ਨਰੈਣਗੜ੍ਹ ਨੇੜੇ ਟਾਇਰ ਰੀਸਾਈਕਲਿੰਗ ਫੈਕਟਰੀ ਖ਼ਿਲਾਫ਼ ਲੋਕਾਂ ’ਚ ਰੋਸ
ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ; ਜਾਂਚ ਰਿਪੋਰਟ ਜਨਤਕ ਕਰਨ ਦੀ ਮੰਗ
ਪੰਜਾਬ ਵਿੱਚ ਉਦਯੋਗਿਕ ਇਕਾਈਆਂ ਵੱਲੋਂ ਵਾਤਾਵਰਨ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਹਿਤ ਪਿੰਡ ਨਰੈਣਗੜ੍ਹ ਨੇੜੇ ਭਗਤ ਪੂਰਨ ਸਿੰਘ ਮਾਰਗ ’ਤੇ ਚੱਲ ਰਹੀ ਟਾਇਰ ਰੀਸਾਈਕਲਿੰਗ ਫੈਕਟਰੀ ਸਬੰਧੀ ਇਲਾਕਾ ਵਾਸੀਆਂ ਵਿੱਚ ਕਾਫ਼ੀ ਰੋਹ ਪਾਇਆ ਜਾ ਰਿਹਾ ਹੈ। ਲੋਕਾਂ ਦਾ ਦੋਸ਼ ਹੈ ਕਿ ਫੈਕਟਰੀ ਵਿੱਚ ਰਾਤ ਸਮੇਂ ਟਾਇਰ ਸਾੜ ਕੇ ਤੇਲ ਕੱਢਿਆ ਜਾਂਦਾ ਹੈ, ਜਿਸ ਨਾਲ ਫੈਲਣ ਵਾਲੇ ਕਾਲੇ ਧੂੰਏਂ ਕਾਰਨ ਵਾਤਾਵਰਨ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋ ਰਿਹਾ ਹੈ। ਪਿੰਡ ਰੋਹਣੋ ਖੁਰਦ ਦੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਅਤੇ ਹੋਰ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਫੈਕਟਰੀ ਵੱਲੋਂ ਨਿਯਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਗਪਗ ਪੰਜ ਸਾਲ ਪਹਿਲਾਂ ਵੀ ਇਸ ਫੈਕਟਰੀ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਸੀ, ਪਰ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ। ਇਲਾਕਾ ਵਾਸੀਆਂ ਨੇ ਈ ਆਈ ਏ ਨੋਟੀਫਿਕੇਸ਼ਨ 2006 ਤਹਿਤ ਲੋੜੀਂਦੀਆਂ ਵਾਤਾਵਰਨੀ ਮਨਜ਼ੂਰੀਆਂ ਅਤੇ ਜਨਤਕ ਸੁਣਵਾਈ ਦੀ ਪ੍ਰਕਿਰਿਆ ਸਬੰਧੀ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਫੈਕਟਰੀ ਨਾਲ ਸਬੰਧਤ ਸਾਰੇ ਦਸਤਾਵੇਜ਼ ਅਤੇ ਜਾਂਚ ਰਿਪੋਰਟਾਂ ਜਨਤਕ ਕੀਤੀਆਂ ਜਾਣ।
ਵਾਤਾਵਰਨ ਮਾਹਿਰਾਂ ਅਨੁਸਾਰ ਟਾਇਰਾਂ ਨੂੰ ਗ਼ੈਰ-ਨਿਯਮਤ ਢੰਗ ਨਾਲ ਸਾੜਨ ਨਾਲ ਸਲਫਰ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ ਅਤੇ ਭਾਰੀ ਧਾਤਾਂ ਵਰਗੇ ਹਾਨੀਕਾਰਕ ਪ੍ਰਦੂਸ਼ਕ ਪੈਦਾ ਹੁੰਦੇ ਹਨ, ਜੋ ਮਨੁੱਖੀ ਸਿਹਤ ਅਤੇ ਧਰਤੀ ਹੇਠਲੇ ਪਾਣੀ ਲਈ ਗੰਭੀਰ ਖ਼ਤਰਾ ਬਣ ਸਕਦੇ ਹਨ। ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਕਿ ਫੈਕਟਰੀ ਵਿੱਚੋਂ ਨਿਕਲਣ ਵਾਲੇ ਕਥਿਤ ਗੰਦੇ ਪਾਣੀ ਕਾਰਨ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਲਈ ਅਧਿਕਾਰਤ ਜਾਂਚ ਰਿਪੋਰਟ ਅਤੇ ਪਾਣੀ ਦੇ ਨਮੂਨਿਆਂ ਦੀ ਜਾਂਚ ਜ਼ਰੂਰੀ ਹੈ। ਇਸ ਮਾਮਲੇ ਨੂੰ ਲੈ ਕੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਸੂਚਨਾ ਅਧਿਕਾਰ ਐਕਟ ਦੀ ਧਾਰਾ 7(1) ਤਹਿਤ 48 ਘੰਟਿਆਂ ਵਿੱਚ ਜਾਣਕਾਰੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲਾ ਲੋਕਾਂ ਦੇ ਜੀਵਨ ਅਤੇ ਆਜ਼ਾਦੀ ਨਾਲ ਸਬੰਧਤ ਹੋਣ ਕਾਰਨ ਤੁਰੰਤ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਮਨਪ੍ਰੀਤ ਸਿੰਘ, ਹਰਦੀਪ ਸਿੰਘ ਟੋਨੀ, ਡਾ. ਰਾਮ ਚੰਦ ਸਿੰਘ, ਰਣਧੀਰ ਸਿੰਘ, ਹਰਪ੍ਰੀਤ ਸਿੰਘ, ਲੱਖੀ ਨੈਰਣਗੜ੍ਹ ਅਤੇ ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
ਰਿਪੋਰਟ ਡੀ ਸੀ ਨੂੰ ਭੇਜੀ: ਐਕਸੀਅਨ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਮੋਹਿਤ ਸਿੰਗਲਾ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਉਨ੍ਹਾਂ ਮੁਤਾਬਕ ਵਿਭਾਗੀ ਟੀਮ ਜਦੋਂ ਜਾਂਚ ਲਈ ਗਈ ਤਾਂ ਫੈਕਟਰੀ ਬੰਦ ਮਿਲੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰੀ ਰਿਪੋਰਟ ਤਿਆਰ ਕਰ ਕੇ ਡਿਪਟੀ ਕਮਿਸ਼ਨਰ ਨੂੰ ਭੇਜੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਫੈਕਟਰੀ ਮਾਲਕ ਨੂੰ ਹਦਾਇਤ ਕੀਤੀ ਗਈ ਹੈ ਕਿ ਜਦੋਂ ਵੀ ਫੈਕਟਰੀ ਚਾਲੂ ਕੀਤੀ ਜਾਵੇ ਤਾਂ ਇਸ ਬਾਰੇ ਪਹਿਲਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਵਿਭਾਗੀ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਫੈਕਟਰੀ ਦਾ ਮੁਆਇਨਾ ਕਰ ਸਕਣ।

