚ ਐਮਰਜੈਂਸੀ ਸੇਵਾਵਾਂ ਠੱਪ ਕਰਨਾ ਵੀ ਸ਼ਾਮਲ ਹੈ। ਨਰਸਿੰਗ ਐਸੋਸੀਏਸ਼ਨ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੇ ਨੋਟੀਫਿਕੇਸ਼ਨ ’ਚ ਸੋਧ, ਡਾਈਟ, ਯੂਨੀਫਾਰਮ ਸਮੇਤ ਨਾਈਟ ਡਿਊਟੀ ਟਰੈਵਲਿੰਗ ਅਲਾਊਂਸ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਮੁੱਖ ਮੰਗਾਂ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਅਤੇ ਆਊਟਸੋਰਸਿੰਗ ਅਤੇ ਕਰੋਨਾ ਕਾਲ ਵਿੱਚ ਰੱਖੇ ਗਏ ਸਟਾਫ ਦੀਆਂ ਸੇਵਾਵਾਂ ਰੈਗੂਲਰ ਕਰਨਾ ਵੀ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਐੱਸਐੱਮਓ ਤਾਰਿਕਜੋਤ ਸਿੰਘ ਨੂੰ ਸੌਂਪਿਆ।