ਕੇਂਦਰੀ ਆਰਡੀਨੈਂਸਾਂ ਖ਼ਿਲਾਫ਼ ਰੋਸ ਮਾਰਚ

ਕੇਂਦਰੀ ਆਰਡੀਨੈਂਸਾਂ ਖ਼ਿਲਾਫ਼ ਰੋਸ ਮਾਰਚ

ਜਗਰਾਉਂ ਉਪਮੰਡਲ ਦਫਤਰ ਵੱਲ ਰੋਸ ਮਾਰਚ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ(ਪੰਜਾਬ) ਦੇ ਮੈਂਬਰ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 10 ਅਗਸਤ

ਕਿਰਤੀ ਕਿਸਾਨ ਯੂਨੀਅਨ (ਪੰਜਾਬ) ਵੱਲੋਂ ਜਥੇਬੰਦੀ ਦੇ ਸਰਪ੍ਰਸਤ ਕਾਮਰੇਡ ਹਰਦੇਵ ਸੰਧੂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਮਾਰਚ ਕਰਦਿਆਂ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ । ਰੋਸ ਮੁਜ਼ਾਹਰੇ ਨੂੰ ਦੌਰਾਨ ਕਾਮਰੇਡ ਸੰਧੂ ਨੇ ਕੇਂਦਰ ਦੀਆਂ ਸਰਕਾਰੀ ਖ੍ਰੀਦ ਤੋਂ ਹੱਥ ਖਿੱਚਣ, ਮੰਡੀਆਂ ਬੰਦ ਕਰਨ, ਕੀਮਤ ਗਾਰੰਟੀ ਅਤੇ ਖੇਤੀ ਸੇਵਾਵਾਂ ਦੀ ਆੜ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ, ਜ਼ਖੀਰੇਬਾਜਾਂ ਨੂੰ ਲਾਭ ਪਹੁੰਚਾਉਣ ਵਾਲਾ ਆਰਜ਼ੀ ਥੁੜ੍ਹ ਜਾਣਬੁੱਝ ਕੇ ਪੈਦਾ ਕਰਕੇ ਜ਼ਰੂਰੀ ਵਸਤਾਂ ਦੇ ਭਾਅ ਅਸਮਾਨ ਚਾੜਨ, ਕਿਸਾਨਾਂ, ਗਰੀਬਾਂ ਨੂੰ ਮਿਲਦੀ ਮੁਫਤ ਬਿਜਲੀ ਸਹੂਲਤ ਖਤਮ ਕਰਨ, ਬਿਜਲੀ ਰੇਟ ਮਨਮਰਜ਼ੀ ਦੇ ਤੈਅ ਕਰਨ ਵਾਲਾ ਬਿਜਲੀ ਐਕਟ 2020 ਰੱਦ ਕਰਵਾਉਣ ਆਦਿ ਮੰਗਾਂ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੈਟਰੌਲ, ਡੀਜ਼ਲ ਦੀਆਂ ਕੀਮਤਾਂ ਵਿੱਚ 50 ਫ਼ੀਸਦ ਕਟੌਤੀ ਕੀਤੀ ਜਾਵੇ ਤੇ ਸਾਰੇ ਕਿਸਾਨ, ਮਜ਼ਦੂਰ, ਆਮ ਲੋਕਾਂ ਦੇ ਵਿਰੋਧੀ ਕਨੂੰਨ ਮੁੱਢ ਤੋਂ ਰੱਦ ਕੀਤੇ ਜਾਣ। ਇਸ ਮੌਕੇ ਜਗਰਾਉਂ ਇਲਾਕੇ ਨਾਲ ਸਬੰਧਤ ਕਿਸਾਨਾਂ ਨੇ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ ਤੇ ਸਰਕਾਰ ਦੀਆਂ ਸੌੜੀਆਂ ਨੀਤੀਆਂ ਦਾ ਵਿਰੋਧ ਕੀਤਾ । ਇਸੇ ਦੌਰਾਨ ਇੱਥੇ ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਗਾਲਿਬ ਤੇ ਸਾਥੀਆਂ ਦੀ ਅਗਵਾਈ ਹੇਠ ਅੱਜ ਆਰਡੀਨੈਂਸਾਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਇੱਥੇ ਇਲਾਕੇ ਭਰ ਦੇ ਪਿੰਡਾਂ ਵਿੱਚੋਂ ਆਏ ਕਿਸਾਨਾਂ ਨੇ ਸੂਬੇ ਦੀਆ 10 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਦਾਣਾ ਮੰਡੀ ਵਿੱਚ ਮੁਜ਼ਾਹਰਾ ਕੀਤਾ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਕੂਟਰਾਂ, ਮੋਟਰਸਾਈਕਲਾਂ ’ਤੇ ਰੋਸ ਮਾਰਚ ਕੀਤਾ। ਇਹ ਮਾਰਚ ਮੰਡੀ ਤੋਂ ਸ਼ੁਰੂ ਹੋ ਸ਼ੇਰਪੁਰ ਚੌਕ,ਕਾਲਜ ਰੋਡ ਲਾਜਪਤ ਰਾਏ ਰੋਡ, ਤਹਿਸੀਲ ਰੋਡ, ਕੱਚਾ ਮਲਕ ਰੋਡ ਹੁੰਦਾ ਹੋਇਆ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਘਰ ਅੱਗੇ ਪਹੁੰਚਿਆ। ਕਿਸਾਨ ਆਗੂਆਂ ਨੇ ਮੰਗਾਂ ਨਾਲ ਲੈਸ ਪੱਤਰ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਮ ਵਿਧਾਇਕ ਨੂੰ ਸੌਂਪਿਆ। ਬੀਕੇਯੂ ਮੈਂਬਰਾਂ ਨੇ ਵਿਧਾਇਕਾ ਵੱਲੋਂ ਮਿਲੇ ਹਾਂ ਪੱਖੀ ਹੁੰਗਾਰੇ ’ਤੇ ਤਸੱਲੀ ਪ੍ਰਗਟ ਕੀਤੀ ।

