ਗੁਰਿੰਦਰ ਸਿੰਘ
ਲੁਧਿਆਣਾ, 5 ਮਈ
ਭਾਰਤੀ ਜਨਤਾ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਪੰਜਾਬ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਅਤੇ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਦੇ ਰੋਸ ਵਜੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕਰ ਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਦੇਖ-ਰੇਖ ਹੇਠ ਹੋਏ ਮੁਜ਼ਾਹਰੇ ਸਮੇਂ ਸਾਬਕਾ ਪ੍ਰਧਾਨ ਪ੍ਰੋ. ਰਜਿੰਦਰ ਭੰਡਾਰੀ, ਜੀਵਨ ਗੁਪਤਾ, ਪ੍ਰਵੀਨ ਬਾਂਸਲ, ਗੁਰਦੇਵ ਸ਼ਰਮਾ ਦੇਵੀ, ਮੁੱਖ ਬੁਲਾਰੇ ਅਨਿਲ ਸਰੀਨ, ਐੱਸਸੀ ਮੋਰਚਾ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਟਵਾਲ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਅੱਜ ਸ਼ਹਿਰਾਂ ਅਤੇ ਪਿੰਡਾਂ ਵਿੱਚ 12 ਤੋਂ 14 ਘੰਟੇ ਦੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ। ਜ਼ਿਲ੍ਹਾ ਪ੍ਰਧਾਨ ਸਿੰਘਲ ਨੇ ਪੰਜਾਬ ਦੀ ਦਿਨ-ਬ-ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋ ਰਹੀ ਹੈ ਅਤੇ ਲੋਕ ਸਰਕਾਰ ਬਣਾ ਕੇ ਹੁਣ ਪਛਤਾ ਰਹੇ ਹਨ। ਇਸ ਮੌਕੇ ਰਾਮ ਗੁਪਤਾ, ਗੁਰਦੀਪ ਸਿੰਘ ਗੋਸ਼ਾ, ਸੁਨੀਲ ਮੋਦਗਿਲ, ਗੁਰਪ੍ਰੀਤ ਭੱਟੀ, ਐੱਸਆਰ ਲੱਧੜ, ਕੁੰਵਰ ਨਰਿੰਦਰ ਸਿੰਘ, ਜਗਮੋਹਨ ਸ਼ਰਮਾ, ਸਤਿੰਦਰ ਤਾਜਪੁਰੀਆ ਅਤੇ ਡਾ. ਸਤੀਸ਼ ਕੁਮਾਰ ਸਮੇਤ ਕਈ ਆਗੂ ਹਾਜ਼ਰ ਸਨ।