ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਜੁਲਾਈ
ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲੀਸ ਨੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਇੱਕ ਕਾਰੋਬਾਰੀ ਨੂੰ ਫੋਨ ਕਰਕੇ ਪੰਜ ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਗਰ ਨਗਰ ਵਾਸੀ ਅਸ਼ਵਨੀ ਵਧਾਵਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਸਟੇਸ਼ਨਰੀ ਦੀ ਦੁਕਾਨ ਹੈ। ਉਸ ਦੇ ਵ੍ਹੱਟਸਐਪ ਨੰਬਰ ’ਤੇ ਛਿੰਦਾ ਨਾਮ ਦੇ ਵਿਅਕਤੀ ਨੇ ਵ੍ਹੱਟਸਐਪ ਕਾਲ ਕੀਤੀ ਅਤੇ ਖ਼ੁਦ ਨੂੰ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸਦਿਆਂ ਉਸ ਕੋਲੋਂ ਪੰਜ ਲੱਖ ਰੁਪਏ ਦੀ ਫਿਰੌਤੀ ਮੰਗੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕਾਲ ਕਰਨ ਵਾਲੇ ਵਿਅਕਤੀ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੂੰ ਪੰਜ ਲੱਖ ਰੁਪਏ ਨਾ ਭੇਜੇ ਗਏ ਤਾਂ ਉਹ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੇ। ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।