ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਜਨਵਰੀ
ਜੰਤਰ ਮੰਤਰ ’ਤੇ ਧਰਨੇ ’ਤੇ ਬੈਠੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦੀਪ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। 26 ਜਨਵਰੀ ਨੂੰ ਦਿੱਲੀ ਦੇ ਘਟਨਾਕ੍ਰਮ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਦੋਸ਼ ਲਾਏ ਕਿ ਦੀਪ ਸਿੱਧੂ ਆਰਐਸਐਸ ਦਾ ਬੰਦਾ ਹੈ ਤੇ ਉਸ ਨੇ ਆਰਐਸਐਸ ਤੇ ਭਾਜਪਾ ਦੇ ਕਹਿਣ ’ਤੇ ਹੀ ਸਾਰਾ ਕੁੱਝ ਕੀਤਾ ਹੈ ਜਿਸ ਨਾਲ ਸਿਖਰ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵੱਡੀ ਢਾਹ ਲੱਗੀ ਹੈ। ਬਿੱਟੂ ਨੇ ਕਿਹਾ ਕਿ ਉਸ ਨੇ ਇੱਕ ਮਹੀਨੇ ਪਹਿਲਾਂ ਹੀ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਸੀ ਕਿ ਇਸ ਬੰਦੇ ਨੂੰ ਕਿਸਾਨੀ ਸੰਘਰਸ਼ ਤੋਂ ਦੂਰ ਰੱਖੋ। ਬਿੱਟੂ ਨੇ ਅੱਜ ਫੇਸਬੁੱਕ ’ਤੇ ਪਾਈ ਪੋਸਟ ਵਿੱਚ ਸਾਫ਼ ਕੀਤਾ ਕਿ ਸੁਚੇਤ ਕਰਨ ਦੇ ਬਾਵਜੂਦ ਨਾ ਤਾਂ ਸਰਕਾਰੀ ਏਜੰਸੀਆਂ ਤੇ ਨਾ ਹੀ ਕਿਸਾਨ ਜਥੇਬੰਦੀਆਂ ਨੇ ਉਸ ਖ਼ਿਲਾਫ਼ ਕੋਈ ਕਾਰਵਾਈ ਕੀਤੀ।