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ।-ਫੋਟੋ:ਗਿੱਲ

ਸਮਰਾਲਾ (ਡੀਪੀਐੱਸ ਬੱਤਰਾ): ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਬੀਰ ਸਿੰਘ ਖੀਰਨੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ ਜਥੇਬੰਦੀ ਵੱਲੋਂ ਭੇਜੇ ਗਏ ਮੰਗ ਪੱਤਰ ਨੂੰ ਅੱਜ ਸਥਾਨਕ ਪ੍ਰਸਾਸ਼ਨ ਨੂੰ ਸੌਂਪਿਆ। ਇਸ ਮੌਕੇ ਹਾਜ਼ਰ ਕਿਸਾਨ ਆਗੂਆਂ ਹਰਦੀਪ ਸਿੰਘ ਰਤੀਪੁਰ, ਬਿਕਰਮਜੀਤ ਸਿੰਘ ਮਾਛੀਵਾੜਾ, ਹਰਪ੍ਰੀਤ ਸਿੰਘ ਭੰਗਲਾ ਨੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ।

ਵਿਧਾਇਕ ਜਗਤਾਰ ਸਿੰਘ ਜੱਗਾ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ। -ਫੋਟੋ:ਰਾਏਕੋਟੀ

ਗੁਰੂਸਰ ਸੁਧਾਰ (ਸੰਤੋਖ ਗਿੱਲ) : ਖੇਤੀ ਆਰਡੀਨੈਂਸਾਂ ਨੂੰ ਰੱਦ ਕਰਾਉਣ, ਬਿਜਲੀ ਕਾਨੂੰਨ 2020 ਵਾਪਸ ਲੈਣ, ਕਰੋਨਾ ਪ੍ਰਭਾਵਿਤ ਲੋਕਾਂ ਨੂੰ ਫ਼ੌਰੀ ਨਕਦ ਸਹਾਇਤਾ ਦੇਣ ਸਮੇਤ ਹੋਰ ਮੰਗਾਂ ਲਈ ਕੁੱਲ ਹਿੰਦ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਸਕੂਟਰ, ਮੋਟਰ ਸਾਈਕਲਾਂ ’ਤੇ ਮਾਰਚ ਕਰਨ ਉਪਰੰਤ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲ਼ੀ ਦੇ ਦਫ਼ਤਰ ਵਿਚ ਮੰਗ ਪੱਤਰ ਸੌਂਪਿਆ। ਜਥੇ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ), ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਹਰਨੇਕ ਸਿੰਘ ਗੁੱਜਰਵਾਲ, ਸੁਖਵਿੰਦਰ ਸਿੰਘ ਹੰਬੜਾਂ ਅਤੇ ਮੇਘ ਸਿੰਘ ਨੇ ਕੀਤੀ।

