Punjab Congress: ਲੋਕਾਂ ਦੀਆਂ ਲੋੜਾਂ ਅਨੁਸਾਰ ਬਣੇਗਾ ਚੋਣ ਮੈਨੀਫੈਸਟੋ: ਅਮਰ ਸਿੰਘ
ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਾਏ ਜਾਣ ’ਤੇ ਲੋਕ ਸਭਾ ਮੈਂਬਰ ਵੱਲੋਂ ਹਾਈ ਕਮਾਂਡ ਦਾ ਧੰਨਵਾਦ
ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ ਅਮਰ ਸਿੰਘ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਨਵੀਂ ਟੀਮ ਵਿੱਚ ਉਨ੍ਹਾਂ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਲਈ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਦਾ ਧੰਨਵਾਦ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਬਿਹਤਰ ਭਵਿਖ ਲਈ ਸ਼ਾਨਦਾਰ ਦ੍ਰਿਸ਼ਟੀ ਦਸਤਾਵੇਜ਼ ਤਿਆਰ ਕੀਤਾ ਜਾਵੇਗਾ, ਜਿਹੜਾ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਮਜ਼ਬੂਤ ਮਾਰਗ ਦਰਸ਼ਕ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰੇਗੀ ਅਤੇ ਸੂਬੇ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾਵੇਗੀ।
