‘ਆਪ’ ਦੀ ਗ਼ਲਤ ਨੀਤੀਆਂ ਕਾਰਨ ਪੰਜਾਬ ਤਬਾਹ ਹੋਣ ਕੰਢੇ: Simarjit Singh Bains
ਕਾਂਗਰਸ ਦੇ ਨਵ-ਨਿਯੁਕਤ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਰਸ਼ੀਨ ਨੂੰ ਨਿਯੁਕਤੀ ਪੱਤਰ ਸੌਂਪਿਆ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਵਿੱਚ ਬਦਲਾਅ ਦੀ ਸਰਕਾਰ ਲਿਆ ਕੇ ਪਛਤਾਅ ਰਹੇ ਹਨ ਕਿਉਂਕਿ ‘ਆਪ’ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਸੂਬਾ ਤਬਾਹੀ ਦੇ ਕੰਢੇ ਪਹੁੰਚ ਗਿਆ ਹੈ। ਸਾਬਕਾ ਵਿਧਾਇਕ ਬੈਂਸ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਰੱਖੇ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਹ ਸਮਾਗਮ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੈ ਤਲਵਾੜ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਦੌਰਾਨ ਸਿਮਰਜੀਤ ਸਿੰਘ ਬੈਂਸ ਨੇ ਨਵ-ਨਿਯੁਕਤ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਰਸ਼ੀਨ ਨੂੰ ਅਧਿਕਾਰਤ ਤੌਰ ’ਤੇ ਨਿਯੁਕਤੀ ਪੱਤਰ ਸੌਂਪਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਨਾਕਾਮੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ, ਅਪਰਾਧਿਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਵਿਕਾਸ ਦੇ ਸਾਰੇ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਕੇ ਮੁੜ ਤੋਂ ਕਾਂਗਰਸ ਦੀ ਲੋਕ-ਪੱਖੀ ਅਤੇ ਸਥਿਰ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਹਾਜ਼ਰ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨ ਦਾ ਪ੍ਰਣ ਲਿਆ। ਸਮਾਗਮ ਵਿੱਚ ਬਲਾਕ ਪ੍ਰਧਾਨ ਬਲਜੀਤ ਸਿੰਘ ਮਾਨ, ਬਲਾਕ ਪ੍ਰਧਾਨ ਟੋਨੀ ਅਰੋੜਾ, ਬਲਦੇਵ ਸਿੰਘ ਪ੍ਰਧਾਨ ਅਤੇ ਰਜੇਸ਼ ਖੋਖਰ ਹਾਜ਼ਰ ਸਨ।
