ਸੰਤੋਖ ਗਿੱਲ
ਗੁਰੂਸਰ ਸੁਧਾਰ, 28 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਵੱਲੋਂ ਅੱਤ ਦੀ ਗਰਮੀ ਦੇ ਬਾਵਜੂਦ ਤੀਸਰੇ ਦਿਨ ਵੀ ਪਿੰਡ ਕੋਟ ਆਗਾ ਵਿਚ ਕਿਸਾਨ ਬੀਬੀਆਂ ਅਤੇ ਕਿਸਾਨ-ਮਜ਼ਦੂਰ ਪੱਕੇ ਮੋਰਚੇ ’ਤੇ ਡਟੇ ਰਹੇ। ਧਰਨੇ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਦੌਰਾਨ ਸੂਬਾ ਮੀਤ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਭਾਰਤ-ਮਾਲਾ ਪ੍ਰਾਜੈਕਟ ਤਹਿਤ 18 ਪਿੰਡਾਂ ਵਿਚ ਜਬਰੀ ਜ਼ਮੀਨ ਗ੍ਰਹਿਣ ਕਰਨ ਖ਼ਿਲਾਫ਼ ਬੁੱਧਵਾਰ 29 ਜੂਨ ਨੂੰ ਪਿੰਡ ਕਾਲਖ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਪੀੜਤ ਕਿਸਾਨਾਂ ਨੂੰ ਉਚਿੱਤ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਅਤੇ ਕਿਸਾਨ-ਮਜ਼ਦੂਰ ਚੈੱਕ ਪ੍ਰਵਾਨ ਨਹੀਂ ਕਰਦੇ ਉਨਾ ਚਿਰ ਜ਼ਮੀਨਾਂ ਗ੍ਰਹਿਣ ਨਹੀਂ ਹੋਣ ਦਿੱਤੀਆਂ ਜਾਣਗੀਆਂ।
ਕਿਸਾਨ ਆਗੂ ਗੁਰਪ੍ਰੀਤ ਸਿੰਘ ਨੂਰਪੁਰਾ, ਦਵਿੰਦਰ ਸਿੰਘ ਘਲੋਟੀ, ਕੁਲਦੀਪ ਸਿੰਘ ਗੁੱਜਰਵਾਲ, ਦਰਸ਼ਨ ਸਿੰਘ ਫੱਲੇਵਾਲ, ਰਜਿੰਦਰ ਸਿੰਘ ਸਿਆੜ, ਬਿਕਰਜੀਤ ਸਿੰਘ ਕਾਲਖ, ਜਸਬੀਰ ਸਿੰਘ ਕੋਟ ਆਗਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜਿੰਨਾ ਚਿਰ ਕਿਸਾਨਾਂ ਨੂੰ ਜ਼ਮੀਨਾਂ ਦਾ ਉਚਿਤ ਮੁਆਵਜ਼ਾ ਨਹੀਂ ਮਿਲਦਾ ਉਹ ਪ੍ਰਸ਼ਾਸਨ ਨੂੰ ਖੇਤਾਂ ਵਿੱਚ ਪੈਰ ਨਹੀਂ ਧਰਨ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕਾਲਖ ਵਿਚ ਹੋਣ ਵਾਲੀ ਸੂਬਾਈ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।