ਡੀਪੀਐੱਸ ਬਤਰਾ
ਸਮਰਾਲਾ, 16 ਸਤੰਬਰ
ਸਬ-ਡਿਵੀਜ਼ਨ ਸਮਰਾਲਾ ਦੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਸ਼ਿਕਾਇਤ ਘਰ ਸਮਰਾਲਾ ਵਿੱਚ ਮੈਨੇਜਮੈਂਟ ਦੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਧਰਨਾ ਦੇ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ। ਅੱਜ ਦੇ ਧਰਨੇ ਦੀ ਪ੍ਰਧਾਨਗੀ ਪੈਨਸ਼ਨਰਜ਼ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਸਿਕੰਦਰ ਸਿੰਘ ਨੇ ਕੀਤੀ। ਸਿਕੰਦਰ ਸਿੰਘ ਨੇ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ 13 ਸੂਤਰੀ ਮੰਗਾਂ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਮੈਨੇਜਮੈਂਟ ਨਾਲ ਕੀਤੀਆਂ ਮੀਟਿੰਗਾਂ ਵਿੱਚ ਸਹਿਮਤੀਆਂ ਹੋ ਜਾਣ ਦੇ ਬਾਵਜੂਦ ਮੈਨੇਜਮੈਂਟ ਵੱਲੋਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ। ਮੰਗਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ 13 ਸਤੰਬਰ ਤੋਂ 20 ਸਤੰਬਰ ਤੱਕ ਡਿਵੀਜ਼ਨ ਪੱਧਰ ਦੇ ਧਰਨੇ/ਮੁਜ਼ਾਹਰੇ ਤੋਂ ਬਾਅਦ 29 ਸਤੰਬਰ ਨੂੰ ਮੁੱਖ ਦਫਤਰ ਪਟਿਆਲਾ ਦੇ ਤਿੰਨੇ ਗੇਟਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਦੇ ਧਰਨੇ ਵਿੱਚ ਸ਼ਾਮਲ ਸਾਥੀਆਂ ਵੱਲੋਂ 27 ਸਤੰਬਰ ਦੇ ਕਿਸਾਨਾਂ ਵੱਲੋਂ ਦਿੱਤੇ ‘ਭਾਰਤ ਬੰਦ’ ਸੱਦੇ ਦੀ ਡਟਵੀਂ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਨੂੰ ਮੁਲਾਜ਼ਮ ਆਗੂਆਂ ਭੁਪਿੰਦਰਪਾਲ ਸਿੰਘ, ਜਗਤਾਰ ਸਿੰਘ, ਜਸਵੰਤ ਸਿੰਘ, ਹਰਪਾਲ ਸਿੰਘ, ਪ੍ਰੇਮ ਸਿੰਘ, ਜੁਗਲ ਕਿਸ਼ੋਰ, ਮੋਹਣ ਸਿੰਘ ਮਾਂਗਟ, ਸੰਗਤ ਸਿੰਘ ਸੇਖੋਂ ਦਰਸ਼ਨ ਸਿੰਘ, ਹਰਚਰਨ ਸਿੰਘ, ਮਾਸਟਰ ਕੁਲਵੰਤ ਸਿੰਘ ਤਰਕ ਤੋਂ ਇਲਾਵਾ ਸੂਬਾ ਪ੍ਰਧਾਨ ਭਰਪੂਰ ਸਿੰਘ ਨੇ ਸੰਬੋਧਨ ਕੀਤਾ ਅਤੇ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ 13 ਸੂਤਰੀ ਮੰਗ ਪੱਤਰ ਵਿੱਚ ਦਰਜ ਮੰਗਾਂ ਜਲਦੀ ਨਾ ਮੰਨੀਆਂ ਤਾਂ ਸਮਰਾਲਾ ਸਬ ਡਿਵੀਜ਼ਨ ਦੇ ਸਮੂਹ ਪੈਨਸ਼ਨਰਜ਼ ਅਤੇ ਮੁਲਾਜ਼ਮ ਵੱਡੀ ਗਿਣਤੀ ਵਿੱਚ 29 ਸਤੰਬਰ ਦੇ ਪਟਿਆਲਾ ਦੇ ਰੋਸ ਧਰਨੇ ਵਿੱਚ ਸ਼ਮੂਲੀਅਤ ਕਰਨਗੇ।
ਕੈਪਸ਼ਨ : ਮੈਨੇਜਮੈਂਟ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਮੁਲਾਜ਼ਮ ਤੇ ਪੈਨਸ਼ਨਰਜ਼।