ਸੰਘਰਸ਼ ਕਮੇਟੀ ਵੱਲੋਂ ਵਿਧਾਇਕ ਦੇ ਘਰ ਦਾ ਘਿਰਾਓ
ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼; ਮੰਗ ਪੱਤਰ ਸੌਂਪਿਆ; ਵਿਧਾਇਕ ਵੱਲੋਂ ਮੰਗਾਂ ਮਨਵਾੳੁਣ ਦਾ ਭਰੋਸਾ
ਨਗਰ ਨਿਗਮ ਲੁਧਿਆਣਾ ਸੰਘਰਸ਼ ਕਮੇਟੀ ਵੱਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਹਲਕਾ ਵਿਧਾਇਕ ਮਦਨ ਲਾਲ ਬੱਗਾ ਦੇ ਘਰ ਦਾ ਘਿਰਾਓ ਕੀਤਾ ਗਿਆ। ਕਮੇਟੀ ਆਗੂਆਂ ਨੇ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਵਿਧਾਇਕ ਬੱਗਾ ਨੇ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਕਮੇਟੀ ਵੱਲੋਂ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।
ਆਗੂ ਨਰੇਸ਼ ਧੀਂਗਾਨ ਨੇ ਦੱਸਿਆ ਕਿ ਪਿਛਲੇ ਦਿਨੀਂ ਜਦੋਂ ਨਗਰ ਨਿਗਮ ਵਿੱਚ ਕੰਮ ਕਰਦੇ ਮਾਲੀਆਂ, ਬੇਲਦਾਰਾਂ, ਡਰਾਈਵਰਾਂ, ਸੀਵਰਮੈਨਾਂ ਅਤੇ ਸਫ਼ਾਈ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਲਈ ਹੜਤਾਲ ਕੀਤੀ ਗਈ ਸੀ ਤਾਂ ਉਸ ਵੇਲੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ, ਕੈਬਨਿਟ ਮੰਤਰੀ, ਮੇਅਰ ਅਤੇ ਨਿਗਮ ਕਮਿਸ਼ਨਰ ਨੇ ਭਰੋਸਾ ਦਿੱਤਾ ਸੀ ਕਿ ਮੁਲਾਜ਼ਮਾਂ ਨੂੰ ਜਲਦੀ ਰੈਗੂਲਰ ਕੀਤਾ ਜਾਵੇਗਾ ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਨਿਗਮ ਪ੍ਰਸ਼ਾਸਨ ਨੇ ਇਸ ਵੱਲ ਕੋਈ ਕਦਮ ਨਹੀਂ ਚੁੱਕਿਆ, ਜਦਕਿ ਸੂਬੇ ਦੇ ਹੋਰਨਾਂ ਸ਼ਹਿਰਾਂ ਵਿੱਚ ਮੁਲਾਜ਼ਮ ਪੱਕੇ ਕੀਤੇ ਜਾ ਰਹੇ ਹਨ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਅਤੇ ਬੇਭਰੋਸਗੀ ਦਾ ਮਾਹੌਲ ਬਣਿਆ ਹੋਇਆ ਹੈ। ਧੀਂਗਾਨ ਨੇ ਕਿਹਾ ਕਿ ਉਸ ਸਮੇਂ ਸਰਕਾਰ ਤੇ ਪ੍ਰਸ਼ਾਸਨ ਨੇ ਇਹ ਵੀ ਵਿਸ਼ਵਾਸ ਦਿਵਾਇਆ ਸੀ ਕਿ ਘਰ-ਘਰ ਤੋਂ ਕੂੜਾ ਚੁੱਕਣ ਦੇ ਪ੍ਰਬੰਧ ਅਤੇ ਭਰਤੀਆਂ ਵਿੱਚੋਂ ਠੇਕੇਦਾਰੀ ਪ੍ਰਥਾ ਪੂਰੀ ਤਰ੍ਹਾਂ ਬੰਦ ਕੀਤੀ ਜਾਵੇਗੀ। ਇਸ ਦੇ ਉਲਟ, ਹੁਣ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ (ਐੱਫ ਐਂਡ ਸੀ ਸੀ) ਦੀ ਮੀਟਿੰਗ ਵਿੱਚ ਡੋਰ-ਟੂ-ਡੋਰ ਕੂੜਾ ਚੁੱਕਣ ਦਾ ਕੰਮ 1140 ਕਰੋੜ ਰੁਪਏ ਵਿੱਚ ਨਿੱਜੀ ਕੰਪਨੀ ਨੂੰ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 26 ਵਾਰਡਾਂ ਵਿੱਚ ਸੀਵਰੇਜ ਸਫ਼ਾਈ ਦਾ ਕੰਮ ਪਹਿਲਾਂ ਹੀ ਠੇਕੇ ’ਤੇ ਦਿੱਤਾ ਜਾ ਚੁੱਕਾ ਹੈ।
ਵਿਧਾਇਕ ਮਦਨ ਲਾਲ ਬੱਗਾ ਨੇ ਸੰਘਰਸ਼ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਪੱਧਰ ’ਤੇ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੀ ਢੱੁਕਵਾਂ ਹੱਲ ਕੱਢਿਆ ਜਾਵੇਗਾ। ਇਸ ਮੌਕੇ ਨੇਤਾ ਜੀ ਸੌਂਧੀ, ਵੀਰ ਆਨੰਦ ਰਾਖ਼ਸ਼ਸ਼, ਵਿਪਿਨ ਕਲਿਆਣ, ਸੰਜੀਵ ਗਿੱਲ, ਦੀਪਕ ਹੰਸ, ਅਜੈਪਾਲ ਦਿਸ਼ਾਵਰ, ਵਿੱਕੀ ਸਹੋਤਾ, ਸੋਨੂ ਅਟਵਾਲ, ਸੁਮਿਤ ਚੌਟਾਲਾ, ਸੁੰਦਰ ਟਾਂਕ, ਪਿੰਕਾ ਚੰਡਾਲੀਆ, ਮਨਜੀਤ ਪੁਹਾਲ, ਕਮਲ ਭੱਟੀ, ਸੁਭਾਸ਼, ਰਾਜੇਸ਼ ਟਾਂਕ, ਪੱਪੂ ਬੇਦੀ, ਵਰੁਣ ਰਾਜ, ਸੁਸ਼ੀਲ ਰੱਤੀ, ਰਾਜਿੰਦਰ ਆਦਿਵੰਸ਼ੀ ਅਤੇ ਅਰੁਣ ਗੋਗਲਾ ਮੌਜੂਦ ਸਨ।

