ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਭੜਕਾਊ ਪ੍ਰਚਾਰ ਤੋਂ ਸੁਚੇਤ ਰਹਿਣ ਬਾਰੇ ਰੈਲੀ
ਇਥੇ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਮੈਬਰਾਂ ਦੀ ਇੱਕਤਰਤਾ ਗੁਰਸੇਵਕ ਸਿੰਘ ਮੋਹੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਭ ਤੋਂ ਪਹਿਲਾਂ ਹੁਸ਼ਿਆਰਪੁਰ ਵਿਚ ਪਰਵਾਸੀ ਮਜ਼ਦੂਰ ਵੱਲੋਂ ਇਕ ਬੱਚੇ ਨਾਲ ਕੀਤੀ ਦਰਿੰਦਗੀ ਪੂਰਨ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਦੋਸ਼ੀ ਨੂੰ ਸਖਤ ਸਜ਼ਾ ਦੇਣ ਦੀ ਮੰਗ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਥੇਬੰਦੀਆਂ ਨੇ ਰੈਲੀ ਕੱਢਦਿਆਂ ਸਮੁੱਚੇ ਰੈਗੂਲਰ ਮੁਲਾਜ਼ਮਾਂ, ਠੇਕਾ ਕਾਮਿਆਂ ਅਤੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਬਿਨ੍ਹਾਂ ਸ਼ੱਕ ਉਸ ਵਿਅਕਤੀ ਵੱਲੋਂ ਕੀਤਾ ਗੁਨਾਹ ਨਾ ਬਖਸ਼ਣਯੋਗ ਹੈ ਪਰ ਇਕ ਵਿਅਕਤੀ ਦੇ ਅਜਿਹੇ ਗੁਨਾਹ ਨੂੰ ਸਮੁੱਚੇ ਭਾਈਚਾਰੇ ਨਾਲ ਜੋੜ ਕੇ ਲੋਕਾਂ ਦੀ ਨਫਰਤ ਦਾ ਨਿਸ਼ਾਨਾ ਬਣਾਉਣ ਵਾਲਾ ਭੜਕਾਊ ਪ੍ਰਚਾਰ ਚਲਾਉਣਾ ਵਾਜਬ ਨਹੀਂ ਹੈ। ਸਮੁੱਚੇ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਕੁੱਝ ਲੋਕਾਂ ਵੱਲੋਂ ਚਲਾਈ ਜਾ ਰਹੀ ਭੜਕਾਊ ਤੇ ਨਫਰਤੀ ਮੁਹਿੰਮ ਤੋਂ ਬਚਣਾ ਅਤੇ ਇਸਨੂੰ ਧੜੱਲੇ ਨਾਲ ਰੱਦ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਮਾਜ ਵਿੱਚ ਔਰਤਾਂ, ਲੜਕੀਆਂ ਅਤੇ ਬੱਚਿਆਂ ਨਾਲ ਵਾਪਰ ਰਹੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਬਹੁਤ ਹੀ ਚਿੰਤਾਜਨਕ ਹਨ। ਲੋਕਾਂ ਦੀ ਸੁਰੱਖਿਆ ਕਰਨ ਦੇ ਹੋਕਰੇ ਮਾਰਨ ਵਾਲੀਆਂ ਸਰਕਾਰਾਂ ਅਤੇ ਪੁਲਿਸ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ’ਚ ਨਾਕਾਮ ਰਹੀਆਂ ਹਨ। ਪੰਜਾਬ ਅੰਦਰ ਵੱਧ ਰਹੀ ਬੇਰੁਜ਼ਗਾਰੀ, ਨਸ਼ਾ ਅਤੇ ਹੋਰ ਅਲਾਮਤਾਂ ਦਾ ਕਾਰਨ ਪ੍ਰਵਾਸੀ ਮਜ਼ਦੂਰਾਂ ਨੂੰ ਦੱਸ ਕੇ ਲੋਕਾਂ ਦਾ ਧਿਆਨ ਅਸਲ ਦੁਸ਼ਮਣਾਂ ਤੋਂ ਤਿਲਕਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪ੍ਰਵਾਸੀ ਮਜ਼ਦੂਰ ਪੰਜਾਬ ਦੀ ਖੇਤੀ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਕਿੱਤਿਆਂ ਵਿੱਚ ਅਹਿਮ ਕਾਮਾ ਸ਼ਕਤੀ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਧ ਰਹੀ ਬੇਰੁਜ਼ਗਾਰੀ, ਨਸ਼ਾ ਅਤੇ ਹੋਰ ਅਲਾਮਤਾਂ ਬਾਰੇ ਕੁਝ ਵਿਰੋਧੀ ਤਾਕਤਾਂ ਵੱਲੋਂ ਇਨ੍ਹਾਂ ਸਮੱਸਿਆਵਾਂ ਦਾ ਕਾਰਨ ਪ੍ਰਵਾਸੀ ਮਜ਼ਦੂਰਾਂ ਨੂੰ ਦੱਸ ਕੇ ਲੋਕਾਂ ਦਾ ਧਿਆਨ ਅਸਲ ਮੁੱਦੇ ਤੋਂ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਵਰਿਆਮ ਸਿੰਘ, ਮੋਹਨ ਸਿੰਘ, ਗੁਰਮੀਤ ਸਿੰਘ, ਜਗਦੇਵ ਸਿੰਘ, ਕਰਤਾਰ ਚੰਦ, ਹੁਸਨ ਲਾਲ, ਜਾਮੀਲ ਮੁਹੰਮਦ, ਬਿਧੀ ਚੰਦ, ਜਸਵਿੰਦਰ ਸਿੰਘ, ਲਖਵੀਰ ਸਿੰਘ, ਦਰਬਾਰਾ ਸਿੰਘ, ਮੇਵਾ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਜਗਦੇਵ ਸਿੰਘ ਹਾਜ਼ਰ ਸਨ।