ਬੰਦੀ ਸਿੰਘਾਂ ਦੀ ਰਿਹਾਈ ਲਈ ਮੁਜ਼ਾਹਰੇ ਅੱਜ
ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਸ ਪੰਜਾਬ ਵੱਲੋਂ ਭਲਕੇ 4 ਅਗਸਤ ਨੂੰ ਸਵੇਰੇ 11 ਵਜੇ ਪੁਤਲਾ ਫ਼ੂਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਆਬਜ਼ਰਵਰ ਪ੍ਰਿਥੀਪਾਲ ਸਿੰਘ ਬਟਾਲਾ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਹੋ ਰਹੇ ਮੁਜ਼ਾਹਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ। ਇਸ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ਨੇ ਦੱਸਿਆ ਹੈ ਕਿ ਰੋਸ ਮੁਜ਼ਾਹਰੇ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਜ਼ਿਲ੍ਹੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਵਰਕਰਾਂ ਤੋਂ ਇਲਾਵਾ ਵੱਖ ਵੱਖ ਵਰਗਾਂ ਦੇ ਪ੍ਰਤੀਨਿਧ ਸ਼ਾਮਲ ਹੋਣਗੇ। ਇਸ ਦੌਰਾਨ ਕੌਮੀ ਇਨਸਾਫ਼ ਮੋਰਚਾ ਦੀ ਤਾਲਮੇਲ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਨੇ ਸਾਰੇ ਮੈਂਬਰਾਂ ਨੂੰ ਸਵੇਰੇ 11 ਵਜੇ ਪੰਜਾਬੀ ਭਵਨ ਦੇ ਬਾਹਰ ਸੜਕ ਉਤੇ ਇਕੱਤਰ ਹੋਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਥੋਂ ਇੱਕ ਕਾਫ਼ਲਾ ਜੈਕਾਰਿਆਂ ਦੀ ਗੂੰਜ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁਜ਼ਾਹਰੇ ਉਪਰੰਤ ਗੁਰੂ ਗ੍ਰੰਥ ਸਾਹਿਬ ਦੀ ਰਾਖੀ ਲਈ ਸਖ਼ਤ ਕਾਨੂੰਨ ਬਣਾਉਣ, ਕੋਟਕਪੂਰਾ ਬਹਿਬਲ ਗੋਲੀ ਕਾਂਡ ਦਾ ਆਖਰੀ ਚਾਲਾਨ ਪੇਸ਼ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਆਦਿ ਮੰਗਾਂ ਨੂੰ ਪੂਰਾ ਕਰਨ ਲਈ ਇੱਕ ਮੰਗ ਪੱਤਰ ਦਿੱਤਾ ਜਾਵੇਗਾ ਕਿਉਂਕਿ ਇਨ੍ਹਾਂ ਮੰਗਾਂ ਨੂੰ ਪੂਰਾ ਕਰਨਾ ਸਰਕਾਰ ਦੀ ਨੈਤਿਕ, ਕਾਨੂੰਨੀ ਅਤੇ ਸੰਵਿਧਾਨਿਕ ਜ਼ਿੰਮੇਵਾਰੀ ਹੈ ਪ੍ਰੰਤੂ ਇਹ ਸਰਕਾਰ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਰਹੀ।