ਪਰਿਵਾਰ ਵੱਲੋਂ ਪੁਲੀਸ ’ਤੇ ਜਬਰੀ ਗ਼ੈਰਕਾਨੂੰਨੀ ਹਿਰਾਸਤ ਵਿੱਚ ਰੱਖਣ ਦਾ ਦੋਸ਼
ਸਮੇਂ ਸਿਰ ਇਲਾਜ ਨਾ ਹੋਣ ’ਤੇ ਨੌਂ ਸਾਲ ਦੀ ਬੱਚੀ ਦੀ ਮੌਤ ਹੋਣ ਕਾਰਨ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਅੱਜ ਬੱਚੀ ਦੀ ਲਾਸ਼ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੱਖ ਕੇ ਪ੍ਰਦਰਸ਼ਨ ਕੀਤਾ। ਇਸ ਬਾਰੇ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਮੌਕੇ ’ਤੇ ਪਹੁੰਚੀ ਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ਜਾਂਚ ਦਾ ਭਰੋਸਾ ਦਿੱਤੇ ਜਾਣ ਮਗਰੋਂ ਪਰਿਵਾਰ ਨੇ ਪ੍ਰਦਰਸ਼ਨ ਸਮਾਪਤ ਕੀਤਾ। ਮ੍ਰਿਤਕ ਬੱਚੀ ਅਨੰਨਿਆ ਦੇ ਪਿਤਾ ਬੱਚੇ ਲਾਲ ਨੇ ਦੋਸ਼ ਲਾਇਆ ਹੈ ਕਿ ਪੁਲੀਸ ਨੇ ਉਸ ਨੂੰ ਬਿਨਾਂ ਕਾਰਨ ਘਰੋਂ ਚੁੱਕ ਲਿਆ ਤੇ ਤਿੰਨ ਦਿਨ ਥਾਣੇ ਰੱਖਿਆ। ਇਸ ਦੌਰਾਨ ਘਰ ਵਿੱਚ ਮੌਜੂਦ ਬਿਮਾਰੀ ਧੀ ਦੀ ਹਾਲਤ ਗੰਭੀਰ ਸੀ ਤੇ ਦਿਵਾਈ ਨਾ ਮਿਲਣ ਕਾਰਨ ਉਸ ਦੀ ਮੌਤ ਹੋ ਗਈ।
ਬੱਚੇ ਲਾਲ ਨੇ ਦੱਸਿਆ ਕਿ ਉਹ ਰਿਕਸ਼ਾ ਚਲਾਉਂਦਾ ਹੈ ਤੇ ਉਸ ਦੇ ਪਿੰਡ ਦਾ ਨੌਜਵਾਨ ਸੰਨੀ ਪਿਛਲੇ ਦਿਨੀਂ ਇੱਕ ਕੁੜੀ ਨੂੰ ਘਰੋਂ ਭਜਾ ਕੇ ਲੈ ਗਿਆ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਉਸ ਨੂੰ ਘਰੋਂ ਚੁੱਕ ਲਿਆ ਤੇ ਕੁੱਟਮਾਰ ਕੀਤੀ। ਇਹ ਸਭ ਵੇਖ ਕੇ ਉਸ ਦੀ ਬਿਮਾਰ ਬੱਚੀ ਹੋਰ ਦਹਿਲ ਗਈ ਤੇ ਉਸ ਦੀ ਹਾਲਤ ਵਿਗੜ ਗਈ। ਬੱਚਾ ਲਾਲ ਨੇ ਦੱਸਿਆ ਕਿ ਉਸ ਨੂੰ ਤਿੰਨ ਦਿਨ ਹਿਰਾਸਤ ਵਿੱਚ ਰੱਖਿਆ ਗਿਆ ਜਿਸ ਕਾਰਨ ਉਹ ਆਪਣੀ ਧੀ ਨੂੰ ਦਵਾਈ ਨਾ ਦਿਵਾ ਸਕਿਆ ਤੇ ਉਸ ਦੀ ਮੌਤ ਹੋ ਗਈ। ਜਦੋਂ ਪੁਲੀਸ ਨੂੰ ਪਤਾ ਲੱਗਿਆ ਕਿ ਬੱਚੀ ਦੀ ਮੌਤ ਹੋੋ ਗਈ ਹੈ ਤਾਂ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਪਰਿਵਾਰ ਨੇ ਦੋਸ਼ ਲਾਇਆ ਕਿ ਅਨੰਨਿਆ ਇਕਲੌਤੀ ਧੀ ਸੀ ਤੇ ਪੁਲੀਸ ਦੀ ਗਲਤ ਕਾਰਵਾਈ ਕਾਰਨ ਉਸ ਦੀ ਜਾਨ ਗਈ ਹੈ। ਉਨ੍ਹਾਂ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਉਕਤ ਵਿਅਕਤੀ ਨੂੰ ਲਿਆਂਦਾ ਗਿਆ ਸੀ। ਬੱਚੇ ਨਾਲ ਨੇ ਦੋਸ਼ ਲਗਾਇਆ ਕਿ ਇਸ ਮਾਮਲੇ ਵਿੱਚ ਵਿਸ਼ਾਲ ਨਈਅਰ ਨਾਂ ਦੇ ਵਿਅਕਤੀ ਨੇ 8 ਲੱਖ ਰੁਪਏ ਦੀ ਮੰਗ ਕਰਦਿਆਂ ਸਮਝੌਤਾ ਕਰਵਾਉਣ ਦੀ ਗੱਲ ਕਹੀ ਹੈ। ਵਿਸ਼ਾਲ ਨਈਅਰ ਨੇ ਦੱਸਿਆ ਕਿ ਉਨ੍ਹਾਂ ’ਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ।