Ravneet Singh Bittu: ਵਾਲਮੀਕਿ ਭਾਈਚਾਰੇ ਨੇ ਬਿੱਟੂ ਦਾ ਪੁਤਲਾ ਫੂਕਿਆ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਵਿਵਾਦਤ ਬਿਆਨ ਕਾਰਨ ਵਾਲਮੀਕਿ ਸਮਾਜ ਦਾ ਗੁੱਸਾ ਭੜਕ ਗਿਆ ਹੈ। ਅੱਜ ਵਾਲਮੀਕਿ ਭਾਈਚਾਰੇ ਨਾਲ ਸਬੰਧਤ ਜਥੇਬੰਦੀਆਂ ਨੇ ਸ਼ਹਿਰ ਦੇ ਘੰਟਾ ਘਰ ਚੌਕ ਵਿੱਚ ਮੰਤਰੀ ਵਿਰੁੱਧ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ...
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਵਿਵਾਦਤ ਬਿਆਨ ਕਾਰਨ ਵਾਲਮੀਕਿ ਸਮਾਜ ਦਾ ਗੁੱਸਾ ਭੜਕ ਗਿਆ ਹੈ। ਅੱਜ ਵਾਲਮੀਕਿ ਭਾਈਚਾਰੇ ਨਾਲ ਸਬੰਧਤ ਜਥੇਬੰਦੀਆਂ ਨੇ ਸ਼ਹਿਰ ਦੇ ਘੰਟਾ ਘਰ ਚੌਕ ਵਿੱਚ ਮੰਤਰੀ ਵਿਰੁੱਧ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦਾ ਪੁਤਲਾ ਸਾੜਿਆ। ਇਸ ਕਾਰਨ ਚੌਕ ਵਿੱਚ ਕਾਫ਼ੀ ਸਮੇਂ ਤੱਕ ਟਰੈਫਿਕ ਜਾਮ ਰਿਹਾ। ਇੱਥੇ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕੀਤੀ ਗਈ।
ਪ੍ਰਦਰਸ਼ਨਕਾਰੀ ਆਗੂਆਂ ਨੇ ਕਿਹਾ ਕਿ ਦੋ-ਤਿੰਨ ਦਿਨ ਪਹਿਲਾਂ ਮੰਤਰੀ ਸ੍ਰੀ ਬਿੱਟੂ ਨੇ ਮੀਡੀਆ ਸਾਹਮਣੇ ਉਨ੍ਹਾਂ ਦੇ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਇਸ ਕਾਰਨ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕੇਂਦਰੀ ਮੰਤਰੀ ਵਰਗੇ ਜ਼ਿੰਮੇਵਾਰ ਅਤੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਤੋਂ ਅਜਿਹੀ ਭਾਸ਼ਾ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਵਾਲਮੀਕਿ ਭਾਈਚਾਰੇ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੁਰੰਤ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਮਹਾਰਾਜ ਦੇ ਮੁੱਖ ਤੀਰਥ ਸਥਾਨ ‘ਰਾਮਤੀਰਥ’ ਵਿੱਚ ਨਤਮਸਤਕ ਹੋਣ ਅਤੇ ਉੱਥੇ ਪਹੁੰਚ ਕੇ ਪੂਰੇ ਸਮਾਜ ਤੋਂ ਲਿਖਤੀ ਅਤੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ। ਜਥੇਬੰਦੀਆਂ ਨੇ ਅਲਟੀਮੇਟਮ ਦਿੱਤਾ ਹੈ ਕਿ ਜੇ ਮੰਤਰੀ ਨੇ ਜਲਦ ਹੀ ਜਨਤਕ ਰੂਪ ਵਿੱਚ ਆਪਣੀ ਭੁੱਲ ਸਵੀਕਾਰ ਨਾ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰਵਾਇਆ ਜਾਵੇਗਾ।

