ਪੰਜਾਬੀ ਸਾਹਿਤ ਅਕਾਦਮੀ ਨੇ ਪੰਜਾਬੀ ਭਾਸ਼ਾ ਦੀ ਅਣਗਹਿਲੀ ਬਾਰੇ ਸਰਕਾਰ ਨੂੰ ਪੱਤਰ ਲਿਖਿਆ
ਬਿਨਾ ਪੰਜਾਬੀ ਦਾ ਪੇਪਰ ਲਿਆਂ 38 ਕੋਚਾਂ ਦੀ ਕੀਤੀ ਨਿਯੁਕਤੀ ’ਤੇ ਰੋਸ ਜਤਾਇਆ
ਪੰਜਾਬੀ ਸਾਹਿਤ ਅਕਾਦਮੀ ਦੇ ਅਹੁਦੇਦਾਰਾਂ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਆਊਟਸਟੈਂਡਿੰਗ ਸਪੋਰਟਸ ਪਰਸੋਨਲ 2024 ਪਾਲਸੀ ਅਨੁਸਾਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਿੱਚ 25 ਮਈ 2024 ਨੂੰ 38 ਕੋਚ ਗਰੁਪ-ਬੀ ਅਤੇ ਸੀ ਸ਼੍ਰੇਣੀ ਵਿੱਚ ਨਿਯੁਕਤ ਕੀਤੇ ਗਏ ਸਨ। ਦੁੱਖ ਦੀ ਗੱਲ ਇਹ ਹੈ ਕਿ ਇਹ 38 ਕੋਚ ਬਿਨਾਂ ਪੰਜਾਬੀ ਭਾਸ਼ਾ ਦਾ ਪੇਪਰ ਪਾਸ ਕੀਤਿਆਂ ਨਿਯੁਕਤ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪੰਜਾਬ ਸਿਵਲ ਸਰਵਿਸਿਜ਼ ਦੇ ਨਿਯਮਾਂ ਦੇ ਬਿਲਕੁਲ ਖ਼ਿਲਾਫ਼ ਹੈ। ਪੰਜਾਬੀ ਭਾਸ਼ਾ ਦੀ ਇਸ ਅਣਗਹਿਲੀ ਅਤੇ ਅਣਦੇਖੀ ਵਿਰੁੱਧ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ।
ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ, ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸਰਕਾਰ ਦਾ ਇਹ ਰਵੱਈਆ ਜਾਂ ਅਫ਼ਸਰ ਸ਼ਾਹੀ ਵੱਲੋਂ ਕੀਤੀ ਨਿਯਮਾਂ ਦੀ ਅਣਦੇਖੀ ਹੋ ਸਕਦੀ ਹੈ। ਭਾਸ਼ਾ ਦੇ ਮਸਲਿਆਂ ਤੇ ਮੁੱਖ ਮੰਤਰੀ ਨੂੰ ਮੀਟਿੰਗ ਲਈ ਸਮਾਂ ਦੇਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਡਮੀ ਦਾ ਸਮੁੱਚਾ ਪ੍ਰਬੰਧਕੀ ਬੋਰਡ ਇਸ ਮਾਮਲੇ ਦੀ ਪੂਰੀ ਤਰ੍ਹਾਂ ਨਿਖੇਧੀ ਕਰਦਾ ਹੈ। ਨਿਖੇਧੀ ਕਰਨ ਵਾਲਿਆਂ ’ਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਡਾ. ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਕਰਮਜੀਤ ਸਿੰਘ ਗਰੇਵਾਲ, ਪ੍ਰੇਮ ਸਾਹਿਲ ਅਤੇ ਸਮੂਹ ਮੈਂਬਰ ਸ਼ਾਮਲ ਹਨ।