ਜੋਗਿੰਦਰ ਸਿੰਘ ਓਬਰਾਏ
ਖੰਨਾ, 29 ਸਤੰਬਰ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਫ਼ੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਾਂ ਨੇ ਕਰਮ ਚੰਦ ਦੀ ਅਗਵਾਈ ਹੇਠ ਧਰਨਾ ਲਾਇਆ ਜਿਸ ਵਿੱਚ ਵਰਕਰਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਵਿਭਾਗੀ ਅਧਿਕਾਰੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਦਲਵੀਰ ਸਿੰਘ, ਸਤਨਾਮ ਸਿੰਘ ਅਤੇ ਬਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚ ਆਊਟਸੋਰਸ ਅਤੇ ਵਰਕਰ ਦੇ ਰੂਪ ਵਿੱਚ ਭਰਤੀ ਕੀਤਾ ਗਿਆ ਸੀ ਅਤੇ ਉਨ੍ਹਾਂ ਜਦੋਂ ਆਪਣਾ ਪੱਕਾ ਰੁਜ਼ਗਾਰ ਕਰਵਾਉਣ ਦੀ ਮੰਗ ਕੀਤੀ ਤਾਂ ਵਿਭਾਗੀ ਅਧਿਕਾਰੀਆਂ ਵੱਲੋਂ ਧੱਕੇ ਨਾਲ ਇਨਸਿਟਡ ਠੇਕੇਦਾਰ ਬਣਾ ਕੇ ਰੈਗੂਲਰ ਕਰਨ ਦੀ ਮੰਗ ਦੇ ਉਲਟ ਫ਼ੈਸਲਾ ਲੈ ਲਿਆ ਗਿਆ। ਜਥੇਬੰਦੀ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਦੇ ਝੰਡੇ ਬੁਲੰਦ ਕਰਕੇ ਵਰਕਰ ਵਿਰੋਧੀ ਰਿਪੋਰਟ ਨੂੰ ਰੱਦ ਕਰਵਾਉਣ ਲਈ ਅੱਗੇ ਆਉਣ। ਜਥੇਬੰਦੀ ਨੇ ਮੰਗ ਕੀਤੀ ਕਿ ਆਊਟਸੋਰਸ ਵਰਕਰਾਂ ਨੂੰ ਵਿਭਾਗ ਵਿੱਚ ਮਰਜ਼ ਕਰ ਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ, ਭਵਿੱਖ ’ਚ ਵਰਕਰਾਂ ਨੂੰ ਤਜਰਬੇ ਦੇ ਆਧਾਰ ’ਤੇ ਤਨਖਾਹ ਨਿਯਮ ਲਾਗੂ ਕੀਤੇ ਜਾਣ, ਵਾਧੂ ਕੰਮ ਕਰਵਾਉਣ ਬਦਲੇ ਭੱਤਾ ਦਿੱਤਾ ਜਾਵੇ, ਵਰਕਰਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ ਅਤੇ ਆਊਟਸੋਰਸ ਵਰਕਰਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ।
ਲੁਧਿਆਣਾ (ਖੇਤਰੀ ਪ੍ਰਤੀਨਿਧ): ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਤਹਿਤ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੇ ਪ੍ਰਤਾਪ ਚੌਕ ਦੇ ਕਾਰਜਕਾਰੀ ਇੰਜਨੀਅਰ ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ ਦੀ ਅਗਵਾਈ ਹੇਠ ਧਰਨਾ ਲਾਇਆ ਜਿਸ ’ਚ ਜਲ ਸਪਲਾਈ ਵਰਕਰਾਂ ਨੇ ਆਪਣੇ ਪਰਿਵਾਰਾਂ ਸਮੇਤ ਹਿੱਸਾ ਲਿਆ। ਸੂਬਾ ਆਗੂ ਕੁਲਦੀਪ ਸਿੰਘ ਬੁੱਢੇਵਾਲ ਤੇ ਹੋਰ ਆਗੂਆਂ ਨੇ ਨੇ ਚੇਤਾਵਨੀ ਦਿੱਤੀ ਕਿ 16-09-2022 ਨੂੰ ਤਿਆਰ ਕੀਤੀ ਵਰਕਰ ਵਿਰੋਧੀ ਰਿਪੋਰਟ ਨੂੰ ਜੇਕਰ ਕਿਸੇ ਵੀ ਕਾਰਜਕਾਰੀ ਇੰਜੀਨੀਅਰ ਵੱਲੋਂ ਲਾਗੂ ਕਰਨ ਦਾ ਯਤਨ ਕੀਤਾ ਗਿਆ ਤਾਂ ਉਸਦੇ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।