ਬਿਜਲੀ ਤੇ ਕਿਰਤ ਕਾਨੂੰਨਾਂ ਵਿਰੁੱਧ ਮੁਜ਼ਾਹਰੇ
ਲਲਤੋਂ ਕਲਾਂ ਸਰਕਲ ਦਫ਼ਤਰ ਅੱਗੇ ਬਿਜਲੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸੇਵਾਮੁਕਤ ਕਾਮਿਆਂ ਦੀ ਜਥੇਬੰਦੀ ਨੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਨਾਅਰੇਬਾਜ਼ੀ ਕਰਦਿਆਂ ਬਿਜਲੀ ਕਾਨੂੰਨ 2025 ਦੇ ਖਰੜੇ ਅਤੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ। ਮੁਜ਼ਾਹਰੇ ਵਿੱਚ ਟੀ ਐੱਸ ਯੂ, ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ (ਏਟਕ) ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਕਾਮਿਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਦੇਸ਼ ਭਰ ਵਿੱਚ ਬਿਜਲੀ ਬਿੱਲ 2025 ਅਤੇ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਵਿਰੁੱਧ ਸੂਬਿਆਂ ਦੀਆਂ ਰਾਜਧਾਨੀਆਂ ਵਿਚ ਰੋਸ ਪ੍ਰਦਰਸ਼ਨਾਂ ਦੀ ਹਮਾਇਤ ਕਰਦਿਆਂ ਰੈਲੀ ਕਰ ਕੇ ਸਾਂਝੇ ਸੰਘਰਸ਼ ਦਾ ਸਮਰਥਨ ਕੀਤਾ। ਰੈਲ਼ੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਬਿਜਲੀ ਕਾਨੂੰਨ 2025 ਬਣਾ ਕੇ ਬਿਜਲੀ ਅਦਾਰਿਆਂ ਦੇ ਨਿੱਜੀਕਰਨ ਰਾਹ ਖੋਲ੍ਹਣ ਦੀ ਤਿਆਰੀ ਵਿੱਚ ਜੁਟੀ ਹੈ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਨੇ ਕਾਰਪੋਰੇਟ ਘਰਾਣਿਆਂ ਦੀ ਅੰਨ੍ਹੀ ਲੁੱਟ ਦਾ ਰਾਹ ਖੋਲ੍ਹਦਿਆਂ ਕਿਰਤੀਆਂ ਨੂੰ ਥੋੜ੍ਹੀ-ਬਹੁਤ ਰਾਹਤ ਦੇਣ ਵਾਲੇ 44 ਕਿਰਤ ਕਾਨੂੰਨਾਂ ਦਾ ਭੋਗ ਪਾ ਦਿੱਤਾ ਹੈ ਅਤੇ ਚਾਰ ਲੇਬਰ ਕੋਡ ਲਾਗੂ ਕਰ ਕੇ ਮਜ਼ਦੂਰਾਂ ਨੂੰ ਗ਼ੁਲਾਮੀ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਰੋਨਾ ਕਾਲ ਸਮੇਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਵਾਪਸ ਲੈਣ ਦੀ ਮੰਗ ਵੀ ਕੀਤੀ। ਬਿਜਲੀ ਕਾਮਿਆਂ ਦੇ ਆਗੂ ਜ਼ਮੀਰ ਹੁਸੈਨ, ਚਮਕੌਰ ਸਿੰਘ, ਜਗਤਾਰ ਸਿੰਘ, ਛਿੰਦਰਪਾਲ ਸਿੰਘ, ਕਰਤਾਰ ਸਿੰਘ ਤੇ ਕਰਨੈਲ ਸਿੰਘ ਨੇ ਸੰਬੋਧਨ ਕੀਤਾ।
ਲੁਧਿਆਣਾ (ਗੁਰਿੰਦਰ ਸਿੰਘ): ਪੰਜਾਬ ਭਰ ਦੇ ਬਿਜਲੀ ਮੁਲਾਜ਼ਮਾਂ ਨੇ ਅੱਜ ਮੋਦੀ ਸਰਕਾਰ ਵੱਲੋਂ 44 ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਲਾਗੂ ਕੀਤੇ 4 ਲੇਬਰ ਕੋਡਾਂ ਨੂੰ ਵਾਪਸ ਲੈਣ ਅਤੇ ਬਿਜਲੀ ਬਿੱਲ 2025 ਦਾ ਵਿਰੋਧ ਕਰਦਿਆਂ ਸੁੰਦਰ ਨਗਰ ਡਿਵੀਜ਼ਨ ਦੇ ਬਾਹਰ ਅਰਥੀ ਫ਼ੂਕ ਮੁਜ਼ਾਹਰਾ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਿਜਲੀ ਏਕਤਾ ਮੰਚ, ਜੁਆਇੰਟ ਫੋਰਮ, ਏ ਓ ਜੇ ਈ, ਗਰਿੱਡ ਸਬ ਸਟੇਸ਼ਨ ਐਂਪਲਾਈਜ਼ ਯੂਨੀਅਨ ਅਤੇ ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਵੱਲੋਂ ਸੁੰਦਰ ਨਗਰ ਡਿਵੀਜ਼ਨ ਵਿੱਚ ਗੇਟ ਰੈਲੀਆਂ ਕਰਨ ਉਪਰੰਤ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ ਏਟਕ ਦੇ ਡਿਵੀਜ਼ਨ ਸਕੱਤਰ ਦੀਪਕ ਕੁਮਾਰ, ਟੀ ਐੱਸ ਯੂ ਦੇ ਡਿਵੀਜ਼ਨ ਪ੍ਰਧਾਨ ਧਰਮਪਾਲ ਤੇ ਐਂਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਜ਼ੋਨ ਆਗੂ ਸਰਤਾਜ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਅਮਰਜੀਤ ਸਿੰਘ, ਕਮਲਦੀਪ ਸਿੰਘ ਰਣੀਆ, ਰਾਮਦਾਸ, ਜਸਵਿੰਦਰ ਸਿੰਘ ਪ੍ਰਕਾਸ਼ ਚੰਦ, ਰਾਮ ਅਵਧ ਤੇ ਵਿਨੋਦ ਕੁਮਾਰ ਆਦਿ ਹਾਜ਼ਰ ਸਨ।
ਇਸ ਦੌਰਾਨ ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਨੇ ਦੇਸ਼-ਵਿਆਪੀ ਸੱਦੇ ’ਤੇ ਅੱਜ ਯੂਨਾਈਟਿਡ ਫਰੰਟ ਆਫ਼ ਟਰੇਡ ਯੂਨੀਅਨਜ਼ ਵੱਲੋਂ ਚਾਰ ਨਵੇਂ ਕਿਰਤ ਕਾਨੂੰਨਾਂ ਖ਼ਿਲਾਫ਼ ਮੁਜ਼ਾਹਰਾ ਕਰਕੇ ਕਾਨੂੰਨ ਦੀਆਂ ਕਾਪੀਆਂ ਫੂਕੀਆਂ ਗਈਆਂ ਅਤੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਲਈ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਵਿੱਚ 21 ਨਵੰਬਰ 2025 ਨੂੰ ਜਾਰੀ ਕੀਤਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਐਮ ਐੱਸ ਭਾਟੀਆ, ਗੁਰਜੀਤ ਸਿੰਘ ਜਗਪਾਲ, ਜਗਦੀਸ਼ ਚੰਦ, ਵਿਜੇ ਕੁਮਾਰ ਸਰਬਜੀਤ ਸਿੰਘ ਸਰਹਾਲੀ ਅਤੇ ਪਰਮਜੀਤ ਸਿੰਘ ਨੇ ਸੰਬੋਧਨ ਕੀਤਾ।
ਟਰੇਡ ਯੂਨੀਅਨਾਂ ਦੇ ਸੱਦੇ ’ਤੇ ਕੇਂਦਰ ਖ਼ਿਲਾਫ਼ ਮੁਜ਼ਾਹਰਾ
ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਕ ਸਥਾਮਲ ਬੱਸ ਅੱਡੇ ’ਤੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਿਰਤ ਕੋਡਾਂ ਖ਼ਿਲਾਫ਼ ਜ਼ਬਰਦਸਤ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਵੱਖ-ਵੱਖ ਅਦਾਰਿਆਂ ਤੋਂ ਆਏ ਮਜ਼ਦੂਰਾਂ, ਮੁਲਾਜ਼ਮਾਂ ਅਤੇ ਜਮਹੂਰੀ ਕਾਰਕੁਨਾਂ ਦੀ ਰੈਲੀ ਨੂੰ ਏਟਕ ਦੇ ਸੂਬਾਈ ਆਗੂ ਗੁਰਦੀਪ ਸਿੰਘ ਮੋਤੀ, ਜਮਹੂਰੀ ਕਿਸਾਨ ਸਭਾ ਦੇ ਆਗੂ ਗੂਰਮੇਲ ਸਿੰਘ ਰੂਮੀ, ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ, ਫੂਡ ਅਟੈਂਡ ਅਲਾਈਡ ਯੂਨੀਅਨ ਦੇ ਆਗੂ ਅਵਤਾਰ ਸਿੰਘ ਬਿੱਲਾ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਮਜ਼ਦੂਰ ਜਮਾਤ ਵਲੋਂ ਰੋਕੇ ਹੋਏ ਚਾਰ ਕਿਰਤ ਕੋਡ ਕਿਰਤੀ ਵਰਗ ਦੇ ਨਿਰੰਤਰ ਵਿਰੋਧ ਦੇ ਬਾਵਜੂਦ ਹੁਣ ਮੋਦੀ ਸਰਕਾਰ ਨੇ ਲਾਗੂ ਕਰ ਦਿੱਤੇ ਹਨ। ਪੁਰਾਣੇ ਕਿਰਤ ਕਾਨੂੰਨਾਂ ਨੂੰ ਕਾਰਪੋਰੇਟ ਪੂੰਜੀਵਾਦ ਦੇ ਹੱਕ ਵਿੱਚ ਪੂਰੀ ਤਰ੍ਹਾਂ ਬਦਲ ਕੇ ਕਿਰਤੀ ਵਰਗ ਨਾਲ ਹਕੂਮਤ ਨੇ ਧ੍ਰੋਹ ਕਮਾਇਆ ਹੈ।
