ਪੱਤਰ ਪ੍ਰੇਰਕ
ਦੋਰਾਹਾ, 2 ਫ਼ਰਵਰੀ
ਬਿਜਲੀ ਬੋਰਡ ਨਾਲ ਸਬੰਧਤ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਚੰਡੀਗੜ੍ਹ ਦੇ ਬਿਜਲੀ ਕਾਮਿਆਂ ਦੀ ਹਮਾਇਤ ਵਿਚ ਅਤੇ ਰੋਪੜ ਥਰਮਲ ਪਲਾਂਟ ਨੂੰ ਨਿੱਜੀ ਕੰਪਨੀਆਂ ਨੂੰ ਵੇਚਣ ਵਿਰੁੱਧ ਗੇਟ ਰੈਲੀ ਕੱਢੀ ਗਈ। ਇਸ ਮੌਕੇ ਬਲਵੀਰ ਸਿੰਘ, ਬੁੱਧ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ, ਕਮਲਜੀਤ ਸਿੰਘ, ਜਗਦੀਸ਼ ਸਿੰਘ ਤੇ ਰਕੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਾਅਦਿਆਂ ਤੋਂ ਮੁੱਕਰ ਗਈ ਹੈ, ਪਹਿਲਾਂ ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਕੇ ਜ਼ਮੀਨ ਕੌਡੀਆਂ ਭਾਅ ਆਪਣੇ ਚਹੇਤਿਆਂ ਨੂੰ ਦੇ ਕੇ ਹਜ਼ਾਰਾਂ ਲੋਕਾਂ ਦਾ ਉਜਾੜਾ ਕੀਤਾ ਅਤੇ ਹੁਣ ਰੋਪੜ ਥਰਮਲ ਪਲਾਂਟ ਨੂੰ ਬੰਦ ਕਰਨ ਲਈ ਰੱਸੇ ਪੈੜੇ ਵੱਟੇ ਜਾ ਰਹੇ ਹਨ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਬਿਜਲੀ ਬੋਰਡ ਦੇ ਕਾਮਿਆਂ ਵੱਲੋਂ ਨਿੱਜੀਕਰਨ ਖ਼ਿਲਾਫ਼ ਵਿੱਢੇ ਸੰਘਰਸ਼ ਨਾਲ ਇੱਕਜੁਟਤਾ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਪਬਲਿਕ ਸੈਕਟਰ ਦੇ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਕੇ ਪਹਿਲਾਂ ਵਾਲਾ ਸਰੂਪ ਬਹਾਲ ਕੀਤਾ ਜਾਵੇ, ਠੇਕੇਦਾਰੀ ਸਿਸਟਮ ਖ਼ਤਮ ਕੀਤਾ ਜਾਵੇ, ਠੇਕਾ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਨਵੀਂ ਪੱਕੀ ਭਰਤੀ ਚਾਲੂ ਕੀਤੀ ਜਾਵੇ, ਸੀ.ਐੱਚ.ਵੀ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਆਦਿ। ਇਸ ਮੌਕੇ ਲਖਵੀਰ ਸਿੰਘ, ਦਲਵੀਰ ਸਿੰਘ, ਬੂਟਾ ਸਿੰਘ ਅਤੇ ਜਸਵਿੰਦਰ ਸਿੰਘ ਨੇ ਮੰਗਾਂ ਨਾ ਪੂਰੀਆਂ ਹੋਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ।