ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 21 ਸਤੰਬਰ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਿਜਲੀ ਵੰਡ ਖੇਤਰ ਦੇ ਨਿੱਜੀਕਰਨ ਅਤੇ ਸੂਬਾ ਸਰਕਾਰ ਵੱਲੋਂ ਸਮਾਰਟ ਮੀਟਰ ਲਾਉਣ ਵਿਰੁੱਧ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਮੰਡਲ ਦਫ਼ਤਰ ਲਲਤੋਂ ਕਲਾਂ ਦੇ ਬਾਹਰ ਰੋਸ ਰੈਲੀ ਕੀਤੀ ਗਈ। ਇਸ ਮੌਕੇ ਪ੍ਰਧਾਨ ਜ਼ਮੀਰ ਹੁਸੈਨ, ਗੋਪਾਲ ਦਾਸ, ਛਿੰਦਰਪਾਲ ਸਿੰਘ, ਚਮਕੌਰ ਸਿੰਘ ਅਤੇ ਜਗਤਾਰ ਸਿੰਘ ਨੇ ਸੰਬੋਧਨ ਕਰਦਿਆਂ ਨੌਕਰੀ ਤੋਂ ਬਰਖ਼ਾਸਤ ਕੀਤੇ ਮੁਲਾਜ਼ਮ ਆਗੂਆਂ ਨੂੰ ਬਹਾਲ ਕਰਨ ਦੀ ਵੀ ਮੰਗ ਕੀਤੀ।
ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਵਿਰੁੱਧ ਮੁਲਾਜ਼ਮਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਤਿੱਖੇ ਵਿਰੋਧ ਕਾਰਨ ਬਿਜਲੀ ਸੋਧ ਬਿੱਲ ਲੋਕ ਸਭਾ ਵਿੱਚ ਪੇਸ਼ ਨਹੀਂ ਕੀਤਾ ਪਰ ਸੂਬਿਆਂ ਦੇ ਅਧਿਕਾਰਾਂ ਨੂੰ ਛਿੱਕੇ ਟੰਗ ਕਿ ਹੁਣ ਕੇਂਦਰੀ ਬਿਜਲੀ ਮੰਤਰਾਲੇ ਵੱਲੋਂ ਵੰਡ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਲਈ ਕੇਂਦਰੀ ਬਿਜਲੀ ਵੰਡ ਨਿਯਮਾਂ ਵਿੱਚ ਸੋਧ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਵੀ ਇਸੇ ਨੀਤੀ ਨੂੰ ਅੱਗੇ ਵਧਾਉਣ ਤੇਕਾਰਪੋਰੇਟ ਘਰਾਣਿਆਂ ਨੂੰ ਵੱਡੇ ਮੁਨਾਫ਼ੇ ਲੁਟਾਉਣ ਲਈ ਸਮਾਰਟ ਮੀਟਰ ਲਾਉਣ ਲਈ ਜ਼ਿੱਦ ਕਰ ਰਹੀ ਹੈ।
ਪਾਵਰਕੌਮ ਠੇਕਾ ਮੁਲਾਜ਼ਮਾਂ ਨੇ ਮੰਗ ਪੱਤਰ ਸੌਂਪਿਆ
ਖੰਨਾ (ਜੋਗਿੰਦਰ ਸਿੰਘ ਓਬਰਾਏ): ਇੱਥੇ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਸੁਖਪ੍ਰੀਤ ਸਿੰਘ ਤੇ ਜਾਮੀਲ ਮੁਹੰਮਦ ਦੀ ਅਗਵਾਈ ਹੇਠ ਸਰਕਲ ਦਫ਼ਤਰ ਅੱਗੇ ਰੈਲੀ ਕੀਤੀ। ਮੁਲਾਜ਼ਮਾਂ ਨੇ ਨਿਗਰਾਨ ਇੰਜਨੀਅਰ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਠੇਕਾ ਕਾਮਿਆਂ ਨੂੰ ਪੱਕੇ ਕਰ ਕੇ ਮਹਿਕਮੇ ਦਾ 39 ਪ੍ਰਤੀਸ਼ਤ ਰੈਵਨਿਊ ਕੰਪਨੀਆਂ ਤੇ ਠੇਕੇਦਾਰਾਂ ਤੋਂ ਬਚਾਇਆ ਜਾਵੇ, ਕੰਮ ਤੋਂ ਕੱਢੇ ਠੇਕਾ ਕਾਮਿਆਂ ਨੂੰ ਮੁੜ ਬਹਾਲ ਕੀਤਾ ਜਾਵੇ, ਹਾਦਸੇ ਦਾ ਸ਼ਿਕਾਰ ਕਾਮਿਆਂ ਨੂੰ ਯੋਗ ਮੁਆਵਜ਼ਾ ਜਾਰੀ ਕੀਤਾ ਜਾਵੇ, ਘੱਟੋਂ ਘੱਟ ਗੁਜ਼ਾਰੇ ਯੋਗ ਤਨਖਾਹ ਦਿੱਤੀ ਜਾਵੇ ਤੇ ਬੋਨਸ ਜਾਰੀ ਕੀਤਾ ਜਾਵੇ ਆਦਿ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਨੇ ਠੇਕਾ ਕਾਮਿਆਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਸੰਘਰਸ਼ ਤੇਜ਼ ਕਰਦਿਆਂ 27 ਸਤੰਬਰ ਨੂੰ ਖਰੜ ਵਿੱਚ ਸੂਬਾ ਪੱਧਰੀ ਰੈਲੀ ਵਿੱਚ ਹਿੱਸਾ ਲੈਣਗੇ।