ਇਨਸਾਫ਼ ਲਈ ਪੁਲੀਸ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ
ਮੁਲਜ਼ਮਾਂ ਦੀ ਗ੍ਰਿਫ਼ਤਾਰੀ ਮੰਗੀ; ਪੁਲੀਸ ਅਧਿਕਾਰੀਆਂ ਦੇ ਭਰੋਸੇ ਮਗਰੋਂ ਸ਼ਾਂਤ ਹੋਏ ਪ੍ਰਦਰਸ਼ਨਕਾਰੀ
ਇੱਥੋਂ ਦੇ ਪੁਲੀਸ ਕਮਿਸ਼ਨਰ ਦਫ਼ਤਰ ਅੱਗੇ ਅੱਜ ਤਿੰਨ ਵੱਖ-ਵੱਖ ਪਰਿਵਾਰਾਂ ਨੇ ਆਪਣੇ ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੁਲੀਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੀੜਤ ਪਰਿਵਾਰਾਂ ਦਾ ਦੋਸ਼ ਹੈ ਕਿ ਉਹ ਲਗਾਤਾਰ ਥਾਣਿਆਂ ਦੇ ਚੱਕਰ ਕੱਟ ਰਹੇ ਹਨ, ਪਰ ਪੁਲੀਸ ਅਧਿਕਾਰੀ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਘਰਾਂ ਦਾ ਪਤਾ ਹੋਣ ਦੇ ਬਾਵਜੂਦ ਪੁਲੀਸ ਕਾਰਵਾਈ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ, ਜਦਕਿ ਮੁਲਜ਼ਮ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦੇ ਰਹੇ ਹਨ।
ਪ੍ਰਦਰਸ਼ਾਨ ਦੌਰਾਨ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਨਿਖਿਲ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਇਸ ਘਟਨਾ ਨੂੰ ਛੇ ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਸਮੇਂ ਪੁਲੀਸ ਨੇ ਜਲਦ ਗ੍ਰਿਫ਼ਤਾਰੀ ਦਾ ਭਰੋਸਾ ਦੇ ਕੇ ਅੰਤਿਮ ਸੰਸਕਾਰ ਕਰਵਾ ਦਿੱਤਾ ਸੀ, ਪਰ ਹੁਣ ਮੁਲਜ਼ਮ ਸ਼ਰ੍ਹੇਆਮ ਘੁੰਮ ਰਹੇ ਹਨ। ਨਿਖਿਲ ਨੇ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੀ ਸੀ। ਇਸੇ ਤਰ੍ਹਾਂ ਆਪਣੀ ਪਤਨੀ ਅਤੇ ਸੱਸ ਤੋਂ ਕਥਿਤ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਵਿਕਰਮਜੀਤ ਸਿੰਘ ਉਰਫ਼ ਬਬਲੂ ਦੇ ਪਰਿਵਾਰ ਦਾ ਵੀ ਇਹੀ ਹਾਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਨੂੰਨ ਉਨ੍ਹਾਂ ਨੂੰ ਇਨਸਾਫ਼ ਨਹੀਂ ਦੇ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਅਨੁਸਾਰ ਇੱਕ ਮਾਮਲੇ ਵਿੱਚ ਅੱਠ ਮੁਲਜ਼ਮ ਨਾਮਜ਼ਦ ਹਨ, ਜਿਨ੍ਹਾਂ ਬਾਰੇ ਪੁਲੀਸ ਨੂੰ ਪੂਰੀ ਜਾਣਕਾਰੀ ਦਿੱਤੀ ਗਈ ਹੈ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਹੰਗਾਮੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਕਮਿਸ਼ਨਰ ਦੇ ਹੁਕਮਾਂ ’ਤੇ ਉੱਚ ਅਧਿਕਾਰੀ ਮੌਕੇ ਉੱਤੇ ਪਹੁੰਚੇ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ’ਤੇ ਜਲਦ ਕਾਰਵਾਈ ਕੀਤੀ ਜਾਵੇਗੀ ਅਤੇ ਮੁਲਜ਼ਮ ਸਲਾਖਾਂ ਪਿੱਛੇ ਹੋਣਗੇ। ਇਸ ਭਰੋਸੇ ਤੋਂ ਬਾਅਦ ਹੀ ਪਰਿਵਾਰਾਂ ਨੇ ਧਰਨਾ ਖ਼ਤਮ ਕੀਤਾ।

