ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਜਨਵਰੀ
ਇਥੇ ਲਗਾਤਾਰ ਪੈ ਰਹੇ ਮੀਂਹ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਇਸ ਮੀਂਹ ਨੇ ਖੰਨਾ ’ਚ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਲਗਾਤਾਰ ਇਕ ਹਜ਼ਾਰ ਕਰੋੜ ਰੁਪਏ ਦੇ ਵਿਕਾਸ ਕਰਨ ਦੇ ਦਾਅਵਿਆਂ ਦੀ ਪੋਲ ਵੀ ਖੋਲ੍ਹੀ ਹੈ। ਇਹ ਗੱਲ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਕਹੀ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰ ਵਾਰ ਹਲਕੇ ਵਿਚ ਵਿਕਾਸ ਕੰਮ ਕਰਵਾਉਣ ਦਾ ਦਾਅਵਾ ਕਰਦੇ ਹਨ, ਪ੍ਰੰਤੂ ਵਿਕਾਸ ਦੀਆਂ ਪੋਲ ਖੋਲ੍ਹਦੀਆਂ ਤਸਵੀਰਾਂ ਦੇਖ ਕੇ ਵਿਕਾਸ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਲਲਹੇੜੀ ਰੋਡ ਲਾਇਨੋਂ ਪਾਰ ਇਲਾਕੇ ਦੀ ਹਾਲਤ ਤਰਸਯੋਗ ਬਣੀ ਹੋਈ ਹੈ, ਚਾਰੇ ਪਾਸੇ ਚਿੱਕੜ ਭਰਿਆ ਹੋਇਆ ਹੈ ਅਤੇ ਲੋਕਾਂ ਨੂੰ ਘਰਾਂ ਤੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਾਂਗਰਸ ਸਰਕਾਰ ’ਤੇ ਘਪਲੇਬਾਜ਼ੀ ਦੇ ਦੋਸ਼ ਲਾਏ। ਜਸਦੀਪ ਕੌਰ ਯਾਦੂ ਨੇ ਕਿਹਾ ਕਿ ਅਕਾਲੀ-ਬਸਪਾ ਸਰਕਾਰ ਆਉਣ ’ਤੇ ਪਹਿਲ ਦੇ ਅਧਾਰ ’ਤੇ ਇਸ ਇਲਾਕੇ ਦੀ ਹਾਲਤ ਸੁਧਾਰੀ ਜਾਵੇਗੀ। ਇਸ ਮੌਕੇ ਐਡਵੋਕੇਟ ਜਤਿੰਦਰਪਾਲ ਸਿੰਘ, ਪ੍ਰੀਤਮ ਸਿੰਘ, ਬਿੱਟੂ ਵਾਲੀਆ, ਰੀਟਾ ਰਾਣੀ, ਗਗਨ ਕਾਲੀਰਾਓ ਹਾਜ਼ਰ ਸਨ।