ਮਾਛੀਵਾੜਾ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੇ ਲੰਘੀ 22 ਜੁਲਾਈ ਨੂੰ ਬਰਨਾਲਾ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਸਾਥੀਆਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼ ਰੋਸ ਮਾਰਚ ਕੀਤਾ। ਇਹ ਰੋਸ ਮਾਰਚ ਨਗਰ ਕੌਂਸਲ ਦਫ਼ਤਰ ਤੋਂ ਸ਼ੁਰੂ ਹੋ ਕੇ ਖ਼ਾਲਸਾ ਚੌਕ ਪੁੱਜਿਆ।
ਰੋਸ ਮਾਰਚ ਦੌਰਾਨ ਸਫ਼ਾਈ ਸੇਵਕਾਂ ਨੇ ਬਾਜ਼ਾਰ ਬੰਦ ਕਰਵਾਏ। ਖ਼ਾਲਸਾ ਚੌਕ ਵਿੱਚ ਲਾਠੀਚਾਰਜ ਕਰਨ ਵਾਲੇ ਪੁਲੀਸ ਅਧਿਕਾਰੀਆਂ ਦਾ ਪੁਤਲਾ ਫੂਕਿਆ ਗਿਆ। ਸਫ਼ਾਈ ਸੇਵਕ ਦੇਵਕੀ ਨੰਦਨ ਮੱਟੂ ਨੇ ਕਿਹਾ ਕਿ ਸਰਕਾਰ ਨੇ ਪੁਲੀਸ ਅਧਿਕਾਰੀਆਂ ਨੂੰ ਸਿਰਫ਼ ਮੁਅੱਤਲ ਕੀਤਾ ਹੈ ਅਤੇ ਉਹ ਮੰਗ ਕਰਦੇ ਹਨ ਕਿ ਇਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਸਾਥੀ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਪਰ ਪੁਲੀਸ ਨੇ ਉਨ੍ਹਾਂ ’ਤੇ ਲਾਠੀਆਂ ਵਰਸਾ ਕੇ ਜਬਰ ਤੇ ਜ਼ੁਲਮ ਦੀਆਂ ਹੱਦਾਂ ਪਾਰ ਕੀਤੀਆਂ। ਸਫ਼ਾਈ ਸੇਵਕਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਵੀ ਸਾਥੀਆਂ ਦਾ ਸਾਥ ਦਿੰਦੇ ਹੋਏ ਹੜਤਾਲ ਕਰਨਗੇ।
ਮੌਕੇ ’ਤੇ ਮੌਜੂਦ ਮਾਛੀਵਾੜਾ ਥਾਣਾ ਦੇ ਮੁਖੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ, ਜੋ ਕਿ ਉਨ੍ਹਾਂ ਦਾ ਹੱਕ ਹੈ।
ਉਨ੍ਹਾਂ ਕਿਹਾ ਕਿ ਪੁਲੀਸ ਅਮਨ, ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਮੌਕੇ ’ਤੇ ਤਾਇਨਾਤ ਰਹੀ ਪਰ ਹੁੰਮਸ ਭਰੀ ਗਰਮੀ ਦੇ ਮੱਦੇਨਜ਼ਰ ਪੁਲੀਸ ਕਰਮੀਆਂ ਨੇ ਸਫ਼ਾਈ ਸੇਵਕਾਂ ਨੂੰ ਪਾਣੀ ਤੇ ਕੋਲਡਰਿੰਕ ਪਿਲਾਇਆ। ਸਫ਼ਾਈ ਸੇਵਕਾਂ ਨੇ ਥਾਣਾ ਮੁਖੀ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ।

