ਗਗਨਦੀਪ ਅਰੋੜਾ
ਲੁਧਿਆਣਾ, 18 ਅਪਰੈਲ
ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅੱਜ ਵਾਰਡ ਨੰਬਰ-44 ਅਧੀਨ ਪੈਂਦੇ ਅਰਬਨ ਅਸਟੇਟ ਦੁੱਗਰੀ ਵਿੱਚ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲੋਕ ਭਲਾਈ ਕੇਂਦਰ ਦਾ ਉਦਘਾਟਨ ਕੀਤਾ। ਜਾਣਕਾਰੀ ਮੁਤਾਬਿਕ ਵਿਧਾਇਕ ਕੁਲਵੰਤ ਸਿੰਘ ਸਿੱਧੂ ਲੋਕ ਭਲਾਈ ਕੇਂਦਰ ਦੇ ਚੇਅਰਮੈਨ ਹੋਣਗੇ ਅਤੇ ਸਰਬਜੀਤ ਸਿੰਘ ਕੋਛੜ ਉਪਰੋਕਤ ਸੈਂਟਰ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾਉਣਗੇ। ਵਿਧਾਇਕ ਸਿੱਧੂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਦੇ ਤਹਿਤ ਹੁਣ ਇਸ ਲੋਕ ਭਲਾਈ ਕੇਂਦਰ ਵਿੱਚ ਇੱਕ ਛੱਤ ਹੇਠ ਲੋਕਾਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਾਂ। ਉਨ੍ਹਾ ਦੱਸਿਆ ਕਿ ਇਸ ਕੇਂਦਰ ਵਿੱਚ ਲੋਕਾਂ ਨੂੰ ਕੰਪਿਊਟਰ, ਸਿਲਾਈ, ਕਢਾਈ ਅਤੇ ਬਿਊਟੀ ਪਾਰਲਰ ਦੇ ਕੋਰਸ ਬਿਲਕੁਲ ਮੁਫ਼ਤ ਕਰਵਾਏ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਆਧਾਰ ਕਾਰਡ, ਪੈਨ ਕਾਰਡ, ਵੋਟਰ ਕਾਰਡ, ਪਾਸਪੋਰਟ, ਪੈਨਸ਼ਨ, ਲੇਬਰ ਕਾਰਡ, ਸਿਹਤ ਬੀਮਾ ਕਾਰਡ ਸਬੰਧੀ ਸਾਰੀਆਂ ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ। ਵਿਧਾਇਕ ਕੁਲਵੰਤ ਸਿੱਧੂ ਵੱਲੋਂ ਨਿੱਜੀ ਤੌਰ ’ਤੇ ਵਾਰਡ ਨੰਬਰ 44 ਦੇ ਲੋਕ ਭਲਾਈ ਕੇਂਦਰ ਵਿਖੇ ਹਰ ਹਫ਼ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ, ਜਿਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ ਜਾਵੇਗਾ। ਇਸ ਮੌਕੇ ਸਿਮਰਨਜੀਤ ਸਿੰਘ ਕੋਛੜ, ਹਰਪ੍ਰੀਤ ਸਿੰਘ ਕੋਛੜ, ਸ਼ਰਨਪਾਲ ਸਿੰਘ ਮੱਕੜ, ਬਨੀ ਮਲਹੋਤਰਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਵਿਧਾਇਕ ਗਰੇਵਾਲ ਨੇ ਸਕੂਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ
ਲੁਧਿਆਣਾ (ਟਨਸ): ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਤਕਰੀਬਨ 50 ਲੱਖ ਰੁਪਏ ਦੀ ਲਾਗਤ ਵਾਲੀ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਗਹਿਲੇਵਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮਿੰਦਰ ਫੌਜੀ, ਸੰਜੀਵ ਸੰਜੂ, ਜਗੀਰ ਸਿੰਘ, ਤਸ਼ਿਤ ਗੁਪਤਾ, ਰਾਜਵਿੰਦਰ ਸਿੰਘ, ਮਿੰਟੂ ਰਾਠੌਰ, ਲਖਵਿੰਦਰ ਚੌਧਰੀ, ਗੁਰਚਰਨ ਸਿੰਘ ਵੀ ਮੌਜੂਦ ਸਨ।