ਕੁਲਵਿੰਦਰ ਸਿੰਘ ਗਿੱਲ
ਕੁੱਪ ਕਲਾ, 2 ਅਗਸਤ
ਪਿੰਡ ਕੁੱਪ ਖੁਰਦ ਦੇ ਵਾਰਡ ਨੰਬਰ-1 ਦੇ ਵਸਨੀਕ ਸੜਕ ’ਤੇ ਗੰਦਾ ਪਾਣੀ ਖੜ੍ਹਨ ਕਾਰਨ ਪ੍ਰੇਸ਼ਾਨ ਹਨ, ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਾਰਡ ਵਾਸੀ ਹਰਜਿੰਦਰ ਸਿੰਘ ਨੇ ਕਿਹਾ ਕਿ ਗੰਦੇ ਪਾਣੀ ਦੀ ਸਮੱਸਿਆ ਤੋਂ ਸਥਾਨਕ ਲੋਕ ਦੁਖੀ ਹਨ ਤੇ ਸੜਕ ‘ਤੇ ਪਾਣੀ ਖੜ੍ਹਨ ਕਰਕੇ ਸੜਕ ਵੀ ਟੁੱਟ ਚੁੱਕੀ ਹੈ। ਉਨ੍ਹਾਂ ਕਿਹਾ ਕਿ ਟੁੱਟੀ ਸੜਕ ਤੋਂ ਲੰਘਣ ਵੇਲੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਕਾਰਨ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ।
ਇਸ ਦੌਰਾਨ ਵਾਰਡ ਵਾਸੀਆਂ ਨੇ ਇਕੱਠੇ ਹੋਕੇ ਪਾਣੀ ਦੀ ਨਿਕਾਸੀ ਦੇ ਪੱਕੇ ਹੱਲ ਅਤੇ ਨਵੀਂ ਸੜਕ ਬਣਾਉਣ ਦੀ ਮੰਗ ਕੀਤੀ। ਉਧਰ ਸਰਪੰਚ ਸੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਮਸਲਾ ਹਲਕਾ ਵਿਧਾਇਕ ਧੀਮਾਨ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ਮਗਰੋਂ ਉਨ੍ਹਾਂ ਸੜਕ ਬਣਾਉਣ ਤੇ ਪਾਣੀ ਦੀ ਨਿਕਾਸੀ ਲਈ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਕੀਤੀਆਂ ਸਨ, ਪਰ ਕੋਈ ਹੱਲ ਨਹੀਂ ਹੋਇਆ। ਇਸ ਮੌਕੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਾਣੀ ਦੀ ਨਿਕਾਸੀ ਲਈ ਗਰਾਂਟ ਜਾਰੀ ਕੀਤੀ ਜਾਵੇ। ਇਸ ਮੌਕੇ ਅਵਤਾਰ ਸਿੰਘ ਮੰਗੂ, ਹਰਵਿੰਦਰ ਸਿੰਘ ਨੋਨੀ, ਸੁਖਵਿੰਦਰ ਸਿੰਘ ਤੇ ਸੱਤਪਾਲ ਸਿੰਘ ਸਣੇ ਪੀੜਤ ਔਰਤਾਂ ਵੀ ਹਾਜ਼ਰ ਸਨ।