ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 18 ਜੁਲਾਈ
ਸਵੱਛ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀਆਂ ਵਸਤਾਂ ਉੱਪਰ ਪੂਰਨ ਤੌਰ ’ਤੇ ਪਾਬੰਦੀ ਲਾਉਣ ਬਾਅਦ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ। ਨਗਰ ਕੌਂਸਲ ਰਾਏਕੋਟ ਦੇ ਕਾਰਜਸਾਧਕ ਅਫ਼ਸਰ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਨਗਰ ਕੌਂਸਲ ਰਾਏਕੋਟ ਅਤੇ ਲਾਇਨਜ਼ ਕਲੱਬ ਵੱਲੋਂ ਸਾਂਝੇ ਤੌਰ ’ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਰੈਲੀ ਨੂੰ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਜੋਸ਼ੀ ਨੇ ਹਰੀ ਝੰਡੀ ਦਿਖਾਈ। ਸ਼ਹਿਰ ਦੇ ਮੁੱਖ ਬਜ਼ਾਰਾਂ ਵਿਚ ਹੁੰਦੀ ਹੋਈ ਰੈਲੀ ਨੇ ਸ਼ਹਿਰ ਵਾਸੀਆਂ ਅਤੇ ਖ਼ਾਸਕਰ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫ਼ੇ, ਇਕਹਿਰੀ ਵਰਤੋਂ ਵਾਲੀਆਂ ਪਲਾਸਟਿਕ ਅਤੇ ਥਰਮੋਕੋਲ ਦੀਆਂ ਵਸਤੂਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਦਾਸ ਮਾਨ, ਰਜਿੰਦਰ ਸਿੰਘ, ਕਮਲ ਵਰਮਾ ਸਮੇਤ ਹੋਰ ਕੌਂਸਲਰ, ਸੁਪਰਡੈਂਟ ਹਰਪ੍ਰੀਤ ਸਿੰਘ, ਵਾਤਾਵਰਨ ਪ੍ਰੇਮੀ ਸ਼ੀਤਲ ਪ੍ਰਕਾਸ਼, ਸਵੱਛ ਭਾਰਤ ਟੀਮ ਦੀ ਸੀਐੱਫ ਸੀਮਾ, ਮੋਟੀਵੇਟਰ ਰਣਜੀਤ ਸਿੰਘ ਹਾਜ਼ਰ ਸਨ।