ਭਾਜਪਾ ਦੀ ਜ਼ਿਲ੍ਹਾ ਪ੍ਰਧਾਨਗੀ ਲਈ ਦੌੜ ਸ਼ੁਰੂ
ਭਾਜਪਾ ਪੰਜਾਬ ਮੁਖੀ ਸੁਨੀਲ ਜਾਖੜ ਨਾਲ ਕਾਰਜਕਾਰੀ ਪ੍ਰਧਾਨ ਦੀ ਕੁਰਸੀ ਸੰਭਾਲਣ ਤੋਂ ਬਾਅਦ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਹ ਪੂਰੇ ਪੰਜਾਬ ਦੇ ਦੌਰੇ ’ਤੇ ਹਨ ਅਤੇ ਲਗਾਤਾਰ ਵਰਕਰਾਂ ਨਾਲ ਮੁਲਾਕਾਤਾਂ ਦੇ ਨਾਲ-ਨਾਲ ਮੀਟਿੰਗਾਂ ਵੀ ਕਰ ਰਹੇ ਹਨ ਜਿਸ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਭਾਜਪਾ ਸਾਰੇ ਜ਼ਿਲ੍ਹਿਆਂ ਵਿੱਚ ਵੱਡਾ ਫੇਰਬਦਲ ਕਰਨ ਦੀ ਤਿਆਰੀ ਕਰ ਰਹੀ ਹੈ। ਲੁਧਿਆਣਾ ਵਿੱਚ ਵੀ ਇੱਕ ਨਵੇ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਹੋ ਸਕਦੀ ਹੈ ਜਿਸ ਨੂੰ ਲੈ ਕੇ ਸਿਆਸੀ ਆਗੂਆਂ ਨੇ ਆਪਣਾ ਜੋੜ ਤੋੜ ਸ਼ੁਰੂ ਕਰ ਦਿੱਤਾ ਹੈ। ਇੱਕ ਹਫ਼ਤੇ ਦੇ ਅੰਦਰ ਭਾਜਪਾ ਨੂੰ ਨਵਾਂ ਜ਼ਿਲ੍ਹਾ ਪ੍ਰਧਾਨ ਮਿਲ ਜਾਵੇਗਾ ਜਿਸ ਲਈ ਕਈ ਸੀਨੀਅਰ ਆਗੂ ਪ੍ਰਧਾਨਗੀ ਲਈ ਦਾਅਵਾ ਕਰ ਰਹੇ ਹਨ। ਜ਼ਿਲ੍ਹੇ ਦੀ ਵੱਡੀ ਜ਼ਿੰਮੇਵਾਰੀ ਲਈ ਪਾਰਟੀ ਕਿਸੇ ਤਜਰਬੇਕਾਰ ਵਿਅਕਤੀ ਨੂੰ ਚੁਣਨਾ ਚਾਹੁੰਦੀ ਹੈ, ਜਿਸ ਲਈ ਪਾਰਟੀ ਨੇ ਵੀ ਆਪਣੇ ਪੱਧਰ ’ਤੇ ਸਰਵੇਖਣ ਸ਼ੁਰੂ ਕਰ ਦਿੱਤਾ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਲਈ ਮੁੱਖ ਦਾਅਵੇਦਾਰਾਂ ਦੀ ਗੱਲ ਕਰੀਏ ਤਾਂ ਮੌਜੂਦਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਯੁਵਾ ਆਗੂ ਮਹੇਸ਼ ਦੱਤ ਸ਼ਰਮਾ, ਕੌਂਸਲਰ ਸੁਨੀਲ ਮੌਦਗਿਲ ਦੇ ਨਾਲ-ਨਾਲ ਪੰਜਾਬ ਵਪਾਰ ਸੈੱਲ ਵਿੱਚ ਜ਼ਿੰਮੇਵਾਰੀ ਸੰਭਾਲ ਚੁੱਕੇ ਦਿਨੇਸ਼ ਸਰਪਾਲ ਸਭ ਤੋਂ ਮੋਹਰੀ ਚੱਲ ਰਹੇ ਹਨ। ਹਾਲਾਂਕਿ, ਇਸਦੇ ਨਾਲ ਹੀ ਮਹਿਲਾਵਾਂ ਨੇ ਵੀ ਜ਼ਿਲ੍ਹਾ ਲੀਡਰਸ਼ਿਪ ਲਈ ਦਾਅਵੇਦਾਰੀ ਪੇਸ਼ ਕੀਤੀ ਹੈ। ਜ਼ਿਲ੍ਹਾ ਭਾਜਪਾ ਪ੍ਰਧਾਨ ਦੀ ਦੌੜ ਵਿੱਚ ਚਾਰ ਵੱਡੇ ਨਾਮ ਅੱਗੇ ਹਨ। ਜੇਕਰ ਮੌਜੂਦਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇਸ ਲਈ ਦੁਬਾਰਾ ਆਪਣਾ ਦਾਅਵਾ ਜਤਾਇਆ ਹੈ। ਉਨ੍ਹਾਂ ਨੂੰ ਭਾਜਪਾ ਜ਼ਿਲ੍ਹਾ ਪ੍ਰਧਾਨ ਵਜੋਂ ਕੰਮ ਕਰਨ ਦਾ ਤਜਰਬਾ ਹੈ। ਜੇਕਰ ਨੌਜਵਾਨ ਆਗੂ ਮਹੇਸ਼ ਦੱਤ ਸ਼ਰਮਾ ਦੀ ਗੱਲ ਕਰੀਏ ਤਾਂ ਉਹ ਦੋ ਵਾਰ ਭਾਜਪਾ ਜ਼ਿਲ੍ਹਾ ਯੂਥ ਪ੍ਰਧਾਨ ਦਾ ਅਹੁਦਾ ਸੰਭਾਲ ਚੁੱਕੇ ਹਨ ਅਤੇ ਇਸ ਵੇਲੇ ਜ਼ਿਲ੍ਹਾ ਉਪ ਪ੍ਰਧਾਨ ਵਜੋਂ ਪਾਰਟੀ ਦੀ ਸੇਵਾਵਾਂ ਨਿਭਾ ਰਹੇ ਹਨ। ਇਸ ਤੋਂ ਇਲਾਵਾ ਸੁਨੀਲ ਮੌਦਗਿਲ ਨੇ ਜ਼ਿਲ੍ਹਾ ਜਨਰਲ ਸਕੱਤਰ ਦਾ ਅਹੁਦਾ ਸੰਭਾਲਿਆ ਹੈ ਅਤੇ ਮੌਜੂਦਾ ਕੌਂਸਲਰ ਵੀ ਹਨ। ਦਿਨੇਸ਼ ਸਰਪਾਲ ੰਜਾਬ ਦੇ ਵਪਾਰ ਸੈੱਲ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ।
ਆਬਜ਼ਰਵਰਾਂ ਨੇ ਰਿਪੋਰਟ ਹਾਈ ਕਮਾਂਡ ਨੂੰ ਭੇਜੀ
ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਲਈ ਪਾਰਟੀ ਵੱਲੋਂ ਆਬਜ਼ਰਵਰ ਨਿਯੁਕਤ ਕੀਤੇ ਗਏ ਸਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਅਤੇ ਕੇਵਲ ਸਿੰਘ ਢਿੱਲੋਂ ਪੁੱਜੇ ਸਨ। ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਲਈ ਮੰਡਲ ਪ੍ਰਧਾਨਾਂ ਨਾਲ ਗੱਲਬਾਤ ਕੀਤੀ ਅਤੇ ਕੁਝ ਵਰਕਰਾਂ ਤੋਂ ਫੀਡਬੈਕ ਲਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਇੱਕ ਰਿਪੋਰਟ ਤਿਆਰ ਕਰਕੇ ਹਾਈਕਮਾਂਡ ਨੂੰ ਭੇਜ ਦਿੱਤੀ। ਹੁਣ ਹਾਈਕਮਾਂਡ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕਰ ਰਹੀ ਹੈ ਤਾਂ ਜੋ ਇਹ ਫੈਸਲਾ ਕੀਤਾ ਜਾ ਸਕੇ ਕਿ ਇਸ ਵੱਡੀ ਜ਼ਿੰਮੇਵਾਰੀ ਲਈ ਕਿਸ ਨੂੰ ਚੁਣਿਆ ਜਾਣਾ ਚਾਹੀਦਾ ਹੈ। ਪਾਰਟੀ ਇਹ ਜ਼ਿੰਮੇਵਾਰੀ ਉਸ ਵਿਅਕਤੀ ਨੂੰ ਦੇਣਾ ਚਾਹੁੰਦੀ ਹੈ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਚੰਗੀ ਭੂਮਿਕਾ ਨਿਭਾ ਸਕੇ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲ ਸਕੇ।