ਵੱਖ-ਵੱਖ ਜਥੇਬੰਦੀਆਂ ਵੱਲੋਂ ਮੰਗਾਂ ਸਬੰਧੀ ਮੁਜ਼ਾਹਰੇ 15 ਨੂੰ
ਭਾਰਤੀ ਕਿਸਾਨ ਯੂਨੀਅਨ (ਏਕਤਾਂ ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਪੈਨਸ਼ਨਰ ਯੂਨੀਅਨ ਦੇ ਆਗੂ ਜਗਦੇਵ ਸਿੰਘ ਅਤੇ ਮਜ਼ਦੂਰ ਆਗੂ ਹਰਜਿੰਦਰ ਸਿੰਘ ਨੇ ਅੱਜ ਇਥੇ ਕਿਹਾ ਕਿ ਵੱਖ ਵੱਖ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਜ਼ਿਲ੍ਹਾ-ਤਹਿਸੀਲਾਂ ’ਤੇ ਸਾਂਝੇ ਤੌਰ ’ਤੇ ਦੇਸ਼ੀ ਵਿਦੇਸ਼ੀ ਕੰਪਨੀਆਂ ਨੂੰ ਹਾਕਮਾਂ ਵੱਲੋਂ ਕੁਦਰਤੀ ਸੋਮੇ ਲੁਟਾਉਣ ਵਾਲੀਆਂ ਨੀਤੀਆਂ ਖਿਲਾਫ਼ ਅਤੇ ਲੋਕਾਂ ਦੇ ਸੰਘਰਸ਼ਾਂ ਨੂੰ ਕੁਚਲਣ ਲਈ ਲਿਆਂਦੇ ਨਵੇਂ ਫੌਜਦਾਰੀ ਕਾਨੂੰਨਾਂ ਖਿਲਾਫ਼ ਜਨਤਕ ਮੁਜ਼ਾਹਰੇ ਕੀਤੇ ਜਾਣਗੇ। ਇਸ ਮੌਕੇ ਅਵਤਾਰ ਸਿੰਘ ਭੱਟੀਆਂ, ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।
ਇਸ ਮੌਕੇ ਜਸਵੀਰ ਸਿੰਘ, ਮਲਕੀਤ ਸਿੰਘ ਅਤੇ ਬੁੱਧ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਫੌਜਦਾਰੀ ਕਾਨੂੰਨ ਤੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ’ਤੇ ਕੇਸ਼ ਬਣਾਉਣ ਦੇ ਫੈਸਲੇ ਰੱਦ ਕੀਤੇ ਜਾਣ, ਸ਼ਜਾਵਾਂ ਪੂਰੀਆਂ ਕਰ ਚੁੱਕੇ ਕੈਦੀ ਫੌਰੀ ਰਿਹਾਅ ਕੀਤੇ ਜਾਣ, ਭਾਰਤ ਵਿਸ਼ਵ ਵਪਾਰ ਸੰਸਥਾ ’ਚੋਂ ਬਾਹਰ ਆਏ, ਸਾਮਰਾਜੀ ਮੁਲਕਾਂ ਨਾਲ ਕੀਤੀਆਂ ਦੇਸ਼ਧ੍ਰੋਹੀ ਸੰਧੀਆਂ ਰੱਦ ਕੀਤੀਆਂ ਜਾਣ ਅਤੇ ਨਿੱਜੀਕਰਨ, ਵਪਾਰੀਕਰਨ ਵਾਲੀਆਂ ਆਰਥਿਕ ਨੀਤੀਆਂ ਰੱਦ ਕੀਤੀਆਂ ਜਾਣ ਆਦਿ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਾਂਗ ਲੋਕਾਂ ਨੂੰ ਅੱਜ ਦੇ ਅੰਗਰੇਜ਼ਾਂ ਖਿਲਾਫ਼ ਜੂਝਣ ਦੀ ਸਖ਼ਤ ਲੋੜ ਹੈ ਨਹੀਂ ਤਾਂ ਉਹ ਦਿਨ ਦੂਰ ਨਹੀਂ ਜਦੋਂ ਹਰ ਵਰਗ ਕਾਰਪੋਰੇਟ ਘਰਾਣਿਆਂ ਦਾ ਬੰਦੀ ਬਣ ਜਾਵੇਗਾ।