ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 2 ਜੂਨ
ਇੱਥੇ ਥਾਣਾ ਸਿਟੀ ਅੱਗੇ 23 ਮਾਰਚ ਨੂੰ ਜਨਤਕ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਧਰਨੇ ਦੇ 72ਵੇਂ ਦਿਨ ਅੱਜ ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਜਾਂ ਤਾਂ ਇਸ ਮਾਮਲੇ ’ਚ ਕਾਰਵਾਈ ਕਰਕੇ ਇਨਸਾਫ਼ ਦੇਵੇ ਨਹੀਂ ਤਾਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਪੇਂਡੂ ਮਜ਼ਦੂਰ ਯੂਨੀਅਨ ਦੇ ਅਵਤਾਰ ਸਿੰਘ ਰਸੂਲਪੁਰ, ਸੁਰਿੰਦਰ ਸਿੰਘ ਸਿੱਧਵਾਂ, ਮਨੋਹਰ ਸਿੰਘ ਝੋਰੜਾਂ, ਇਕਬਾਲ ਸਿੰਘ ਰਸੂਲਪੁਰ, ਹਰੀ ਸਿੰਘ ਚਚਰਾੜੀ, ਰੂਪ ਸਿੰਘ, ਜੱਗਾ ਸਿੰਘ ਢਿੱਲੋਂ ਤੇ ਹੋਰਨਾਂ ਨੇ ਕਿਹਾ ਕਿ ਡੀਜੀਪੀ ਨੇ ਕੁਲਵੰਤ ਕੌਰ ’ਤੇ ਕਥਿਤ ਪੁਲੀਸ ਤਸ਼ੱਦਦ ਅਤੇ ਉਸ ਤੋਂ ਬਾਅਦ ਹੋਈ ਮੌਤ ਦੇ ਮਾਮਲੇ ’ਚ ਇਨਸਾਫ਼ ਦਾ ਭਰੋਸਾ ਦਿੱਤਾ ਹੈ ਪਰ ਹਾਕਮ ਧਿਰ ਨੇ ਇਸ ਮਾਮਲੇ ’ਚ ਜਿਵੇਂ ਚੁੱਪ ਧਾਰ ਲਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਡੇਢ ਦਹਾਕੇ ਬਾਅਦ ਦਰਜ ਕੇਸ ’ਚ ਸ਼ਾਮਲ ਮੁਲਜ਼ਮਾਂ ਨੂੰ ਸੀਖਾਂ ਪਿੱਛੇ ਬੰਦ ਕਰ ਕੇ ਅਤੇ ਅਦਾਲਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਇਸ ਦੌਰਾਨ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਪਿੰਡਾਂ ’ਚ ਇਸ ਮੁੱਦੇ ’ਤੇ ਵਿੱਢੀ ਲਾਮਬੰਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਪਿੰਡ ਸੋਹੀਆਂ ਤੇ ਕੁਲਾਰ ਵਿੱਚ ਇਕੱਤਰਤਾ ਕੀਤੀ। ਇਸ ਮੌਕੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਡਾ. ਗੁਰਮੇਲ ਸਿੰਘ ਕੁਲਾਰ, ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਜਥੇਦਾਰ ਰਣਜੀਤ ਸਿੰਘ ਗੁੜੇ ਤੇ ਨੰਬਰਦਾਰ ਮਨਮੋਹਣ ਸਿੰਘ ਪੰਡੋਰੀ ਨੇ ਸੰਬੋਧਨ ਕੀਤਾ।