ਗੁਰਦੁਆਰੇ ਨੂੰ ਜਾਂਦੀ ਸੜਕ ਦੀ ਮੁਰੰਮਤ ਸ਼ੁਰੂ
ਗੁਰਦੁਆਰਾ ਚਰਨ ਕੰਵਲ ਸਾਹਿਬ ਰੋਡ ਦੀ ਮੁਰੰਮਤ ਦਾ ਕੰਮ ਅੱਜ ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਗਿੱਲ ਦੀ ਮੌਜੂਦਗੀ ਵਿਚ ਸ਼ੁਰੂ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਗੁਰਦੁਆਰਾ ਸਾਹਿਬ ਨੂੰ ਚਰਨ ਕੰਵਲ ਚੌਕ ਤੋਂ ਜਾਂਦੀ ਸੜਕ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਸੀ, ਜਿਸ ਕਾਰਨ ਦੇਸ਼ ਵਿਦੇਸ਼ ਤੋਂ ਦੀ ਸੰਗਤ ਸਮੇਤ ਰੋਜ਼ਾਨਾ ਗੁਰੂ ਘਰ ਜਾਣ ਵਾਲੇ ਸ਼ਰਧਾਲੂਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਉਚੇਚੇ ਯਤਨਾਂ ਸਦਕਾ ਇਸ ਸੜਕ ਦੀ ਮੁਰੰਮਤ ਦਾ ਇਹ ਕੰਮ ਅੱਜ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਅਨੁਸਾਰ ਅਗਲੇ ਮਹੀਨੇ ਹੋਣ ਵਾਲੇ ਜੋੜ ਮੇਲ ਦੇ ਮੱਦੇਨਜ਼ਰ ਇਸ ਸੜਕ ਦੀ ਮੁਰੰਮਤ ਦਾ ਕੰਮ ਅੱਜ ਸ਼ੁਰੂ ਕਰਵਾਇਆ ਗਿਆ, ਜਿਸ ਦੇ ਚੱਲਦਿਆਂ ਜਿਨ੍ਹਾਂ ਥਾਵਾਂ ਤੇ ਸੜਕ ਬਹੁਤ ਜਿਆਦਾ ਖਰਾਬ ਹੈ, ਉਥੇ ਉਸ ਦੀ ਮੁਰੰਮਤ ਦਾ ਕੰਮ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਲਈ ਟੈਂਡਰ ਪ੍ਰਕ੍ਰਿਆ ਜਾਰੀ ਹੈ ਅਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਯਤਨਾਂ ਸਦਕਾ ਜੋੜ ਮੇਲ ਤੋਂ ਬਾਅਦ ਇਸ ਸੜਕ ਦਾ ਨਿਰਮਾਣ ਸ਼ੁਰੂ ਕਰਵਾ ਦਿੱਤਾ ਜਾਵੇਗਾ।
