ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੀ ਮੀਟਿੰਗ ਹੋਈ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਬਣਦੇ ਹੱਕ ਦੇਣ ਤੋਂ ਭੱਜ ਰਹੀ ਹੈ ਸਰਕਾਰ: ਆਗੂ
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 21 ਅਪਰੈਲ

Advertisement

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀ ਅਪਣਾਕੇ ਉਨ੍ਹਾਂ ਨੂੰ ਬਣਦੇ ਹੱਕ ਦੇਣ ਤੋਂ ਭੱਜ ਰਹੀ ਹੈ ਜਿਸ ਕਾਰਨ ਮੁਲਾਜ਼ਮ ਵਰਗ ਨੂੰ ਮੁੜ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਸੂਬਾਈ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸਰਪ੍ਰਸਤ ਚਰਨ ਸਿੰਘ ਸਰਾਭਾ, ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ ਅਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਹੈ ਕਿ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀ ਅਪਣਾਕੇ ਉਨ੍ਹਾਂ ਨੂੰ ਬਣਦੇ ਹੱਕ ਦੇਣ ਤੋਂ ਭੱਜ ਰਹੀ ਹੈ ਅਤੇ ਇਸੇ ਨੀਤੀ ਤਹਿਤ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੀਡਰਸ਼ਿਪ ਨੂੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਮੁਲਤਵੀ ਕੀਤੀਆਂ ਜਾ ਰਹੀਆਂ ਹਨ।

ਆਗੂਆਂ ਨੇ ਪੰਜਾਬ ਸਰਕਾਰ ਦੇ ਇਸ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਮੇਂ ਕੇਂਦਰ ਅਤੇ ਬਹੁਤ ਸਾਰੇ ਰਾਜਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲੋਂ 13 ਫੀਸਦੀ ਡੀਏ ਘੱਟ ਲੈ ਰਹੇ ਹਨ ਤੇ ਦੂਸਰੇ ਪਾਸੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਬਹੁਤ ਸਾਰੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਪੰਜਾਬ ਨੂੰ ਵਿਕਾਸ ਦੇ ਰਾਹ ਤੇ ਲੈ ਕੇ ਜਾਣ ਦੇ ਅਖੌਤੀ ਦਾਅਵੇ ਕਰ ਰਹੇ ਹਨ।

ਆਗੂਆਂ ਨੇ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਤੇ ਇਹ ਦੋਸ਼ ਵੀ ਲਾਇਆ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਖ ਵੱਖ ਉਮਰ ਗਰੁੱਪਾਂ ਵਿੱਚ ਵੰਡ ਕੇ ਲੀਰੋ ਲੀਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਦੇ ਬਾਵਜੂਦ ਪੈਨਸ਼ਨਾਂ ਲਈ 2 .59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ, ਕਿਸੇ ਵੀ ਕੱਚੇ ਮੁਲਾਜ਼ਮ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਅਤੇ ਸਕੀਮ ਵਰਕਰਾਂ ਦਾ ਵੱਡੇ ਪੱਧਰ ਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।

ਇਸ ਮੌਕੇ ਸੂਬਾ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਤੇ ਕਰਤਾਰ ਸਿੰਘ ਪਾਲ, ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਮੈਲਡੇ ਅਤੇ ਪ੍ਰੈਸ ਸਕੱਤਰ ਸੁਰਿੰਦਰ ਸਿੰਘ ਬੈਸ ਨੇ ਅੱਗੇ ਦੱਸਿਆ ਕਿ ਜਥੇਬੰਦੀ ਨਾਲ ਸੰਬੰਧਿਤ ਸਮੂਹ ਜਥੇਬੰਦੀਆਂ ਵੱਲੋਂ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਅਦਾਰਿਆਂ ਸਾਹਮਣੇ ਲਾਲ ਝੰਡੇ ਲਹਿਰਾਏ ਜਾਣਗੇ ਅਤੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਦੇਸ਼ ਭਰ ਦੀਆਂ ਕੇਂਦਰੀ ਟ੍ਰੇਡ ਯੂਨੀਅਨਾਂ ਵੱਲੋਂ 20 ਮਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਸਬੰਧੀ ਫੈਸਲੇ ਵੀ ਲਏ ਗਏ। ਮੀਟਿੰਗ ਵਿੱਚ ਗੁਰਜੀਤ ਸਿੰਘ ਘੋੜੇਵਾਹ, ਗੁਰਪ੍ਰੀਤ ਸਿੰਘ ਮੰਗਵਾਲ, ਮੇਲਾ ਸਿੰਘ ਪੁੰਨਾਂਵਾਲ, ਜਸਵਿੰਦਰ ਪਾਲ ਉੱਘੀ, ਪ੍ਰਵੀਨ ਕੁਮਾਰ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਕਨਵੀਨਰ ਗੁਰਜੰਟ ਸਿੰਘ ਕੋਕਰੀ ਵੀ ਹਾਜ਼ਰ ਸਨ।

Advertisement