ਸੰਘਰਸ਼ ਦੀ ਚਿਤਾਵਨੀ

ਰਾਏਕੋਟ (ਰਾਮ ਗੋਪਾਲ ਰਾਏਕੋਟੀ): ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਹੋਰ ਦਸ ਕਿਸਾਨ ਜੱਥੇਬੰਦੀਆਂ ਵੱਲੋਂ ਰਾਏਕੋਟ ਵਿੱਚ ਮਹਿੰਦਰ ਸਿੰਘ ਕਮਾਲਪੁਰਾ ਪ੍ਰਧਾਨ ਬਲਾਕ ਰਾਏਕੋਟ ਅਤੇ ਸਰਬਜੀਤ ਸਿੰਘ ਗਿੱਲ ਪ੍ਰਧਾਨ ਬਲਾਕ ਸੁਧਾਰ ਦੀ ਦੇਖ-ਰੇਖ ਹੇਠ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਮੋਟਰਸਾਈਕਲਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇਹ ਕਿਸਾਨ ਮਾਰੂ ਆਰਡੀਨੈਂਸ ਜਲਦ ਰੱਦ ਨਹੀਂ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਵੱਲੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੂੰ ਮੰਗ ਪੱਤਰ ਦਿੱਤਾ ਗਿਆ।

ਧਰਨਾਕਾਰੀਆਂ ਖ਼ਿਲਾਫ਼ ਪੁਲੀਸ ਵੱਲੋਂ ਕੇਸ ਦਰਜ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲੀਸ ਨੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਦੇ ਰਹੇ 60-70 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਤਰਲੋਚਨ ਸਿੰਘ ਨੇ ਦੱਸਿਆ ਹੈ ਕਿ ਆਂਗਨਵਾੜੀ ਵਰਕਰ ਯੂਨੀਅਨ, ਸੀਟੂ ਪੰਜਾਬ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਕਿਉਂਕਿ ਇਨ੍ਹਾਂ ਨੇ ਧਰਨੇ ਅਤੇ ਮੁਜ਼ਾਹਰੇ ਦੌਰਾਨ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਨ੍ਹਾਂ ਨੇ ਨਾ ਤਾ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਅਤੇ ਨਾ ਹੀ ਇਨ੍ਹਾਂ ਨੇ ਮਾਸਕ ਪਹਿਣੇ ਹੋਏ ਸਨ।

ਵੱਖ-ਵੱਖ ਜੱਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਖੰਨਾ (ਜੋਗਿੰਦਰ ਸਿੰਘ ਓਬਰਾਏ): ਨੌਜਵਾਨ ਭਾਰਤ ਸਭਾ, ਮਜ਼ਦੂਰ ਯੂਨੀਅਨ ਅਤੇ ਟੀਐੱਸਯੂ ਨੇ ਦੇਸ਼ ਵਿਚ ਮਜ਼ਦੂਰਾਂ, ਕਿਰਤੀਆਂ ਅਤੇ ਨੌਜਵਾਨਾਂ ਖਿਲਾਫ਼ ਲਾਗੂ ਕੀਤੀਆਂ ਜਾ ਰਹੀਆਂ ਭਿਆਨਕ ਆਰਥਿਕ ਸਿਆਸੀ ਸਮਾਜਿਕ ਨੀਤੀਆਂ ਖਿਲਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਨੀਤੀਆਂ ਦੀ ਨਿਖੇਧੀ ਕੀਤੀ। ਇਸ ਮੌਕੇ ਕ੍ਰਿਸ਼ਨ, ਗੁਲਸ਼ਨ, ਅਵਨੀਤ ਅਤੇ ਜਗਦੇਵ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਮੇਤ ਹੋਰ ਸੂਬਾ ਸਰਕਾਰਾਂ ਵੱਲੋਂ ਕਰੋਨਾ ਬਹਾਨੇ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਕਾਰਨ ਕਿਰਤੀ ਲੋਕਾਂ ’ਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ ਹੈ, ਬੇਰੁਜ਼ਗਾਰੀ ਵੱਧ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਰੋਨਾ ਦੀ ਮਾਰ ਪੈ ਰਹੀ ਹੈ,ਦੂਜੇ ਪਾਸੇ ਸਰਕਾਰਾਂ ਦੀਆਂ ਗਲਤ ਨੀਤੀਆਂ ਤੰਗ ਰਹੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All