ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਮੰਗਾਂ ਲਈ ਸੰਘਰਸ਼ ਕਰ ਰਹੇ ਬਿਜਲੀ ਮੁਲਾਜ਼ਮਾਂ ਦੀ ਹਿਮਾਇਤ ਕਰਨ ਦਾ ਐਲਾਨ ਕੀਤਾ ਹੈ।
ਜਥੇਬੰਦੀ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਭਾ, ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਗੁਰਮੇਲ ਸਿੰਘ ਮੈਡਲੇ, ਗੁਰਜੀਤ ਸਿੰਘ ਘੋੜੇਵਾਹ, ਗੁਰਪ੍ਰੀਤ ਸਿੰਘ ਮੰਗਵਾਲ, ਸੁਰਿੰਦਰ ਕੁਮਾਰ ਪੁਆਰੀ, ਪ੍ਰਵੀਨ ਕੁਮਾਰ, ਪ੍ਰੇਮ ਚਾਵਲਾ ਤੇ ਕਰਤਾਰ ਸਿੰਘ ਪਾਲ ਨੇ ਬਿਜਲੀ ਮੁਲਾਜ਼ਮਾਂ ਵੱਲੋਂ ਅਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਬਿਜਲੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਸਮੂਹਿਕ ਛੁੱਟੀ ਲੈ ਕੇ ਜੁਆਇੰਟ ਫਰੰਟ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਪੁਰ-ਅਮਨ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਹੈ।
ਮੁਲਾਜ਼ਮ ਆਗੂਆਂ ਟਹਿਲ ਸਿੰਘ ਸਰਾਭਾ, ਪ੍ਰਭਜੀਤ ਸਿੰਘ ਉੱਪਲ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਮਨਜੀਤ ਸਿੰਘ ਗਿੱਲ ਅਤੇ ਸੁਰਿੰਦਰ ਸਿੰਘ ਬੈਂਸ ਨੇ ਬਿਜਲੀ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਵੱਲੋਂ ਗੱਲਬਾਤ ਰਾਹੀਂ ਮੰਗਾਂ ਦਾ ਨਿਪਟਾਰਾ ਕਰਨ ਦੀ ਬਜਾਏ ਐਸਮਾ ਵਰਗੇ ਕਾਲੇ ਕਾਨੂੰਨ ਦੀ ਵਰਤੋਂ ਕਰਨ ਦੀਆਂ ਧਮਕੀਆਂ ਦੇਣ ਦੀ ਸਖਤ ਨਿੰਦਾ ਕੀਤੀ ਹੈ।
ਫੈਡਰੇਸ਼ਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸੰਘਰਸ਼ੀਲ ਮੁਲਾਜ਼ਮਾਂ ਨਾਲ ਤੁਰੰਤ ਗੱਲਬਾਤ ਕਰਕੇ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਬੇੜਾ ਨਾ ਕੀਤਾ ਗਿਆ ਅਤੇ 15 ਅਗਸਤ ਦੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਹੋਰ ਮੁਲਾਜ਼ਮ ਆਗੂਆਂ ਦੀ ਫੜੋ ਫੜੀ ਬੰਦ ਨਾ ਕੀਤੀ ਤਾਂ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ ਨਾਲ ਸਬੰਧਿਤ/ਸਹਿਯੋਗੀ ਜਥੇਬੰਦੀਆਂ ਸਿੱਧੇ ਤੌਰ ਤੇ ਸੰਘਰਸ਼ ਵਿੱਚ ਸਾਮਲ ਹੋਣ ਤੋਂ ਗੁਰੇਜ ਨਹੀਂ ਕਰਨਗੀਆਂ।