ਗੁਰਿੰਦਰ ਸਿੰਘ
ਲੁਧਿਆਣਾ, 16 ਜੁਲਾਈ
ਵੱਖ ਵੱਖ ਜਨਤਕ ਜਥੇਬੰਦੀਆਂ ਵੱਲੋਂ ਅੱਜ ਦਾਣਾ ਮੰਡੀ ਜੋਧਾਂ ਵਿੱਚ ਰੈਲੀ ਕਰਕੇ ਇਲਾਕੇ ਵਿੱਚ ਦਿਨੋਂ ਦਿਨ ਵੱਧ ਰਹੀਆਂ ਡਕੈਤੀਆਂ, ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕੀਤੀ ਗਈ। ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ, ਮਨਰੇਗਾ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਚੜੂਨੀ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਕੋਮਾਗਾਟਾਮਾਰੂ ਯਾਦਗਾਰ ਕਮੇਟੀ, ਏਆਈਕੇਐਫ਼ ਕਿਸਾਨ ਯੂਨੀਅਨ, ਅੰਤਰਰਾਸ਼ਟਰੀ ਇਨਕਲਾਬੀ ਮੰਚ, ਪੰਜਾਬ ਕਿਸਾਨ ਯੂਨੀਅਨ ਅਤੇ ਜਬਰ ਵਿਰੋਧੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਕੀਤੀ ਰੈਲੀ ਵਿੱਚ ਮਜ਼ਦੂਰਾਂ, ਕਿਸਾਨਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੌਕੇ ਸਾਬਕਾ ਵਿਧਾਇਕ ਕਾਮਰੇਡ ਤਰਸੇਮ ਜੋਧਾਂ, ਮਾਸਟਰ ਜਸਦੇਵ ਸਿੰਘ ਲਲਤੋਂ, ਛਿੰਦਰ ਸਿੰਘ ਜਵੱਦੀ, ਪ੍ਰਕਾਸ਼ ਸਿੰਘ ਹਿੱਸੋਵਾਲ, ਚਰਨਜੀਤ ਸਿੰਘ ਹਮਾਉਂਪੁਰ, ਉਜਾਗਰ ਸਿੰਘ ਬੱਦੋਵਾਲ, ਗੁਰਮੇਲ ਸਿੰਘ ਕੁਲਾਰ, ਜਗਤਾਰ ਸਿੰਘ ਸਹਾਰਨਮਾਜਰਾ, ਗੁਰਦਿਆਲ ਸਿੰਘ ਤਲਵੰਡੀ ਅਤੇ ਹਰਦੇਵ ਸਿੰਘ ਸੁਨੇਤ ਨੇ ਸੰਬੋਧਨ ਕੀਤਾ। ਰੈਲੀ ਉਪਰੰਤ ਪੁਲੀਸ ਥਾਣਾ ਜੋਧਾਂ ਤੱਕ ਰੋਸ ਮਾਰਚ ਕੀਤਾ ਗਿਆ। ਇੱਥੇ ਡੀਐੱਸਪੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਦੱਸਿਆ ਕਿ ਜੇ ਪੁਲੀਸ ਵੱਲੋਂ ਮਹੀਨੇ ਦੇ ਅੰਦਰ ਅੰਦਰ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਤੇਜ਼ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ 18 ਮੈਂਬਰੀ ਡਕੈਤੀਆਂ ਚੋਰੀਆਂ ਵਿਰੋਧੀ ਐਕਸ਼ਨ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ ਜਿਸ ਦੀ ਪਲੇਠੀ ਮੀਟਿੰਗ 26 ਜੁਲਾਈ ਨੂੰ ਜੋਧਾਂ ਵਿੱਚ ਹੋਵੇਗੀ।