ਪਿਛਲੇ ਦਿਨੀਂ ਲਗਾਤਾਰ ਹੋਈ ਭਾਰੀ ਬਾਰਿਸ਼ ਕਾਰਨ ਨੇੜਲੇ ਪਿੰਡ ਕੋਟਉਮਰਾ ਦੇ ਦੋ ਮਕਾਨਾਂ ਦੀਆਂ ਛੱਤਾਂ ਡਿੱਗ ਗਈਆਂ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਿੰਡ ਦੇ ਸਾਬਕਾ ਸਰਪੰਚ ਬਲਰਾਜ ਸਿੰਘ ਰਾਜੂ ਨੇ ਦੱਸਿਆ ਕਿ ਗਾਰਾ ਸਿੰਘ ਪੁੱਤਰ ਸੋਨਾ ਸਿੰਘ ਅਤੇ ਕੁਲਵੰਤ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਮਕਾਨਾਂ ਨੂੰ ਬਰਸਾਤ ਕਾਰਨ ਭਾਰੀ ਨੁਕਸਾਨ ਪਹੁੰਚਿਆ ਹੈ। ਬਰਸਾਤ ਦੀ ਮਾਰ ਨਾ ਝੱਲਦਿਆਂ ਇਨ੍ਹਾਂ ਦੇ ਮਕਾਨਾਂ ਦੀਆਂ ਛੱਤਾਂ ਡਿੱਗ ਪਈਆਂ ਪਰ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਪਿੰਡ ਦੇ ਸਰਪੰਚ ਹਰਮੇਸ਼ ਸਿੰਘ ਨੇ ਕਿਹਾ ਕਿ ਇਹ ਦੋ ਗਰੀਬ ਪਰਿਵਾਰਾਂ ਨੂੰ ਸਰਕਾਰ ਵੱਲੋਂ ਆਈਆਂ ਤਰਪਾਲਾਂ ਮੁਹੱਈਆ ਕਰਵਾ ਦਿੱਤੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਗ਼ਰੀਬ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਇਤਿਹਾਸਕ ਨਗਰ ਪਿੰਡ ਸਲੌਦੀ ਸਿੰਘਾਂ ਦੀ ਵਿੱਚ ਇੱਕ ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਪਈ ਪਰ ਪਰਿਵਾਰ ਦਾ ਵਾਲ-ਵਾਲ ਬਚਾਅ ਹੋ ਗਿਆ। ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਸਦਮੇ ਵਿੱਚ ਹੈ ਅਤੇ ਅਜੇ ਤੱਕ ਪਰਿਵਾਰ ਦੀ ਕਿਸੇ ਸਰਪੰਚ ਜਾਂ ਪੰਚਾਇਤ ਨੇ ਬਾਂਹ ਨਹੀਂ ਫੜੀ। ਇਸ ਮੌਕੇ ਪਰਿਵਾਰ ਦੇ ਮੁਖੀ ਅਮਰਜੀਤ ਸਿੰਘ ਨੇ ਕਿਹਾ ਕਿ ਉਹ ਕਈ ਵਾਰ ਕੱਚੇ ਮਕਾਨਾਂ ਦੇ ਕਾਗਜ਼ ਭਰ ਚੁੱਕੇ ਹਨ ਪਰ ਲਾਰਿਆਂ ਤੋਂ ਬਿਨਾਂ ਕੁਝ ਨਹੀਂ ਮਿਲਿਆ। ਅੱਜ ਇਹ ਹਾਲਾਤ ਬਣ ਗਏ ਹਨ ਕਿ ਜ਼ਿਆਦਾ ਬਾਰਿਸ਼ ਕਾਰਨ ਘਰ ਦੀ ਛੱਤ ਡਿੱਗ ਗਈ। ਜਿਹੜੇ ਦੋ ਖਣਾਂ ਦੇ ਕਮਰੇ ਵਿੱਚ ਸਾਮਾਨ ਪਿਆ ਹੈ, ਉਹ ਵੀ ਬਾਰਿਸ਼ ਕਾਰਨ ਚੋਅ ਰਿਹਾ ਹੈ। ਉਨ੍ਹਾਂ ਨੂੰ ਡਰ ਹੈ ਕਿ ਉਹ ਵੀ ਡਿੱਗ ਨਾ ਜਾਵੇ। ਅਮਰਜੀਤ ਸਿੰਘ ਨੇ ਕਿਹਾ ਕਿ ਪਰਿਵਾਰ ਵਿੱਚ ਉਸਦੀ ਪਤਨੀ ਤੇ ਬੱਚੇ ਹਨ ਅਤੇ ਘਰ ਦਾ ਗੁਜ਼ਾਰਾ ਮੁਸ਼ਕਲ ਨਾਲ ਚੱਲਦਾ ਹੈ। ਉਸ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਮਕਾਨ ਲਈ ਗ੍ਰਾਂਟ ਜਾਰੀ ਕੀਤੀ ਜਾਵੇ।