ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਸੂਬਾਈ ਮੀਟਿੰਗ
ਆਦਿਵਾਸੀ ਖੇਤਰਾਂ ਦੀ ਕਿਸਾਨ ਲਹਿਰ ’ਤੇ ਕੀਤੇ ਜਾ ਰਹੇ ਅੰਨ੍ਹੇ ਜਬਰ ਖ਼ਿਲਾਫ਼ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਵੱਲੋਂ 8 ਅਗਸਤ ਨੂੰ ਦਾਣਾ ਮੰਡੀ ਮੋਗਾ ਵਿੱਚ ਆਦਿਵਾਸੀ ਖੇਤਰਾਂ 'ਚ ਲੋਕਾਂ 'ਤੇ ਜਬਰ ਬੰਦ ਕਰਨ ਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਯਕੀਨੀ ਕਰਨ ਲਈ ਜਨਤਕ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਫ਼ੈਸਲਾ ਅੱਜ ਸ਼ਹੀਦ ਭਗਤ ਸਿੰਘ ਦੇ ਭੈਣ ਮਰਹੂਮ ਬੀਬੀ ਅਮਰ ਕੌਰ ਯਾਦਗਾਰੀ ਲਾਇਬਰੇਰੀ ਵਿੱਚ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਕੀਤਾ ਗਿਆ ਹੈ। ਇਸ ਸਬੰਧੀ ਮੀਟਿੰਗ ਦੇ ਪ੍ਰਧਾਨਗੀ ਮੰਡਲ ਮੈਂਬਰਾਂ ਪ੍ਰੋ. ਜਗਮੋਹਣ ਸਿੰਘ, ਝੰਡਾ ਸਿੰਘ ਜੇਠੂਕੇ ਅਤੇ ਬੂਟਾ ਸਿੰਘ ਮਹਿਮੂਦਪੁਰ ਨੇ ਦੱਸਿਆ ਕਿ ਵਿਸ਼ਾਲ ਜਨਤਕ ਪ੍ਰਦਰਸ਼ਨ ਰਾਹੀਂ ਮੰਗ ਕੀਤੀ ਜਾਵੇਗੀ ਕਿ ਆਦਿਵਾਸੀ ਖੇਤਰਾਂ ’ਚ ‘ਅਪਰੇਸ਼ਨ ਕਗਾਰ’ ਸਮੇਤ ਹਰ ਤਰ੍ਹਾਂ ਦੇ ਫ਼ੌਜੀ ਅਪਰੇਸ਼ਨ ਬੰਦ ਕੀਤੇ ਜਾਣ, ਝੂਠੇ ਪੁਲਿਸ ਮੁਕਾਬਲੇ ਤੇ ਹਰ ਤਰ੍ਹਾਂ ਦੇ ਜ਼ਬਰ ਦੇ ਕਦਮ ਫੌਰੀ ਰੋਕੇ ਜਾਣ, ਇਨ੍ਹਾਂ ਇਲਾਕਿਆਂ ਚੋਂ ਸਾਰੇ ਪੁਲੀਸ ਕੈਂਪਾਂ ਨੂੰ ਹਟਾਇਆ ਜਾਵੇ, ਪੁਲੀਸ ਤੇ ਸਾਰੇ ਅਰਧ ਸੈਨਿਕ ਬਲਾਂ ਨੂੰ ਵਾਪਸ ਬੁਲਾਇਆ ਜਾਵੇ, ਜਲ, ਜੰਗਲ, ਜ਼ਮੀਨਾਂ ਤੇ ਖਣਿਜ ਭੰਡਾਰ ਕਾਰਪੋਰੇਟਾਂ ਨੂੰ ਲੁਟਾਉਣੇ ਬੰਦ ਕੀਤੇ ਜਾਣ, ਆਦਿਵਾਸੀ ਕਿਸਾਨ ਲਹਿਰ ਦੇ ਟਾਕਰੇ ਖ਼ਿਲਾਫ਼ ਡਰੋਨਾਂ ਤੇ ਹੈਲੀਕਾਪਟਰਾਂ ਰਾਹੀਂ ਬੰਬਾਰੀ ਬੰਦ ਕੀਤੀ ਜਾਵੇ, ਯੂਏਪੀਏ, ਅਫਸਪਾ ਤੇ ਐਨਐਸਏ ਵਰਗੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਕੌਮੀ ਜਾਂਚ ਏਜੰਸੀ ਨੂੰ ਭੰਗ ਕੀਤਾ ਜਾਵੇ, ਲੋਕਾਂ ਦੀਆਂ ਜਥੇਬੰਦੀਆਂ ਅਤੇ ਸੰਘਰਸ਼ਾਂ 'ਤੇ ਲਾਈਆਂ ਪਬੰਦੀਆਂ ਖਤਮ ਕੀਤੀਆਂ ਜਾਣ, ਗ੍ਰਿਫ਼ਤਾਰ ਕੀਤੇ ਗਏ ਜਮਹੂਰੀ ਹੱਕਾਂ ਦੇ ਕਾਰਕੁਨ ਰਿਹਾਅ ਕੀਤੇ ਜਾਣ ਤੇ ਸੰਘਰਸ਼ ਕਰਨ ਦੇ ਅਧਿਕਾਰ ਦੀ ਜ਼ਾਮਨੀ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਆਦਿਵਾਸੀ ਖੇਤਰ ਵਿੱਚ ਫਾਸ਼ੀ ਕਹਿਰ ਢਾਹੁਣ ਦਾ ਇਹ ਸਿਲਸਿਲਾ ਪੰਜਾਬ ਅੰਦਰ ਵੀ ਆਪਣਾ ਰੰਗ ਵਿਖਾ ਰਿਹਾ ਹੈ। ਮੋਦੀ ਸਰਕਾਰ ਮੁਲਕ ਦੇ ਜੰਗਲੀ ਖੇਤਰਾਂ ਅੰਦਰ ਆਦਿਵਾਸੀਆਂ 'ਤੇ ਅੰਨ੍ਹਾ ਜ਼ਬਰ ਢਾਹ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰ ਤਰ੍ਹਾਂ ਦੇ ਸੰਵਿਧਾਨਿਕ, ਜਮਹੂਰੀ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤਹਿਤ ਆਏ ਦਿਨ ਝੂਠੇ ਪੁਲੀਸ ਮੁਕਾਬਲਿਆਂ 'ਚ ਆਦਿਵਾਸੀਆਂ ਤੇ ਮਾਓਵਾਦੀਆਂ ਦਾ ਕਤਲੇਆਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਹੱਲਾ ਸਾਮਰਾਜੀ ਦਿਸ਼ਾ ਨਿਰਦੇਸ਼ਤ ਅਖੌਤੀ ਆਰਥਿਕ ਸੁਧਾਰਾਂ ਦੀ ਰਫ਼ਤਾਰ ਤੇਜ਼ ਕਰਨ ਲਈ ਬੋਲਿਆ ਗਿਆ ਹੈ। ਪੰਜਾਬ ਅੰਦਰ ਵੀ ਇਸੇ ਕਾਰਪੋਰੇਟ ਜਗਤ ਦੀ ਸੇਵਾ ਲਈ ਲੋਕਾਂ ਦੇ ਜ਼ਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੇ ਸੰਘਰਸ਼ ਕਰਨ ਦੇ ਅਧਿਕਾਰ ਤੇ ਪਾਬੰਦੀਆਂ ਮੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਸੰਘਰਸ਼ਾਂ ਦੇ ਅੱਗੇ ਵਧਣ ਨਾਲ ਪੰਜਾਬ ਅੰਦਰ ਵੀ ਇਨ੍ਹਾਂ ਪਾਬੰਦੀਆਂ ਨੇ ਹੋਰ ਤਿੱਖੇ ਜ਼ਬਰ ਦਾ ਰੂਪ ਧਾਰਨ ਕਰਨਾ ਹੈ। ਇਸ ਲਈ ਆਦਿਵਾਸੀ ਖੇਤਰਾਂ ਦੇ ਕਿਸਾਨਾਂ ਦੇ ਹੱਕ 'ਚ ਆਵਾਜ਼ ਉਠਾਉਣੀ ਪੰਜਾਬ ਦੀ ਕਿਸਾਨ ਲਹਿਰ ਤੇ ਜ਼ਮਹੂਰੀ ਲਹਿਰ ਦੇ ਮਹਿਜ਼ ਜ਼ਮਹੂਰੀ ਸਰੋਕਾਰਾਂ ਦਾ ਹੀ ਮਸਲਾ ਨਹੀਂ ਹੈ ਸਗੋਂ ਉਸ ਤੋਂ ਅੱਗੇ ਇਹ ਮੁਲਕ ਪੱਧਰ ’ਤੇ ਸੰਸਾਰ ਕਾਰਪੋਰੇਟ ਜਗਤ ਦੇ ਧਾਵੇ ਖ਼ਿਲਾਫ਼ ਸਾਂਝੀ ਲੜਾਈ ਉਸਾਰਨ ਦੇ ਸਰੋਕਾਰਾਂ ਦਾ ਵੀ ਮੁੱਦਾ ਹੈ।