ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਲੁਧਿਆਣਾ ’ਚ ਮੁਜ਼ਾਹਰਾ 15 ਨੂੰ
ਨਿੱਜੀ ਪੱਤਰ ਪ੍ਰੇਰਕ
ਮਲੌਦ, 12 ਜੂਨ
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ 15 ਜੂਨ ਨੂੰ ਲੁਧਿਆਣਾ ਵਿੱਚ ਸਵੇਰੇ 11 ਵਜੇ ਤੋਂ ਪ੍ਰਦਰਸ਼ਨ ਕਰਨਗੇ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਪਹਿਲ ਦੇ ਆਧਾਰ ’ਤੇ ਭਰਤੀ ਕਰਨ, ਸਿੱਖਿਆ ਵਿਭਾਗ ਵਿਚ ਭਰਤੀ ਕੈਲੰਡਰ ਲਾਗੂ ਕਰਨ, ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਓਵਰਏਜ ਹੋਏ ਬੇਰੁਜ਼ਗਾਰਾਂ ਨੂੰ ਉੱਮਰ ਹੱਦ ਛੋਟ ਦੇਣ ਦੇ ਝਾਂਸੇ ਲਾਰੇ ਸਾਬਤ ਹੋ ਚੁੱਕੇ ਹਨ।
ਉਨ੍ਹਾਂ ਪੰਜਾਬ ਭਰ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 15 ਜੂਨ ਨੂੰ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋ ਕੇ ਆਵਾਜ਼ ਬੁਲੰਦ ਕਰਨ ਤਾਂ ਜੋਵੱਖ-ਵੱਖ ਵਿਭਾਗਾਂ ਵਿਚ ਰੁਜ਼ਗਾਰ ਦੇਣ ਤੋਂ ਅਵੇਸਲੀ ਹੋਈ ਸਰਕਾਰ ਨੂੰ ਹਲੂਣਾ ਦੇ ਕੇ ਜਗਾਇਆ ਜਾਵੇ। ਇਸ ਮੌਕੇ ਅਮਨ ਸੇਖਾ, ਰਛਪਾਲ ਸਿੰਘ, ਕੁਲਵਿੰਦਰ ਸਿੰਘ ਗਿੱਲ, ਜਸਵੀਰ ਸਿੰਘ ਖੰਨਾ, ਇੰਦਰਜੀਤ ਸਿੰਘ ਤੇ ਹੋਰ ਹਾਜ਼ਰ ਸਨ।