ਗੁਰਿੰਦਰ ਸਿੰਘ
ਲੁਧਿਆਣਾ, 26 ਨਵੰਬਰ
ਟਰੇਡ ਯੂਨੀਅਨਾਂ ਇੰਟਕ, ਏਟਕ, ਸੀਟੂ ਅਤੇ ਸੀਟੀਯੂ ਪੰਜਾਬ ਵਲੋਂ ਕੇਦਰੀ ਟ੍ਰੇਡ ਯੂਨੀਅਨਾਂ ਦੇ ਸੱਦੇ ’ਤੇ ਅੱਜ ਮੋਦੀ ਸਰਕਾਰ ਦੀਆਂ ਮਜ਼ਦੂਰ, ਮੁਲਾਜ਼ਮ, ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਅਤੇ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਹੜਤਾਲ ਕਰਕੇ ਭਾਰਤ ਨਗਰ ਚੌਕ ਵਿੱੱਚ ਰੈਲੀ ਤੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਰੈਲੀ ਦੀ ਪ੍ਰਧਾਨਗੀ ਕਰਦਿਆਂ ਕਾ: ਸਵਰਨ ਸਿੰਘ, ਰਮੇਸ਼ ਰਤਨ, ਸੁਖਮਿੰਦਰ ਸਿੰਘ ਲੋਟੇ ਅਤੇ ਪ੍ਰਮਜੀਤ ਸਿੰਘ ਨੇ ਕਿਹਾ ਕਿ ਯੂਪੀ ,ਮੱਧ ਪ੍ਰਦੇਸ਼ ਅਤੇ ਗੁਜਰਾਤ ਦੀਆਂ ਭਾਜਪਾ ਸਰਕਾਰਾਂ ਵੱਲੋਂ ਮਜ਼ਦੂਰਾਂ ਲਈ ਬਣੇ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਮਸਲੇ ਹੱਲ ਕਰਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨਗੀਆਂ।
ਖੰਨਾ (ਜੋਗਿੰਦਰ ਸਿੰਘ ਓਬਰਾਏ):ਇਥੇ ਅੱਜ ਟੈਕਨੀਕਲ ਸਰਵਿਸ ਯੂਨੀਅਨ, ਐੱਲਆਈਸੀ ਨਾਰਦਰ ਜ਼ੋਨ ਐਂਪਲਾਈਜ਼ ਐਸੋਸੀਏਸ਼ਨ, ਜਲ ਸਪਲਾਈ ਤੇ ਸੈਨੀਟੇਸ਼ਨ, ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ, ਡੈਮੋਕ੍ਰੇਟਿਕ ਟੀਚਰਜ਼ ਫਰੰਟ, ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੋਸਟਲ ਐਂਪਲਾਈਜ਼ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਆਪਣੇ ਅਦਾਰਿਆਂ ਅੰਦਰ ਹੜਤਾਲ ਕਰਕੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਸ਼ਹਿਰ ਵਿਚ ਰੋਸ ਮਾਰਚ ਕਰਦੇ ਹੋਏ ਮੁੱਖ ਡਾਕਘਰ ਅੱਗੇ ਇੱਕਠ ਕਰਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਵੱਖ ਵੱਖ ਬੁਲਾਰਿਆਂ ਜਗਦੇਵ ਸਿੰਘ, ਕਰਤਾਰ ਚੰਦ, ਮਲਕੀਤ ਸਿੰਘ, ਹਨੂੰਮਾਨ ਪ੍ਰਸ਼ਾਦ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ ਅਤੇ ਦਲਵੀਰ ਸਿੰਘ ਨੇ ਮੰਗ ਕੀਤੀ ਕਿ ਨਿੱਜੀਕਰਨ, ਸੰਸਾਰੀਕਰਨ ਤੇ ਉਦਾਰੀਕਰਨ ਦੀ ਨੀਤੀ ਤਹਿਤ ਵੱਖ ਵੱਖ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਦੀ ਨੀਤੀ ਬੰਦ ਕੀਤੀ ਜਾਵੇ ਤੇ ਹੋਰ ਮੰਗਾਂ ਦਾ ਜ਼ਿਕਰ ਕੀਤਾ।
ਮਾਲਵਾ ਬੌਂਦਲੀ ਕਾਲਜ ਵਿੱਚ ਦੋ ਘੰਟੇ ਦੀ ਹੜਤਾਲ
ਸਮਰਾਲਾ (ਡੀਪੀਐੱਸ ਬੱਤਰਾ): ਪੀ ਫੈਕਟੋ ਦੇ ਸੱਦੇ ’ਤੇ ਮਾਲਵਾ ਕਾਲਜ ਬੌਂਦਲੀ-ਸਮਰਾਲਾ ਦੀ ਪੀਸੀਸੀਟੀਯੂ ਲੋਕਲ ਯੂਨਿਟ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੇ ਹੋਏ, ਅੱਜ ਪੰਜਾਬ ਦੇ ਸਾਰੇ ਕਾਲਜਾਂ ਵਿੱਚ ਦੋ ਘੰਟੇ ਸ਼ਾਂਤਮਈ ਧਰਨੇ ਤੇ ਹੜਤਾਲ ਕੀਤੀ ਗਈ। ਇਸ ਵਿੱਚ ਉਨ੍ਹਾਂ ਕਾਰਪੋਰੇਟ ਘਰਾਣਿਆਂ ਦੀ ਲੁੱਟ, ਉਨ੍ਹਾਂ ਦੀ ਆਮਦਨ ਵਿੱਚ ਬੇ-ਲੋੜਾ ਵਾਧਾ ਅਤੇ ਸਰਕਾਰ ਵੱਲੋਂ ਨਿਰਧਾਰਿਤ ਕੀਤੀ ਗਈ ਨੀਤੀ, (3 ਖੇਤੀ ਬਿੱਲ) ਬਿਜਲੀ ਕਾਨੂੰਨ ਸੋਧ ਬਿੱਲ 2020, ਨਵੇਂ ਕਿਰਤ ਕਾਨੂੰਨ ਅਤੇ ਨਿੱਜੀਕਰਨ ਨੀਤੀ ਨੂੰ ਰੱਦ ਕਰਨ ਹਿੱਤ ਸਮਰਥਨ ਕੀਤਾ ਹੈ। ਕਾਲਜ ਅਧਿਆਪਕ ਯੂਨੀਅਨ ਦੇ ਪ੍ਰਧਾਨ ਅਤੇ ਸਕੱਤਰ ਕ੍ਰਮਵਾਰ ਡਾ. ਹਰਿੰਦਰਜੀਤ ਸਿੰਘ ਕਲੇਰ ਅਤੇ ਪ੍ਰੋ. ਜਗਦੀਪ ਸਿੰਘ ਨੇ ਭਾਰਤ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ, ਬਿਜਲੀ ਸੋਧ ਬਿੱਲ, ਨਿੱਜੀਕਰਨ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਇਹ ਮੰਗ ਕੀਤੀ ਕਿ ਕਿਸਾਨ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਡਾ. ਕੁਲਵਿੰਦਰ ਕੌਰ, ਡਾ. ਹਰੀਸ਼ ਕੁਮਾਰ ਨੇ ਵੀ ਸੰਬੋਧਨ ਕੀਤਾ।