ਭਾਜਪਾ ਵੱਲੋਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਰੋਸ ਮੁਜ਼ਾਹਰੇ
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਅੱਜ ਵੱਖ-ਵੱਖ ਮੰਡਲ ਪ੍ਰਧਾਨਾਂ ਅਤੇ ਮੋਰਚਾ ਪ੍ਰਧਾਨਾਂ ਦੀ ਅਗਵਾਈ ਹੇਠ ਰੋਸ ਮੁਜ਼ਾਹਰੇ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਆਪ ਸਰਕਾਰ ਲਈ ਵਿਨਾਸ਼ਕਾਰੀ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਕਿਸਾਨਾਂ ਦੀ ਜ਼ਮੀਨ ਹਥਿਆ ਕੇ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਕਾਰੋਬਾਰੀਆਂ ਨੂੰ ਦੇਣ ਦੀ ਯੋਜਨਾ ਹੈ ਪਰ ਭਾਰਤੀ ਜਨਤਾ ਪਾਰਟੀ ਇਸ ਨੂੰ ਹਰਗਿਜ਼ ਪ੍ਰਵਾਨ ਨਹੀਂ ਕਰੇਗੀ ਅਤੇ ਇਸਦਾ ਹਰ ਪੱਧਰ ਤੇ ਵਿਰੋਧ ਕਰੇਗੀ।
ਸ੍ਰੀ ਧੀਮਾਨ ਨੇ ਕਿਹਾ ਕਿ ਇਹ ਨੀਤੀ ਕਿਸਾਨਾਂ ਅਤੇ ਗਰੀਬ ਖੇਤ ਮਜ਼ਦੂਰਾਂ ਦੇ ਹਿੱਤਾਂ ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਲਾਗੂ ਹੋ ਜਾਣ ਨਾਲ ਕਿਸਾਨ ਆਪਣੀ ਜ਼ਮੀਨ ਦਾ ਹੱਕ ਗੁਆ ਬੈਠਣਗੇ ਅਤੇ ਸੀਰੀ ਦੇ ਤੌਰ ’ਤੇ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਨੀਤੀ ਤੋਂ ਬਾਅਦ ਉਹ ਨਾਂ ਤਾਂ ਇਸ ਜ਼ਮੀਨ ਨੂੰ ਵੇਚ ਸਕਣਗੇ ਤੇ ਨਾ ਹੀ ਉਸ ਤੇ ਕਰਜ਼ਾ ਲੈ ਸਕਣਗੇ ਜਿਸ ਨਾਲ ਉਨ੍ਹਾਂ ਦੀ ਆਰਥਿਕ ਆਜ਼ਾਦੀ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਲੋਕ ਪੱਖੀ ਫ਼ੈਸਲੇ ਕਰਨਾ ਹੁੰਦਾ ਹੈ ਪਰ ਭਗਵੰਤ ਮਾਨ ਦੀ ਸਰਕਾਰ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ਤੇ ਲੋਕ ਵਿਰੋਧੀ ਫ਼ੈਸਲੇ ਕਰ ਰਹੀ ਹੈ ਜਿਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਅਗਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।
ਉਨ੍ਹਾਂ ਕਿਹਾ ਕਿ ਪੂਡਾ ਤੇ ਗਲਾਡਾ ਵੱਲੋਂ ਕੱਟੀਆਂ 50 ਹਜਾਰ ਤੋਂ ਵੱਧ ਕਲੋਨੀਆਂ ਵਿੱਚ ਅੱਧੇ ਤੋਂ ਵੱਧ ਪਲਾਟ ਖਾਲੀ ਹਨ ਕਿਉਂਕਿ ਉਨ੍ਹਾਂ ਇਲਾਕਿਆਂ ਵਿੱਚ ਲੋਕਾਂ ਲਈ ਬੁਨਿਆਦੀ ਸਹੂਲਤਾਂ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪਹਿਲਾਂ ਉਹ ਅਧੂਰੇ ਪ੍ਰਾਜੈਕਟਾਂ ਨੂੰ ਪੂਰੇ ਕਰੇ ਤੇ ਉਸ ਤੋਂ ਬਾਅਦ ਹੀ ਕਿਸਾਨ ਦੀ ਜ਼ਮੀਨ ਹਥਿਆ ਕੇ ਉਸ ਉੱਪਰ ਸ਼ਹਿਰੀ ਵਿਕਾਸ ਦੀ ਯੋਜਨਾ ਤਿਆਰ ਕਰੇ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਕਿਸਾਨ ਮਾਰੂ ਫ਼ੈਸਲਾ ਵਾਪਸ ਨਾ ਲਿਆ ਤਾਂ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਕਰਕੇ ਸਰਕਾਰ ਨੂੰ ਇਹ ਕਿਸਾਨ ਮਾਰੂ ਫ਼ੈਸਲਾ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾਵੇਗਾ।