ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਅਕਤੂਬਰ
ਸਨਅਤੀ ਸ਼ਹਿਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸੰਸਦ ਵੱਲੋਂ ਪੁਨਰਗਠਿਤ ਸਿਹਤ ਅਤੇ ਪਰਿਵਾਰ ਭਲਾਈ ਕਮੇਟੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਬੀਤੇ ਦਿਨ ਬਣਾਈ ਗਈ ਹੈ। ਸਿਹਤ ਤੇ ਪਰਿਵਾਰ ਭਲਾਈ ਕਮੇਟੀ ਦਾ ਗਠਨ ਭੁਵਨੇਸ਼ਵਰ ਕਲੀਤਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ, ਜਿਸ ਵਿੱਚ ਸੰਜੀਵ ਅਰੋੜਾ ਸਣੇ 10 ਰਾਜ ਸਭਾ ਮੈਂਬਰ ਸ਼ਾਮਲ ਕੀਤੇ ਗਏ ਹਨ। ਕਮੇਟੀ ਵਿੱਚ ਮੈਂਬਰ ਬਣਨ ਤੋਂ ਬਾਅਦ ਸੰਜੀਵ ਅਰੋੜਾ ਨੇ ਕਿਹਾ ਕਿ ਜਿੱਥੋਂ ਤੱਕ ਸਿਹਤ ਖੇਤਰ ਦਾ ਸਬੰਧ ਹੈ, ਦੇਸ਼ ਨੂੰ ਫੌਰੀ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਸਸਤੀਆਂ ਸਿਹਤ ਸੇਵਾਵਾਂ ਦੇਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਵਿੱਚ ਚਿੰਤਾਜਨਕ ਵਾਧਾ ਹੋ ਰਿਹਾ ਹੈ।