ਜਸਬੀਰ ਸ਼ੇਤਰਾ
ਜਗਰਾਉਂ, 17 ਅਪਰੈਲ
ਇਥੋਂ ਦੇ ਥਾਣਾ ਸਿਟੀ ਅੱਗੇ ਛੱਬੀ ਦਿਨ ਤੋਂ ਚੱਲ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ। ਇਸੇ ਤਰ੍ਹਾਂ ਪੀੜਤ ਪਰਿਵਾਰ ਦੀ ਮਾਤਾ ਸੁਰਿੰਦਰ ਕੌਰ ਵੀ 19ਵੇਂ ਦਿਨ ਭੁੱਖ ਹੜਤਾਲ ’ਤੇ ਬੈਠੀ। ਧਰਨਾਕਾਰੀਆਂ ਨੇ ਅੱਜ ਮੁੜ ਸੰਗੀਨ ਧਾਰਾਵਾਂ ਤਹਿਤ ਦਰਜ ਪਰਚੇ ਸਬੰਧੀ ਗ੍ਰਿਫ਼ਤਾਰੀਆਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ’ਚ ਨਾਮਜ਼ਦ ਡੀਐੱਸਪੀ ਸਮੇਤ ਬਾਕੀਆਂ ਨਾਲ ਕਥਿਤ ਹਮਦਰਦੀ ਵਜੋਂ ਢਿੱਲ ਵਰਤ ਰਹੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਕੁੱਲ ਹਿੰਦ ਕਿਸਾਨ ਸਭਾ ਦੇ ਨਿਰਮਲ ਸਿੰਘ ਧਾਲੀਵਾਲ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਮਾ. ਜਸਦੇਵ ਸਿੰਘ ਲਲਤੋਂ ਤੇ ਹੋਰਾਂ ਨੇ ਅਧਿਕਾਰੀਆਂ ਦੇ ਪੱਖਪਾਤੀ ਵਤੀਰੇ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਦੇ ਇਨਸਾਫ਼ ਦੇਣ ਦੇ ਦਾਅਵੇ ਨੂੰ ਵੀ ਛਲਾਵਾ ਕਰਾਰ ਦਿੱਤਾ। ਦਰਸ਼ਨ ਸਿੰਘ ਧਾਲੀਵਾਲ, ਮਨਪ੍ਰੀਤ ਕੌਰ ਤੇ ਇਕਬਾਲ ਸਿੰਘ ਰਸੂਲਪੁਰ ਨੇ ਕਿਹਾ ਕਿ ਭਾਵੇਂ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ’ਚ ਲਿਆਉਣ ਦਾ ਦਾਅਵਾ ਕੀਤਾ ਹੈ ਪਰ ਦੁੱਖ ਇਸ ਗੱਲ ਦਾ ਹੈ ਕਿ ਗੈਰ-ਜ਼ਮਾਨਤੀ ਧਾਰਾਵਾਂ ਦੇ ਮੁਲਜ਼ਮ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਬਿਨਾਂ ਕਿਸੇ ਅਗਾਊਂ ਜ਼ਮਾਨਤ ਦੇ ਖੁੱਲ੍ਹੇ ਫਿਰ ਰਹੇ ਹਨ।