ਪੰਜਾਬ ਕਿਸਾਨ ਯੂਨੀਅਨ ਵੱਲੋਂ ਏਡੀਸੀ ਨੂੰ ਮੰਗ ਪੱਤਰ
ਪੰਜਾਬ ਕਿਸਾਨ ਯੂਨੀਅਨ ਨੇ ਅੱਜ ਇਥੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਇਸ ਵਿੱਚ ਕਿਸਾਨ ਜਥੇਬੰਦੀ ਨੇ ਪਰਾਲੀ ਪ੍ਰਬੰਧਨ ਅਤੇ ਪਰਾਲੀ ਸਾੜਨ ’ਤੇ ਦਰਜ ਪਰਚੇ ਰੱਦ ਕਰਨ, ਵੱਡੀ ਸਮੱਸਿਆ ਬਣੇ ਲਾਵਾਰਿਸ ਪਸ਼ੂਆਂ ਦਾ ਮਸਲਾ ਹੱਲ ਕਰਨ, ਡੀਏਪੀ ਖਾਦ ਦੀ ਸਪਲਾਈ ਨਿਰਵਿਘਨ ਯਕੀਨੀ ਬਣਾਉਣ, ਹੜ੍ਹਾਂ ਦੇ ਮੁਆਵਜ਼ੇ ਵਿੱਚ ਹੋਰ ਦੇਰੀ ਨਾ ਕਰਨ ਅਤੇ ਕਰਜ਼ੇ ਮਾਫ਼ ਕਰਨ ਦੀ ਮੰਗ ਕੀਤੀ। ਪੰਜਾਬ ਕਿਸਾਨ ਯੂਨੀਅਨ ਨਾਲ ਜੁੜੇ ਕਿਸਾਨ ਕਾਰਕੁਨ ਇਥੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਤਰ ਹੋਏ। ਇਨ੍ਹਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ, ਮੀਤ ਪ੍ਰਧਾਨ ਜਸਵਿੰਦਰ ਸਿੰਘ ਭੈਣੀ ਬੜਿੰਗਾਂ, ਅਜਮੇਰ ਸਿੰਘ, ਬਲਾਕ ਪ੍ਰਧਾਨ ਰਣਜੀਤ ਸਿੰਘ, ਸਰਪੰਚ ਜਸਮੇਲ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਦੇ ਨਿਬੇੜੇ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਮਸ਼ੀਨਰੀ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਣੀ ਹੈ। ਇਸ ਲਈ ਕਿਸਾਨਾਂ ਨੂੰ ਦੋ ਸੌ ਰੁਪਏ ਪ੍ਰਤੀ ਕੁਇੰਟਲ ਜਾਂ ਸੱਤ ਹਜ਼ਾਰ ਰੁਪਏ ਪ੍ਰਤੀ ਏਕੜ ਨਕਦ ਸਹਾਇਤਾ ਸਹਾਇਤਾ ਦੇਣੀ ਬਣਦੀ ਹੈ। ਪਰ ਇਹ ਨਾ ਦੇ ਕੇ ਮਜਬੂਰੀ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਜੋ ਸਹਿਣ ਨਹੀਂ ਕੀਤੀ ਜਾਵੇਗੀ। ਇਹ ਕਾਰਵਾਈ ਫੌਰੀ ਰੋਕਣ ਦੀ ਮੰਗ ਕਰਦਿਆਂ ਉਨ੍ਹਾਂ ਦਰਜ ਕੀਤੇ ਪਰਚੇ ਵੀ ਰੱਦ ਕਰਨ ਦੀ ਮੰਗ ਕੀਤੀ। ਨਾਲ ਹੀ ਕਿਹਾ ਕਿ ਝੋਨੇ ਦੀ ਕਟਾਈ ਮਗਰੋਂ ਚਾਰ ਦਿਨਾਂ ਦੇ ਅੰਦਰ ਪਰਾਲੀ ਦੀਆਂ ਗੱਠਾਂ ਬਣਾ ਕੇ ਚੁੱਕਣਾ ਸਰਕਾਰ ਯਕੀਨੀ ਬਣਾਵੇ ਤੇ ਇਸ ਦੀ ਜਵਾਬਦੇਹੀ ਲਈ ਅਧਿਕਾਰੀ ਨਿਯੁਕਤ ਹੋਣ। ਡੀਏਪੀ ਦੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਦੁਹਰਾਉਂਦੇ ਹੋਏ ਕਿਸਾਨ ਆਗੂਆਂ ਨੇ ਡੀਏਪੀ ਅਤੇ ਯੂਰੀਆ ਖਾਦ ਨਾਲ ਬੇਲੋੜੀਆਂ ਖਾਦਾਂ ਤੇ ਦਵਾਈਆਂ ਜਬਰਨ ਦੇਣ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਿਰਫ ਸਰਕਾਰ ਨੂੰ ਮੰਗ ਪੱਤਰ ਭੇਜਿਆ ਹੈ ਤੇ ਮਸਲੇ ਹੱਲ ਨਾ ਹੋਣ 'ਤੇ ਸੰਘਰਸ਼ ਵਿੱਢਣ ਤੋਂ ਵੀ ਪੰਜਾਬ ਕਿਸਾਨ ਯੂਨੀਅਨ ਪਿੱਛੇ ਨਹੀਂ ਹਟੇਗੀ। ਇਸ ਮੌਕੇ ਜਗਰੂਪ ਸਿੰਘ, ਸੁਖਵੰਤ ਸਿੰਘ, ਮੇਵਾ ਸਿੰਘ, ਕਮਲਜੀਤ ਸਿੰਘ, ਰਾਮਕਿਸ਼ਨ ਸਿੰਘ, ਪ੍ਰੀਤਮ ਸਿੰਘ, ਗੁਰਿੰਦਰ ਸਿੰਘ, ਸੁਰਿੰਦਰ ਸਿੰਘ, ਬਲਦੇਵ ਸਿੰਘ ਆਦਿ ਕਿਸਾਨ ਵੀ ਹਾਜ਼ਰ ਸਨ।