ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਸੂਬਾਈ ਕਨਵੈਨਸ਼ਨ
ਪੰਜਾਬ ਵਿੱਚ ਸਕੂਲਾਂ ਦੇ ਸਰਕਾਰੀਕਰਨ ਦੀ 68ਵੀਂ ਵਰ੍ਹੇ ਗੰਢ ਨੂੰ ਸਮਰਪਿਤ ਅਤੇ ਸਿੱਖਿਆ ਦੇ ਪ੍ਰਾਈਵੇਟਕਰਨ-ਵਪਾਰੀਕਰਨ ਦੇ ਵਿਰੋਧ ਵਿੱਚ ਅੱਜ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੂਬਾਈ ਕਨਵੈਨਸ਼ਨ ਜਥੇਬੰਦੀ ਦੇ ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਪਰਵੀਨ ਕੁਮਾਰ, ਜਿੰਦਰ ਪਾਇਲਟ, ਨਵੀਨ ਸੱਚਦੇਵਾ ਅਤੇ ਪ੍ਰੇਮ ਚਾਵਲਾ ਦੇ ਆਧਾਰਤ ਪ੍ਰਧਾਨਗੀ ਮੰਡਲ ਵੱਲੋਂ ਕੀਤੀ ਗਈ। ਇਸ ਮੌਕੇ ਚਰਨ ਸਿੰਘ ਸਰਾਭਾ ਨੇ ਪਹਿਲੀ ਅਕਤੂਬਰ 1957 ਤੋਂ ਪਹਿਲਾਂ ਜਥੇਬੰਦੀ ਦੇ ਆਗੂ ਬਾਬਾ ਮਹਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਲੜੇ ਗਏ ਸੰਘਰਸ਼ ਤੇ ਰੋਸ਼ਨੀ ਪਾਈ ਅਤੇ ਲੰਬੇ ਸੰਘਰਸ਼ਾਂ ਤੋਂ ਬਾਅਦ ਸਕੂਲਾਂ ਦੇ ਸਰਕਾਰੀਕਰਨ ਨੂੰ ਇਤਿਹਾਸਕ ਫੈਸਲਾ ਕਰਾਰ ਦਿੱਤਾ। ਅਧਿਆਪਕਾਂ ਨੂੰ ਸਰਕਾਰੀ ਮੁਲਾਜਮ ਹੋਣ ਦਾ ਰੁਤਬਾ ਪ੍ਰਦਾਨ ਕੀਤਾ ਅਤੇ ਪੰਜਾਬ ਦੇ ਸਾਰੇ ਵਿੱਦਿਆਰਥੀਆਂ ਨੂੰ ਇਕਸਾਰ ਅਤੇ ਗੁਣਾਤਮਕ ਚੰਗੇਰੀ ਸਿੱਖਿਆ ਪ੍ਰਾਪਤ ਕਰਨ ਦੇ ਸਮਾਨ ਅਵਸਰ ਪ੍ਰਾਪਤ ਹੋਏ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਸਮੇਂ ਸਮੇਂ ਦੀਆਂ ਹਕੂਮਤਾਂ ਨੇ ਵੱਖ-ਵੱਖ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਸਕੂਲਾਂ ਵਿੱਚ ਨਵੀਆਂ ਵੰਡੀਆਂ ਪਾਈਆਂ ਗਈਆਂ ਹਨ ਜਿਸ ਕਾਰਨ ਅਧਿਆਪਕਾਂ/ਮੁਲਾਜ਼ਮਾਂ ਦੀਆਂ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਪੰਜਾਬ ਸਰਕਾਰ ਤੋਂ ਵੱਖ-ਵੱਖ ਤਰ੍ਹਾਂ ਦੇ ਸਕੂਲਾਂ ਨੂੰ ਸਟਾਫ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਅਧਿਆਪਕਾਂ ਦੀ ਖਾਲੀ ਪਈਆਂ ਅਸਾਮੀਆਂ ਤੇ ਪੱਕੀ ਭਰਤੀ ਕਰਨ, ਸਾਰੇ ਵਰਗਾਂ ਦੀਆਂ ਬਣਦੀਆਂ ਤਰੱਕੀਆਂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣੇ ਬੰਦ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਵਾਸਤੇ ਸੱਤਵਾਂ ਤਨਖਾਹ ਕਮਿਸ਼ਨ ਸਥਾਪਤ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਹੜ੍ਹ ਪੀੜਤ ਇਲਾਕੇ ਵਾਲੇ ਵਿਦਿਆਰਥੀਆਂ ਦੀਆਂ ਬੋਰਡ ਦੀਆਂ ਸਾਰੀਆਂ ਫੀਸਾਂ ਮਾਫ ਕੀਤੀਆਂ ਜਾਣ, ਠੇਕੇ ਤੇ ਸਾਲਾ ਬੱਧੀ ਕੰਮ ਕਰਦੇ ਸਿੱਖਿਆ ਪੋਰਵਾਈਡਰ, ਈ.ਜੀ.ਐਸ,ਏ.ਆਈ.ਈ, ਨਾਨ-ਟੀਚਿੰਗ ਕਰਮਚਾਰੀਆਂ ਆਦਿ ਨੂੰ ਸਿੱਖਿਆ ਵਿਭਾਗ ਵਿੱਚ ਸਰਕਾਰੀ ਰੈਗੂਲਰ ਗਰੇਡ ਦਿੱਤੇ ਜਾਣ ਦੀ ਮੰਗ ਕੀਤੀ ਗਈ। ਇਸ ਕਨਵੈਨਸ਼ਨ ਨੂੰ ਆਗੂ ਗੁਰਪ੍ਰੀਤ ਸਿੰਘ ਮਾੜੀ ਮੇਘਾ, ਬਲਜਿੰਦਰ ਸਿੰਘ ਵਡਾਲੀ, ਰਕੇਸ਼ ਧਵਨ, ਪਰਮਿੰਦਰ ਪਾਲ ਸਿੰਘ ਕਾਲੀਆ ਅਤੇ ਭਰਾਤਰੀ ਜਥੇਬੰਦੀ ਦੇ ਆਗੂ ਰਣਜੀਤ ਸਿੰਘ ਰਾਣਵਾਂ, ਗੁਰਮੇਲ ਸਿੰਘ ਮੈਲਡੇ, ਗੁਰਪ੍ਰੀਤ ਸਿੰਘ ਮੰਗਵਾਲ, ਹਰਬੰਸ ਸਿੰਘ ਪੰਧੇਰ, ਰਣਦੀਪ ਸਿੰਘ ਤੇ ਅਮਰਜੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰ ਵੀ ਕਈ ਅਧਿਆਪਕ ਆਗੂ ਹਾਜ਼ਰ ਸਨ।