ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 3 ਅਕਤੂਬਰ
ਲਖੀਮਪੁਰ ਖੀਰੀ ਹਿੰਸਾ ਦਾ ਇੱਕ ਸਾਲ ਪੂਰਾ ਹੋਣ ’ਤੇ ਕਿਸਾਨ ਜਥੇਬੰਦੀਆਂ ਨੇ ਜਗਰਾਉਂ ’ਚ ਰੋਸ ਰੈਲੀ ਅਤੇ ਅਰਥੀ ਫੂਕ ਮੁਜ਼ਾਹਰੇ ਕੀਤੇ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ ਤੇ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਬੱਸ ਅੱਡੇ ਵਿੱਚ ਪ੍ਰਦਰਸ਼ਨ ਕਰਨ ਉਪਰੰਤ ਮੁੱਖ ਤਹਿਸੀਲ ਚੌਕ ਵਿੱਚ ਹਾਈਵੇਅ ’ਤੇ ਮੋਦੀ ਸਰਕਾਰ ਦੀ ਅਰਥੀ ਫੂਕੀ। ਇਸੇ ਤਰ੍ਹਾਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਪ੍ਰਧਾਨ ਹਰਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਕਮੇਟੀ ਪਾਰਕ ਤੋਂ ਰਾਣੀ ਝਾਂਸੀ ਚੌਕ ਤੱਕ ਰੋਸ ਮਾਰਚ ਕੱਢਣ ਤੋਂ ਮਗਰੋਂ ਅਰਥੀ ਫੂਕੀ। ਰੋਸ ਮੁਜ਼ਾਹਰਿਆਂ ’ਚ ਕੁੱਲ ਹਿੰਦ ਕਿਸਾਨ ਸਭਾ ਨੇ ਵੀ ਹਿੱਸਾ ਲਿਆ ਅਤੇ ਲਟਕਦੀਆਂ ਮੰਗਾਂ ਸਬੰਧੀ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ।
ਲੁਧਿਆਣਾ (ਗੁਰਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੁਤਲਾ ਫੂਕ ਮੁਜ਼ਾਹਰਾ ਕਰ ਕੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਸਰਕਾਰ ਦੇ ਨਾਂ ਇੱਕ ਮੰਗ ਪੱਤਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਰੈਲੀ ਕਰਦਿਆਂ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਆਗੂਆਂ ਬੂਟਾ ਸਿੰਘ ਬੁਰਜ ਅਤੇ ਮਨਜੀਤ ਸਿੰਘ ਧਨੇਰ ਦੇ ਦਿਸ਼ਾ-ਨਿਰਦੇਸ਼ ਤਹਿਤ ਕੀਤੇ ਮੁਜ਼ਾਹਰੇ ਦੌਰਾਨ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਹੰਭੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਭੇਜੇ ਗਏ ਮੰਗ ਪੱਤਰ ਵਿੱਚ ਕਿਸਾਨਾਂ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦੇਣ ਲਈ ਤੁਰੰਤ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਵਜ਼ਾਰਤ ਵਿੱਚੋਂ ਖਾਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦਿੱਤੀਆਂ ਜਾਣ।
ਮੰਡੀ ਅਹਿਮਦਗੜ੍ਹ (ਮਹੇਸ਼ ਸ਼ਰਮਾ): ਲਖੀਮਪੁਰ ਖੀਰੀ ਵਿੱਚ ਅੱਜ ਦੇ ਦਿਨ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ। ਡੇਹਲੋਂ, ਲਤਾਲਾ, ਛਪਾਰ, ਦਲੀਜ, ਮਹੇਰਨਾ ਅਤੇ ਬੜੂੰਦੀ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਇਲਾਵਾ ਅਰਥੀ ਫੂਕ ਮੁਜ਼ਾਹਰੇ ਵੀ ਕੀਤੇ ਗਏ। ਕਿਸਾਨ ਆਗੂਆਂ ਵੱਲੋਂ ਇਲਾਕੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਭੇਜੇ ਗਏ। ਆਲ ਇੰਡੀਆ ਕਿਸਾਨ ਸਭਾ ਆਗੂ ਬਲਦੇਵ ਸਿੰਘ ਲਤਾਲਾ, ਜਮਹੂਰੀ ਕਿਸਾਨ ਸਭਾ ਆਗੂ ਸੁਰਜੀਤ ਸਿੰਘ ਸੀਲੋਂ, ਅਮਨਦੀਪ ਕੌਰ ਅਤੇ ਰਜਿੰਦਰ ਕੌਰ ਦੀ ਅਗਵਾਈ ਹੇਠ ਕੀਤੇ ਪ੍ਰਦਰਸ਼ਨਾਂ ਦੌਰਾਨ ਕਈ ਬੁਲਾਰਿਆਂ ਨੇ ਸੰਬੋਧਨ ਕੀਤਾ।
ਰਾਏਕੋਟ (ਸੰਤੋਖ ਗਿੱਲ): ਕਿਸਾਨ ਜਥੇਬੰਦੀਆਂ ਵੱਲੋਂ ਐੱਸਡੀਐੱਮ ਦਫ਼ਤਰ ਸਾਹਮਣੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕੁੱਲ ਹਿੰਦ ਕਿਸਾਨ ਸਭਾ (ਹਨਨ ਮੁੱਲਾ) ਦੇ ਬਲਜੀਤ ਸਿੰਘ ਗਰੇਵਾਲ, ਮੁਖ਼ਤਿਆਰ ਸਿੰਘ ਜਲਾਲਦੀਵਾਲ ਤੇ ਭਾਕਿਯੂ ਏਕਤਾ (ਉਗਰਾਹਾਂ) ਦੇ ਚਰਨ ਸਿੰਘ ਨੂਰਪੁਰਾ ਅਤੇ ਗੁਰਪ੍ਰੀਤ ਸਿੰਘ ਨੂਰਪੁਰਾ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਉੱਧਰ, ਭਾਕਿਯੂ ਏਕਤਾ (ਡਕੌਂਦਾ) ਦੇ ਆਗੂਆਂ ਅਤੇ ਵਰਕਰਾਂ ਨੇ ਰਾਏਕੋਟ ਵਿੱਚ ਵੱਖਰੇ ਤੌਰ ’ਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਐੱਸਡੀਐੱਮ ਦਫ਼ਤਰ ਸਾਹਮਣੇ ਧਰਨਾ ਦਿੱਤਾ ਅਤੇ ਮੰਗ ਪੱਤਰ ਵੀ ਦਿੱਤਾ।
ਸੀਟੂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਪੁੱਤ ਦੀਆਂ ਤਸਵੀਰਾਂ ਫੂਕੀਆਂ
ਗੁਰੂਸਰ ਸੁਧਾਰ: ਕਸਬੇ ਦੇ ਲੁਧਿਆਣਾ-ਬਠਿੰਡਾ ਰਾਜ ਮਾਰਗ ਉੱਪਰ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਕਿਸਾਨ ਆਗੂ ਸੁਖਚੈਨ ਸਿੰਘ ਰਾਜੋਆਣਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਣੀ ਅਤੇ ਉਸ ਦੇ ਪੁੱਤਰ ਅਸੀਸ ਮਿਸ਼ਰਾ ਨੂੰ ਸਖ਼ਤ ਸਜ਼ਾਵਾਂ ਦੀ ਮੰਗ ਕਰਦਿਆਂ ਸੀਟੂ ਕਾਰਕੁਨਾਂ ਨੇ ਉਨ੍ਹਾਂ ਦੀਆਂ ਤਸਵੀਰਾਂ ਸਾੜੀਆਂ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੀਟੂ ਆਗੂ ਦਲਜੀਤ ਕੁਮਾਰ ਗੋਰਾ ਅਤੇ ਸੁਖਚੈਨ ਸਿੰਘ ਰਾਜੋਆਣਾ ਨੇ ਕਿਹਾ ਅੱਜ ਕਿਸਾਨ ਸ਼ਹਾਦਤ ਦੀ ਪਹਿਲੀ ਬਰਸੀ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦਾ ਸਮਰਥਨ ਕਰਦਿਆਂ ਸੀਟੂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ। -ਪੱਤਰ ਪ੍ਰੇਰਕ