ਸਤਵਿੰਦਰ ਬਸਰਾ
ਲੁਧਿਆਣਾ, 25 ਅਕਤੂਬਰ
ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਅੱਜ ਲੁਧਿਆਣਾ ਦੇ ਖਜ਼ਾਨਾ ਦਫਤਰ ਦੇ ਬਾਹਰ ਹੜਤਾਲ ਕਰਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਆਪਣਾ ਰੋਜ਼ਾਨਾ ਦਾ ਕੰਮ ਪੂਰੀ ਤਰ੍ਹਾਂ ਠੱਪ ਰੱਖਿਆ। ਯੂਨੀਅਨ ਵੱਲੋਂ ਪਹਿਲਾਂ 24 ਅਕਤੂਬਰ ਤੱਕ ਹੜਤਾਲ ਦਾ ਐਲਾਨ ਕੀਤਾ ਹੋਇਆ ਸੀ ਜੋ ਹੁਣ 25 ਅਕਤੂਬਰ ਤੋਂ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਯੂਨੀਅਨ ਦੀਆਂ ਸਰਕਾਰ ਦੇ ਨੁਮਾਇੰਦਿਆਂ ਨਾਲ ਮੰਗਾਂ ਸਬੰਧੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਾਰੀਆਂ ਬੇਸਿੱਟਾ ਰਹੀਆਂ ਹਨ। ਮੀਟਿੰਗ ਵਿੱਚ ਇਹ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਛੇਵੇਂ ਕਮਿਸ਼ਨ ਵਿੱਚ ਸਾਰੇ ਨਵੇਂ, ਪੁਰਾਣੇ ਮੁਲਾਜ਼ਮਾਂ ਨੂੰ ਮੁੱਢਲੀ ਤਨਖਾਹ ਵਿੱਚ ਘੱਟੋ ਘੱਟ 15 ਫੀਸਦ ਦਾ ਵਾਧਾ ਜ਼ਰੂਰ ਦਿੱਤਾ ਜਾਵੇਗਾ ਪਰ ਇਹ ਵੀ ਸਰਕਾਰ ਦਾ ਵਾਅਦਾ ਖੋਖਲਾ ਸਾਬਤ ਹੋਇਆ। ਆਗੂਆਂ ਨੇ ਕਿਹਾ ਕਿ ਇਹ ਵੀ ਭਰੋਸਾ ਦਿੱਤਾ ਗਿਆ ਸੀ ਕਿ 1-1-2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਕੈਲਕੂਲੇਸ਼ਨ ਦਾ ਨੋਟੀਫਿਕੇਸ਼ਨ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ ਪਰ ਅਜੇ ਤੱਕ ਸਰਕਾਰ ਵੱਲੋਂ ਅਜਿਹਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਇਸ ਕਾਰਨ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਦੌਰਾਨ ਸੂਬਾ ਵਧੀਕ ਜਨਰਲ ਸਕੱਤਰ ਅਮਿਤ ਅਰੋੜਾ ਨੇ ਕਿਹਾ ਕਿ ਹੁਣ ਜੱਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ 1-1-2016 ਤੋਂ ਬਾਅਦ ਭਰਤੀ ਮੁਲਾਜ਼ਮਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਹੜਤਾਲ ਵਾਪਸ ਨਹੀਂ ਲਈ ਜਾਵੇਗੀ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਤੋਂ ਰਣਜੀਧ ਸਿੰਘ, ਵਿੱਕੀ ਜੁਨੇਜਾ, ਸੰਜੀਵ ਭਾਰਗਵ, ਏਪੀ ਮੌਰਿਆ, ਸੁਨੀਲ ਕੁਮਾਰ, ਜਗਦੇਵ ਸਿੰਘ, ਅਕਾਸ਼ਦੀਪ, ਸੰਦੀਪ ਭਾਂਬਕ, ਤਿਲਕਰਾਜ, ਬ੍ਰਿਜਮੋਹਨ, ਧਰਮ ਸਿੰਘ, ਵਰਿੰਦਰ ਕੁਮਾਰ, ਰਕੇਸ਼ ਕੁਮਾਰ, ਗੁਰਬਾਜ ਸਿੰਘ ਮੱਲੀ, ਕੁਲਦੀਪ ਸਿੰਘ, ਗੁਰਚਰਨ ਸਿੰਘ, ਰਾਣਾ, ਸਤਪਾਲ ਸਿੰਘ, ਧਰਮਪਾਲ ਸਿੰਘ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ।