ਪੱਤਰ ਪ੍ਰੇਰਕ
ਦੋਰਾਹਾ, 22 ਸਤੰਬਰ
ਬਿਜਲੀ ਬੋਰਡ ਨਾਲ ਸਬੰਧਤ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਮੈਂਬਰਾਂ ਨੇ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠਾਂ ਸਬ ਡਿਵੀਜ਼ਨ ਦੋਰਾਹਾ ਦੇ ਗੇਟ ਅੱਗੇ ਰੋਸ ਰੈਲੀ ਕੀਤੀ। ਇਸ ਮੌਕੇ ਬਲਵੀਰ ਸਿੰਘ, ਜਗਦੀਸ਼ ਸਿੰਘ, ਪ੍ਰੇਮ ਸਿੰਘ, ਜ਼ੋਰਾ ਸਿੰਘ, ਕਮਿੱਕਰ ਸਿੰਘ, ਅਵਤਾਰ ਸਿੰਘ, ਧਰਮਪਾਲ ਸਿੰਘ ਤੇ ਬੁੱਧ ਸਿੰਘ ਨੇ ਕਿਹਾ ਕਿ ਨਵੀਂ ਸਰਕਾਰ ਨੇ ਵੀ ਪਹਿਲੀਆਂ ਲੋਕ ਵਿਰੋਧੀ ਸਰਕਾਰਾਂ ਵਾਂਗ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਉੱਪਰ ਨਿੱਜੀਕਰਨ ਦਾ ਹਮਲਾ ਤੇਜ਼ ਕੀਤਾ ਹੈ। ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ, ਪੈਨਸ਼ਨਰਾਂ, ਸਰਕਾਰੀ ਦਫ਼ਤਰਾਂ ਅਤੇ ਕੁਆਰਟਰਾਂ ਵਿੱਚ ਪ੍ਰੀ-ਪੇਡ, ਪੋਸਟ ਪੇਡ ਸਮਾਰਟ ਬਿਜਲੀ ਦੇ ਮੀਟਰ ਲਾਉਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਵੱਲੋਂ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਕੱਚੇ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ, ਮੁਲਾਜ਼ਮਾਂ ਦੇ ਖੋਹੇ ਭੱਤੇ ਬਹਾਲ ਨਹੀਂ ਹੋ ਰਹੇ, ਬਿਜਲੀ ਮੰਤਰੀ ਵੱਲੋਂ ਡਿਸਮਿਸ ਆਗੂ ਬਹਾਲ ਕਰਨ ਤੇ ਹੋਰ ਵਿਕਟੇਮਾਈਜੇਸ਼ਨਾਂ ਹੱਲ ਕਰਨ ਦਾ ਭਰੋਸਾ ਦੇਣ ਉਪਰੰਤ ਵੀ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਮੈਨੇਜਮੈਂਟ ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਤੇ ਪੈਨਸ਼ਨਰ ਵਿਰੋਧੀ ਫ਼ੈਸਲਿਆਂ ਨੂੰ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।