ਸਤਵਿੰਦਰ ਬਸਰਾ
ਲੁਧਿਆਣਾ, 12 ਸਤੰਬਰ
ਇਥੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਾਨ-ਟੀਚਿੰਗ ਮੁਲਾਜ਼ਮਾਂ ਵੱਲੋਂ ਅੱਜ ’ਵਰਸਿਟੀ ਦੇ ਮੁੱਖ ਗੇਟ ਅੱਗੇ ਰੋਸ ਧਰਨਾ ਦਿੱਤਾ। ਇਹ ਮੁਲਾਜ਼ਮ ਛੇਵੇਂ ਪੇਅ-ਕਮਿਸ਼ਨ ਅਨੁਸਾਰ ਸੋਧੀਆਂ ਹੋਈਆਂ ਤਨਖਾਹਾਂ ਦੇਣ ਦੀ ਮੰਗ ਕਰ ਰਹੇ ਸਨ। ਇਨ੍ਹਾਂ ਮੁਲਾਜ਼ਮਾਂ ਨੇ ’ਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਛੇਵੇਂ ਪੇਅ ਕਮਿਸ਼ਨ ਅਨੁਸਾਰ ਤਨਖਾਹ ਦੇਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਅਫਸੋਸ ਉਨ੍ਹਾਂ ਦੀ ਇਸ ਮੰਗ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਛੇਵੇਂ ਪੇਅ ਕਮਿਸ਼ਨ ਅਨੁਸਾਰ ਤਨਖਾਹ ਜਾਰੀ ਨਹੀਂ ਕੀਤੀ, ਜਿਸ ਕਰ ਕੇ ਮੁਲਾਜ਼ਮਾਂ ਦਾ ਲਗਾਤਾਰ ਵਿੱਤੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੀਏਯੂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਛੇਵੇਂ ਪੇਅ ਕਮਿਸ਼ਨ ਅਨੁਸਾਰ ਤਨਖਾਹ ਅਤੇ ਏਰੀਅਰ ਮਿਲ ਚੁੱਕਿਆ ਹੈ। ਗਡਵਾਸੂ ਮੁਲਾਜ਼ਮਾਂ ਨੇ ਆਪਣੇ ਨਾਲ ਮਤਰੇਈ ਮਾਂ ਵਾਲਾ ਸਲੂਕ ਹੋਣ ’ਤੇ ਰੋਸ ਧਰਨੇ ਵਰਗਾ ਸਖ਼ਤ ਫੈਸਲਾ ਲਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਅਜੇ ਵੀ ਸਰਕਾਰ ਅਤੇ ’ਵਰਸਿਟੀ ਪ੍ਰਸ਼ਾਸਨ ਦੀ ਗੂੜ੍ਹੀ ਨੀਂਦ ਵਿੱਚੋਂ ਜਾਗ ਨਾ ਖੁੱਲ੍ਹੀ ਤਾਂ ਆਉਂਦੀ 19 ਸਤੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਨ੍ਹਾਂ ਮੁਲਾਜ਼ਮਾਂ ਵੱਲੋਂ ਕੁਝ ਦਿਨ ਪਹਿਲਾਂ ਵੀ ਰੋਸ ਧਰਨਾ ਲਾਇਆ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਅੱਜ ਪੂਰੇ ਦਿਨ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਅੱਜ ਦੇ ਰੋਸ ਧਰਨੇ ਵਿੱਚ ਵੱਡੀ ਗਿਣਤੀ ’ਚ ’ਵਰਸਿਟੀ ਦੇ ਨਾਨ-ਟੀਚਿੰਗ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਲ ਹੋਏ।